
ਚੰਡੀਗੜ੍ਹ, 03 ਸਤੰਬਰ (ਹਿੰ.ਸ.)| ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚੋਂ ਬਾਲ ਵਿਆਹ ਵਰਗੀ ਸਮਾਜਿਕ ਕੁਰੀਤੀ ਦੇ ਪੂਰਨ ਖਾਤਮੇ ਲਈ ਲਗਾਤਾਰ ਕਦਮ ਚੁੱਕੇ ਜਾ ਰਹੇ ਹਨ। ਸਮੇਂ ਸਿਰ ਕੀਤੀ ਗਈ ਕਾਰਵਾਈ ਦੇ ਨਤੀਜੇ ਵਜੋਂ ਸੂਬੇ ਵਿੱਚ ਹੁਣ ਤੱਕ 5 ਬਾਲ ਵਿਆਹ ਰੋਕੇ ਜਾ ਚੁੱਕੇ ਹਨ। ਇਹ ਜਾਣਕਾਰੀ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦਿੱਤੀ। ਡਾ. ਬਲਜੀਤ ਕੌਰ ਨੇ ਕਿਹਾ ਕਿ ਬਾਲ ਵਿਆਹਾਂ ਨੂੰ ਰੋਕਣ ਲਈ ਕੀਤੀ ਜਾ ਰਹੀ ਤੁਰੰਤ ਕਾਰਵਾਈ ਸੂਬਾ ਸਰਕਾਰ ਦੀ ਬਾਲ ਅਧਿਕਾਰਾਂ ਦੀ ਸੁਰੱਖਿਆ ਪ੍ਰਤੀ ਵਚਨਬੱਧਤਾ ਦਾ ਪ੍ਰਮਾਣ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਬੱਚਿਆਂ ਦੇ ਅਧਿਕਾਰਾਂ ਨਾਲ ਕਿਸੇ ਵੀ ਤਰ੍ਹਾਂ ਦਾ ਸਮਝੌਤਾ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਬਾਲ ਵਿਆਹ ਵਰਗੀ ਗੈਰ-ਕਾਨੂੰਨੀ ਪ੍ਰਥਾ ਨੂੰ ਕਿਸੇ ਵੀ ਕੀਮਤ ’ਤੇ ਪਨਪਣ ਨਹੀਂ ਦਿੱਤਾ ਜਾਵੇਗਾ।
ਕੈਬਨਿਟ ਮੰਤਰੀ ਨੇ ਦੱਸਿਆ ਕਿ ਬਾਲ ਵਿਆਹਾਂ ਦੀ ਰੋਕਥਾਮ ਲਈ ਪੰਜਾਬ ਭਰ ਵਿੱਚ ਲਗਾਤਾਰ ਜਾਗਰੂਕਤਾ ਮੁਹਿੰਮਾਂ ਚਲਾਈਆਂ ਜਾ ਰਹੀਆਂ ਹਨ। ਹੁਣ ਤੱਕ 172 ਜਾਗਰੂਕਤਾ ਮੁਹਿੰਮਾਂ ਆਯੋਜਿਤ ਕੀਤੀਆਂ ਜਾ ਚੁੱਕੀਆਂ ਹਨ। ਇਨ੍ਹਾਂ ਮੁਹਿੰਮਾਂ ਰਾਹੀਂ ਮਾਪਿਆਂ, ਪੰਚਾਇਤਾਂ, ਸਕੂਲਾਂ, ਸਮਾਜਿਕ ਸੰਸਥਾਵਾਂ ਅਤੇ ਆਮ ਲੋਕਾਂ ਨੂੰ ਬਾਲ ਵਿਆਹ ਦੇ ਸਮਾਜਿਕ ਅਤੇ ਸਿਹਤ ਸਬੰਧੀ ਮਾੜੇ ਪ੍ਰਭਾਵਾਂ ਦੇ ਨਾਲ-ਨਾਲ ਇਸ ਨਾਲ ਜੁੜੇ ਕਾਨੂੰਨੀ ਪ੍ਰਬੰਧਾਂ ਬਾਰੇ ਜਾਣਕਾਰੀ ਦਿੱਤੀ ਜਾ ਰਹੀ ਹੈ।
