
ਪਿੰਡ ਵਾਸੀਆਂ ਨੂੰ ਲੋਕ ਭਲਾਈ ਸਕੀਮਾਂ ਦਾ ਲਾਭ ਦੇਣ ਲਈ ਵਿਸ਼ੇਸ਼ ਕੈਂਪ ਲਗਾਉਣ ਦੇ ਨਿਰਦੇਸ਼
ਫਤਹਿਗੜ੍ਹ ਚੂੜੀਆਂ, 24 ਸਤੰਬਰ (ਹਿੰ.ਸ.)| ਡਿਪਟੀ ਕਮਿਸ਼ਨਰ ਗੁਰਦਾਸਪੁਰ ਆਦਿਤਿਆ ਉੱਪਲ ਨੇ ਪਿੰਡ ਘਣੀਏ-ਕੇ-ਬਾਂਗਰ ਦਾ ਦੌਰਾ ਕਰਕੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਅਤੇ ਪਿੰਡ ਵਿੱਚ ਚੱਲ ਰਹੇ ਤੇ ਪ੍ਰਸਤਾਵਿਤ ਵਿਕਾਸ ਕਾਰਜਾਂ ਦੀ ਸਮੀਖਿਆ ਕੀਤੀ। ਉਨ੍ਹਾਂ ਅਧਿਕਾਰੀਆਂ ਨੂੰ ਵਿਕਾਸ ਕੰਮਾਂ ਨੂੰ ਜਲਦ ਮੁਕੰਮਲ ਕਰਨ ਦੀ ਹਦਾਇਤ ਕੀਤੀ।
ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਪਿੰਡ ਵਿੱਚ ਸੀਵਰੇਜ ਦੀ ਮੁਰੰਮਤ, ਕੱਚੇ ਘਰਾਂ ਲਈ ਵਿੱਤੀ ਸਹਾਇਤਾ, ਲੋਕਾਂ ਦੇ ਬੈਠਣ ਲਈ ਬੈਂਚ, ਸੋਲਰ ਸਟਰੀਟ ਲਾਈਟਾਂ, ਪਿੰਡ ਦੀ ਫਿਰਨੀ ਅਤੇ ਗਲੀਆਂ ਦੀ ਉਸਾਰੀ ਤੋਂ ਇਲਾਵਾ ਸਫ਼ਾਈ ਪ੍ਰਬੰਧਾਂ ਸਬੰਧੀ ਅਧਿਕਾਰੀਆਂ ਤੋਂ ਜਾਣਕਾਰੀ ਲਈ। ਉਨ੍ਹਾਂ ਸਬੰਧਤ ਵਿਭਾਗਾਂ ਨੂੰ ਇਨ੍ਹਾਂ ਕੰਮਾਂ ਨੂੰ ਤਰਜੀਹ ਦੇ ਆਧਾਰ ’ਤੇ ਨੇਪਰੇ ਚਾੜ੍ਹਨ ਦੇ ਨਿਰਦੇਸ਼ ਦਿੱਤੇ।
ਇਸ ਮੌਕੇ ਡਿਪਟੀ ਕਮਿਸ਼ਨਰ ਨੇ ਪਿੰਡ ਵਾਸੀਆਂ ਨੂੰ ਵੱਖ-ਵੱਖ ਲੋਕ ਭਲਾਈ ਸਕੀਮਾਂ ਦਾ ਲਾਭ ਮੁਹੱਈਆ ਕਰਵਾਉਣ ਲਈ ਵਿਸ਼ੇਸ਼ ਕੈਂਪ ਲਗਾਉਣ ਦੇ ਵੀ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਕੈਂਪਾਂ ਰਾਹੀਂ ਯੋਗ ਲਾਭਪਾਤਰੀਆਂ ਨੂੰ ਸਰਕਾਰੀ ਸਕੀਮਾਂ ਦਾ ਲਾਭ ਲੈਣ ਲਈ ਲੋੜੀਂਦੀ ਜਾਣਕਾਰੀ ਅਤੇ ਸਹਾਇਤਾ ਇੱਕੋ ਥਾਂ ’ਤੇ ਮੁਹੱਈਆ ਕਰਵਾਈ ਜਾਵੇ।
ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਲੋਕ ਭਲਾਈ ਸਕੀਮਾਂ ਬਾਰੇ ਸਰਪੰਚਾਂ, ਪੰਚਾਂ ਅਤੇ ਕੌਂਸਲਰਾਂ ਨੂੰ ਵੀ ਜਾਣੂ ਕਰਵਾਇਆ ਜਾਵੇ, ਤਾਂ ਜੋ ਪਿੰਡਾਂ ਅਤੇ ਸ਼ਹਿਰੀ ਖੇਤਰਾਂ ਵਿੱਚ ਲੋਕ ਹਿੱਤ ਨਾਲ ਸਬੰਧਤ ਵਿਕਾਸ ਕਾਰਜਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਅੱਗੇ ਵਧਾਇਆ ਜਾ ਸਕੇ।
ਮੀਟਿੰਗ ਮੌਕੇ ਜ਼ਿਲ੍ਹਾ ਪਲਾਨਿੰਗ ਕਮੇਟੀ ਗੁਰਦਾਸਪੁਰ ਦੇ ਚੇਅਰਮੈਨ ਅਤੇ ਹਲਕਾ ਇੰਚਾਰਜ ਫਤਹਿਗੜ੍ਹ ਚੂੜੀਆਂ ਜੋਬਨ ਰੰਧਾਵਾ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਗੁਰਪ੍ਰੀਤ ਸਿੰਘ ਗਿੱਲ, ਐੱਸ.ਡੀ.ਐੱਮ. ਸੁਖਜਿੰਦਰ ਸਿੰਘ ਟਿਵਾਣਾ, ਬੀ.ਡੀ.ਪੀ.ਓ. ਪਰਮਜੀਤ ਕੌਰ, ਸੀ.ਡੀ.ਪੀ.ਓ. ਹਰਜੀਤ ਕੌਰ, ਸਿੱਖਿਆ ਵਿੰਗ ਮਾਝਾ ਜ਼ੋਨ ਦੇ ਇੰਚਾਰਜ ਪ੍ਰਿੰਸੀਪਲ ਹਰਪਿੰਦਰਪਾਲ ਸਿੰਘ ਸੰਧੂ, ਸਰਪੰਚ ਸੁਖਰਾਜ ਸਿੰਘ, ਸਰਬਜੀਤ ਸਿੰਘ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਇਲਾਕੇ ਦੀਆਂ ਮੋਹਤਬਰ ਸ਼ਖ਼ਸੀਅਤਾਂ ਹਾਜ਼ਰ ਸਨ।
ਹਿੰਦੂਸਥਾਨ ਸਮਾਚਾਰ / GURSHARAN SINGH