
ਫਾਜ਼ਿਲਕਾ, 03 ਸਤੰਬਰ (ਹਿੰ.ਸ.)| ਫਾਜ਼ਿਲਕਾ ਦੇ ਪਿੰਡ ਜੰਡਵਾਲਾ ਖਰਤਾ ਵਿੱਚ ਲਗਾਤਾਰ ਹੋ ਰਹੀਆਂ ਚੋਰੀ ਅਤੇ ਲੁੱਟ ਦੀਆਂ ਘਟਨਾਵਾਂ ਦੇ ਮੱਦੇਨਜ਼ਰ ਪਿੰਡ ਵਾਸੀਆਂ ਵੱਲੋਂ ਲਗਾਏ ਗਏ ਠੀਕਰੀ ਪਹਿਰੇ ਦੌਰਾਨ ਤੇਜ਼ਧਾਰ ਹਥਿਆਰਾਂ ਨਾਲ ਸ਼ੱਕੀ ਹਾਲਾਤ ਵਿੱਚ ਪਹੁੰਚੇ ਪੰਜ ਨੌਜਵਾਨਾਂ ਨੂੰ ਕਾਬੂ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਪਿੰਡ ਵਾਸੀਆਂ ਨੇ ਚਾਰ ਨੌਜਵਾਨਾਂ ਨੂੰ ਕਾਬੂ ਕਰਕੇ ਪੁਲਿਸ ਦੇ ਹਵਾਲੇ ਕਰ ਦਿੱਤਾ, ਜਦਕਿ ਇੱਕ ਮੌਕੇ ਤੋਂ ਫਰਾਰ ਹੋ ਗਿਆ।
ਫਾਜ਼ਿਲਕਾ ਸਦਰ ਥਾਣਾ ਪੁਲਿਸ ਨੇ ਮਾਮਲੇ ਵਿੱਚ ਪੰਜਾਂ ਖ਼ਿਲਾਫ਼ ਕੇਸ ਦਰਜ ਕਰਕੇ ਚਾਰ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਪੁਲਿਸ ਨੇ ਗ੍ਰਿਫ਼ਤਾਰ ਮੁਲਜ਼ਮਾਂ ਦੇ ਕਬਜ਼ੇ ਵਿੱਚੋਂ ਇੱਕ ਤਲਵਾਰ ਅਤੇ ਇੱਕ ਤੇਜ਼ਧਾਰ ਹਥਿਆਰ ਕਾਪਾ ਵੀ ਬਰਾਮਦ ਕੀਤਾ ਹੈ। ਪੁਲਿਸ ਵੱਲੋਂ ਮਾਮਲੇ ਦੀ ਅਗਲੀ ਜਾਂਚ ਕੀਤੀ ਜਾ ਰਹੀ ਹੈ। ਸਦਰ ਥਾਣਾ ਇੰਚਾਰਜ ਹਰਦੇਵ ਸਿੰਘ ਬੇਦੀ ਨੇ ਦੱਸਿਆ ਕਿ ਸ਼ਿਕਾਇਤਕਰਤਾ ਚਮਕੌਰ ਸਿੰਘ ਖੇਤੀਬਾੜੀ ਦਾ ਕੰਮ ਕਰਦਾ ਹੈ। ਪਿੰਡ ਅਤੇ ਆਸ-ਪਾਸ ਦੇ ਇਲਾਕਿਆਂ ਵਿੱਚ ਲਗਾਤਾਰ ਚੋਰੀ ਅਤੇ ਲੁੱਟਪਾਟ ਦੀਆਂ ਘਟਨਾਵਾਂ ਵਾਪਰ ਰਹੀਆਂ ਸਨ। ਇਸ ਤੋਂ ਇਲਾਵਾ ਖੇਤਾਂ ਵਿੱਚ ਲੱਗੀਆਂ ਮੋਟਰਾਂ ਚੋਰੀ ਹੋਣ ਦੀਆਂ ਘਟਨਾਵਾਂ ਵੀ ਸਾਹਮਣੇ ਆ ਰਹੀਆਂ ਸਨ। ਇਨ੍ਹਾਂ ਘਟਨਾਵਾਂ ਨੂੰ ਦੇਖਦਿਆਂ ਚਮਕੌਰ ਸਿੰਘ ਅਤੇ ਉਸ ਦੇ ਸਾਥੀਆਂ ਵੱਲੋਂ ਪਿੰਡ ਵਿੱਚ ਠੀਕਰੀ ਪਹਿਰਾ ਲਗਾਇਆ ਜਾ ਰਿਹਾ ਸੀ।
