
37 ਜਥੇਬੰਦੀਆਂ ਦੇ ਆਗੂਆਂ ਨਾਲ ਅਹੁਦਾ ਸੰਭਾਲਣ ਮਗਰੋਂ ਪਹਿਲੀ ਮੀਟਿੰਗ, ਤਰੱਕੀਆਂ ਸਮੇਤ ਲੰਬਿਤ ਮਾਮਲਿਆਂ ਦੇ ਨਿਪਟਾਰੇ ਦਾ ਭਰੋਸਾ
ਪਟਿਆਲਾ, 24 ਸਤੰਬਰ (ਹਿੰ.ਸ.)| ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀਐੱਸਪੀਸੀਐੱਲ) ਦੇ ਮੁੱਖ ਦਫ਼ਤਰ ਵਿਖੇ ਸੀਐਮਡੀ ਗੁਰਕੀਰਤ ਕਿਰਪਾਲ ਸਿੰਘ, ਆਈ.ਏ.ਐੱਸ. ਵੱਲੋਂ ਡਾਇਰੈਕਟਰਾਂ ਅਤੇ ਸੀਨੀਅਰ ਅਧਿਕਾਰੀਆਂ ਸਮੇਤ ਲਗਭਗ 37 ਮੁਲਾਜ਼ਮ ਜਥੇਬੰਦੀਆਂ ਦੇ ਆਗੂਆਂ ਨਾਲ ਮੀਟਿੰਗ ਕੀਤੀ ਗਈ। ਅਹੁਦਾ ਸੰਭਾਲਣ ਮਗਰੋਂ ਜਥੇਬੰਦੀਆਂ ਨਾਲ ਇਹ ਉਨ੍ਹਾਂ ਦੀ ਪਹਿਲੀ ਮੀਟਿੰਗ ਸੀ, ਜੋ ਸੁਹਿਰਦ ਅਤੇ ਸ਼ਾਂਤੀਪੂਰਨ ਮਾਹੌਲ ਵਿੱਚ ਹੋਈ।
ਮੀਟਿੰਗ ਦੌਰਾਨ ਵੱਖ-ਵੱਖ ਜਥੇਬੰਦੀਆਂ ਦੇ ਆਗੂਆਂ ਨੇ ਮੁਲਾਜ਼ਮਾਂ ਨਾਲ ਸਬੰਧਤ ਮੰਗਾਂ, ਸਮੱਸਿਆਵਾਂ ਅਤੇ ਲੰਬਿਤ ਮਾਮਲਿਆਂ ਬਾਰੇ ਸੀਐਮਡੀ ਨੂੰ ਜਾਣੂ ਕਰਵਾਇਆ। ਇਸ ਦੌਰਾਨ ਤਰੱਕੀਆਂ ਨਾਲ ਸਬੰਧਤ ਮਾਮਲਿਆਂ ਦੇ ਜਲਦ ਨਿਪਟਾਰੇ ਦੀ ਮੰਗ ਵੀ ਰੱਖੀ ਗਈ।
ਸੀਐਮਡੀ ਨੇ ਕਿਹਾ ਕਿ ਜਥੇਬੰਦੀਆਂ ਅਤੇ ਮੈਨੇਜਮੈਂਟ ਵਿਚਕਾਰ ਵੱਖ-ਵੱਖ ਮੁੱਦਿਆਂ ’ਤੇ ਵਿਚਾਰਾਂ ਦਾ ਅੰਤਰ ਰਹਿਣਾ ਸੁਭਾਵਿਕ ਹੈ, ਪਰ ਉਨ੍ਹਾਂ ਦੀ ਕੋਸ਼ਿਸ਼ ਰਹੇਗੀ ਕਿ ਕਿਸੇ ਵੀ ਮਸਲੇ ਨੂੰ ਸੰਘਰਸ਼ ਜਾਂ ਅੰਦੋਲਨ ਦੀ ਸਥਿਤੀ ਬਣਨ ਤੋਂ ਪਹਿਲਾਂ ਗੱਲਬਾਤ ਰਾਹੀਂ ਹੱਲ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਮਸਲੇ ਦਾ ਹੱਲ ਬਿਨਾਂ ਸੰਘਰਸ਼ ਦੇ ਮੁਲਾਜ਼ਮਾਂ ਦੇ ਹਿੱਤ ਵਿੱਚ ਕੀਤਾ ਜਾ ਸਕਦਾ ਹੈ ਤਾਂ ਇਹ ਸਾਰਿਆਂ ਲਈ ਬਿਹਤਰ ਹੋਵੇਗਾ। ਉਨ੍ਹਾਂ ਭਰੋਸਾ ਦਿੱਤਾ ਕਿ ਕਾਰਪੋਰੇਸ਼ਨ ਪੱਧਰ ’ਤੇ ਹੱਲ ਹੋਣ ਵਾਲੀਆਂ ਮੰਗਾਂ ਦਾ ਜਲਦ ਨਿਪਟਾਰਾ ਕਰਨ ਲਈ ਯਤਨ ਕੀਤੇ ਜਾਣਗੇ। ਜਿਹੜੇ ਮਾਮਲੇ ਸਰਕਾਰ ਦੇ ਪੱਧਰ ’ਤੇ ਹੱਲ ਹੋਣੇ ਹਨ, ਉਨ੍ਹਾਂ ਨੂੰ ਸਰਕਾਰ ਦੇ ਧਿਆਨ ਵਿੱਚ ਲਿਆਂਦਾ ਜਾਵੇਗਾ। ਇਸ ਮੌਕੇ ਸੀਐਮਡੀ ਨੇ ਸਬੰਧਤ ਅਧਿਕਾਰੀਆਂ ਨੂੰ ਤਰੱਕੀਆਂ ਨਾਲ ਜੁੜੀਆਂ ਮੰਗਾਂ ਅਤੇ ਹੋਰ ਲੰਬਿਤ ਮਾਮਲਿਆਂ ਸਬੰਧੀ ਲੋੜੀਂਦੀ ਕਾਰਵਾਈ ਜਲਦ ਕਰਨ ਦੇ ਨਿਰਦੇਸ਼ ਵੀ ਦਿੱਤੇ।
ਮੀਟਿੰਗ ਦੌਰਾਨ ਜਥੇਬੰਦੀਆਂ ਦੇ ਆਗੂਆਂ ਨੇ ਵੀ ਕਾਰਪੋਰੇਸ਼ਨ ਮੈਨੇਜਮੈਂਟ ਨੂੰ ਪੂਰਾ ਸਹਿਯੋਗ ਦੇਣ ਦਾ ਭਰੋਸਾ ਦਿੱਤਾ। ਉਨ੍ਹਾਂ ਕਿਹਾ ਕਿ ਮੁਲਾਜ਼ਮਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਗੱਲਬਾਤ ਦਾ ਰਾਹ ਖੁੱਲ੍ਹਾ ਰੱਖਣਾ ਅਤੇ ਮਸਲਿਆਂ ਨੂੰ ਆਪਸੀ ਵਿਚਾਰ-ਵਟਾਂਦਰੇ ਰਾਹੀਂ ਹੱਲ ਕਰਨਾ ਸਕਾਰਾਤਮਕ ਕਦਮ ਹੈ।
ਹਿੰਦੂਸਥਾਨ ਸਮਾਚਾਰ / GURSHARAN SINGH