ਡਾ. ਬਲਜੀਤ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਬੱਚਿਆਂ ਨਾਲ ਸਬੰਧਤ ਮਾਮਲਿਆਂ ਵਿੱਚ ਜ਼ੀਰੋ ਟੋਲਰੈਂਸ ਨੀਤੀ ’ਤੇ ਅਮਲ ਕਰ ਰਹੀ ਹੈ। ਇਸ ਲਈ ਜ਼ਿਲ੍ਹਾ ਪ੍ਰਸ਼ਾਸਨ, ਪੁਲਿਸ, ਚਾਈਲਡ ਵੈਲਫੇਅਰ ਕਮੇਟੀਆਂ, ਬਾਲ ਵਿਆਹ ਰੋਕਥਾਮ ਅਧਿਕਾਰੀਆਂ ਅਤੇ ਹੋਰ ਸਬੰਧਤ ਵਿਭਾਗਾਂ ਵਿਚਾਲੇ ਤਾਲਮੇਲ ਨੂੰ ਹੋਰ ਮਜ਼ਬੂਤ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਕਿਸੇ ਵੀ ਸ਼ਿਕਾਇਤ ’ਤੇ ਤੁਰੰਤ ਅਤੇ ਕਾਨੂੰਨ ਅਨੁਸਾਰ ਪ੍ਰਭਾਵਸ਼ਾਲੀ ਕਾਰਵਾਈ ਯਕੀਨੀ ਬਣਾਉਣ ਲਈ ਵਿਭਾਗਾਂ ਵਿਚਕਾਰ ਬਿਹਤਰ ਤਾਲਮੇਲ ਨਾਲ ਕੰਮ ਕੀਤਾ ਜਾ ਰਿਹਾ ਹੈ।
ਮੰਤਰੀ ਨੇ ਕਿਹਾ ਕਿ ਬਾਲ ਵਿਆਹ ਦੀ ਰੋਕਥਾਮ ਸਿਰਫ਼ ਸਰਕਾਰ ਦੀ ਨਹੀਂ, ਸਗੋਂ ਪੂਰੇ ਸਮਾਜ ਦੀ ਸਾਂਝੀ ਜ਼ਿੰਮੇਵਾਰੀ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਉਨ੍ਹਾਂ ਨੂੰ ਆਪਣੇ ਆਲੇ-ਦੁਆਲੇ ਕਿਤੇ ਵੀ ਬਾਲ ਵਿਆਹ ਹੋਣ ਦੀ ਜਾਣਕਾਰੀ ਮਿਲਦੀ ਹੈ ਤਾਂ ਤੁਰੰਤ ਚਾਈਲਡ ਹੈਲਪਲਾਈਨ 1098 ’ਤੇ ਸੂਚਨਾ ਦਿੱਤੀ ਜਾਵੇ ਜਾਂ ਨੇੜਲੇ ਬਾਲ ਵਿਆਹ ਰੋਕਥਾਮ ਅਧਿਕਾਰੀ ਨਾਲ ਸੰਪਰਕ ਕੀਤਾ ਜਾਵੇ।
ਜ਼ਿਕਰਯੋਗ ਹੈ ਕਿ ਸੂਬੇ ਭਰ ਵਿੱਚ 2076 ਅਧਿਕਾਰੀਆਂ ਨੂੰ ਬਾਲ ਵਿਆਹ ਰੋਕਥਾਮ ਅਫਸਰ ਵਜੋਂ ਨਾਮਜ਼ਦ ਕੀਤਾ ਗਿਆ ਹੈ। ਇਨ੍ਹਾਂ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲਾਂ ਦੇ ਪ੍ਰਿੰਸੀਪਲ ਅਤੇ ਬਾਲ ਵਿਕਾਸ ਪ੍ਰੋਜੈਕਟ ਅਫਸਰ ਵੀ ਸ਼ਾਮਲ ਹਨ। ਡਾ. ਬਲਜੀਤ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਬੱਚਿਆਂ ਦੇ ਸੁਰੱਖਿਅਤ, ਸਨਮਾਨਜਨਕ ਅਤੇ ਅਧਿਕਾਰ-ਅਧਾਰਿਤ ਬਚਪਨ ਨੂੰ ਯਕੀਨੀ ਬਣਾਉਣ ਲਈ ਪੂਰੀ ਵਚਨਬੱਧਤਾ ਨਾਲ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਬਾਲ ਵਿਆਹ ਮੁਕਤ ਸੂਬਾ ਬਣਾਉਣ ਲਈ ਸਰਕਾਰ ਵੱਲੋਂ ਹਰ ਸੰਭਵ ਯਤਨ ਲਗਾਤਾਰ ਜਾਰੀ ਰਹਿਣਗੇ।
ਹਿੰਦੂਸਥਾਨ ਸਮਾਚਾਰ / GURSHARAN SINGH