ਇਸੇ ਦੌਰਾਨ ਪਿੰਡ ਜੰਡਵਾਲਾ ਖਰਤਾ ਨੇੜੇ ਕੁਝ ਨੌਜਵਾਨ ਤਲਵਾਰ ਅਤੇ ਕਾਪੇ ਵਰਗੇ ਤੇਜ਼ਧਾਰ ਹਥਿਆਰਾਂ ਨਾਲ ਸ਼ੱਕੀ ਹਾਲਾਤ ਵਿੱਚ ਮੌਜੂਦ ਦਿਖਾਈ ਦਿੱਤੇ। ਪਿੰਡ ਵਾਸੀਆਂ ਨੂੰ ਸ਼ੱਕ ਹੋਣ ’ਤੇ ਉਨ੍ਹਾਂ ਨੇ ਇਕੱਠੇ ਹੋ ਕੇ ਨੌਜਵਾਨਾਂ ਨੂੰ ਕਾਬੂ ਕਰ ਲਿਆ। ਹਾਲਾਂਕਿ ਇਸ ਦੌਰਾਨ ਇੱਕ ਨੌਜਵਾਨ ਅਨਮੋਲ ਸਿੰਘ ਮੌਕੇ ਤੋਂ ਫਰਾਰ ਹੋਣ ਵਿੱਚ ਕਾਮਯਾਬ ਹੋ ਗਿਆ। ਐਸਐਚਓ ਹਰਦੇਵ ਸਿੰਘ ਬੇਦੀ ਮੁਤਾਬਕ ਪੁਲਿਸ ਨੇ ਪਰਮਜੀਤ ਸਿੰਘ ਉਰਫ਼ ਪੰਮਾ, ਸੁਖਮਣ ਸਿੰਘ, ਅੰਗਰੇਜ਼ ਸਿੰਘ ਵਾਸੀ ਪਿੰਡ ਆਜ਼ਮਵਾਲਾ ਅਤੇ ਕਰਨ ਸਿੰਘ ਵਾਸੀ ਪਿੰਡ ਘੱਲੂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਵੱਲੋਂ ਫਰਾਰ ਮੁਲਜ਼ਮ ਅਨਮੋਲ ਸਿੰਘ ਦੀ ਭਾਲ ਕੀਤੀ ਜਾ ਰਹੀ ਹੈ। ਪੁਲਿਸ ਨੇ ਮੁਲਜ਼ਮਾਂ ਖ਼ਿਲਾਫ਼ ਮਾਮਲਾ ਦਰਜ ਕਰਕੇ ਤਲਵਾਰ ਅਤੇ ਤੇਜ਼ਧਾਰ ਕਾਪਾ ਬਰਾਮਦ ਕੀਤਾ ਹੈ। ਐਸਐਚਓ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਜਾਰੀ ਹੈ। ਗ੍ਰਿਫ਼ਤਾਰ ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕੀਤਾ ਜਾਵੇਗਾ, ਜਿਸ ਤੋਂ ਬਾਅਦ ਉਨ੍ਹਾਂ ਤੋਂ ਪੁੱਛਗਿੱਛ ਕੀਤੀ ਜਾਵੇਗੀ।
ਹਿੰਦੂਸਥਾਨ ਸਮਾਚਾਰ / GURSHARAN SINGH