
ਤਿੰਨ ਕਾਲੇ ਖੇਤੀ ਕਾਨੂੰਨ ਮੁੜ ਲਿਆਉਣ ਦੀ ਸ਼ਰਤ ’ਤੇ ਭਾਜਪਾ ਨਾਲ ਸਮਝੌਤੇ ਦਾ ਦਾਅਵਾ
ਸੰਗਰੂਰ, 03 ਸਤੰਬਰ (ਹਿੰ.ਸ.)| ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਭਾਜਪਾ-ਅਕਾਲੀ ਦਲ ਦੇ ਸੰਭਾਵਿਤ ਗਠਜੋੜ ਨੂੰ ਲੈ ਕੇ ਤਿੱਖਾ ਹਮਲਾ ਕੀਤਾ ਹੈ। ‘ਲੋਕ ਮਿਲਣੀ’ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਦਾਅਵਾ ਕੀਤਾ ਕਿ ਭਾਜਪਾ ਤਿੰਨ ਖੇਤੀ ਕਾਨੂੰਨਾਂ ਨੂੰ ਮੁੜ ਲਿਆਉਣ ਦੀ ਸ਼ਰਤ ’ਤੇ ਅਕਾਲੀ ਦਲ ਨਾਲ ਸਮਝੌਤਾ ਕਰਨ ਦੀ ਤਿਆਰੀ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਖੇਤੀ ਕਾਨੂੰਨਾਂ ਵਿਰੁੱਧ ਹੋਏ ਅੰਦੋਲਨ ਦੌਰਾਨ ਸੈਂਕੜੇ ਕਿਸਾਨਾਂ ਦੀਆਂ ਜਾਨਾਂ ਗਈਆਂ ਸਨ।
ਮੁੱਖ ਮੰਤਰੀ ਨੇ ਦੋਸ਼ ਲਾਇਆ ਕਿ ਅਕਾਲੀ ਦਲ ਸਿਆਸੀ ਸੱਤਾ ਹਾਸਲ ਕਰਨ ਲਈ ਭਾਜਪਾ ਨਾਲ ਹੱਥ ਮਿਲਾਉਣ ਨੂੰ ਤਿਆਰ ਹੈ ਅਤੇ ਇਸ ਗਠਜੋੜ ਦਾ ਮਕਸਦ ਪੰਜਾਬ ਦੀ ਭਲਾਈ ਦੀ ਬਜਾਏ ਸਿਆਸੀ ਲਾਹਾ ਲੈਣਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਇਨ੍ਹਾਂ ਪਾਰਟੀਆਂ ਦੀ ਕਥਿਤ ਸਿਆਸੀ ਗੰਢਤੁੱਪ ਨੂੰ ਸਮਝ ਚੁੱਕੇ ਹਨ।
ਮਾਨ ਨੇ ਕਿਹਾ ਕਿ ਭਾਜਪਾ ਵੱਲੋਂ ਵੋਟਾਂ ਹਾਸਲ ਕਰਨ ਲਈ ਫਿਰਕੂ ਮੁੱਦਿਆਂ ਦੀ ਵਰਤੋਂ ਕੀਤੀ ਜਾ ਰਹੀ ਹੈ। ਉਨ੍ਹਾਂ ਪੰਜਾਬ ਯੂਨੀਵਰਸਿਟੀ ਦੀਆਂ ਚੋਣਾਂ ਵਿੱਚ ਭਾਜਪਾ ਦੀ ਜਿੱਤ ਦਾ ਜ਼ਿਕਰ ਕਰਦਿਆਂ ਦਾਅਵਾ ਕੀਤਾ ਕਿ ਇਸ ਨਾਲ ਭਾਜਪਾ ਅਤੇ ਅਕਾਲੀ ਦਲ ਵਿਚਕਾਰ ਕਥਿਤ ਸਾਂਝ ਵੀ ਸਾਹਮਣੇ ਆਈ ਹੈ। ਮੁੱਖ ਮੰਤਰੀ ਨੇ ਕਿਹਾ ਕਿ ਅਕਾਲੀ-ਭਾਜਪਾ ਗਠਜੋੜ ਦੀ ਕੋਈ ਸਪੱਸ਼ਟ ਵਿਚਾਰਧਾਰਾ ਜਾਂ ਜਨਤਕ ਭਲਾਈ ਦਾ ਏਜੰਡਾ ਨਹੀਂ ਹੈ। ਉਨ੍ਹਾਂ ਕਿਹਾ ਕਿ ਇਸ ਦਾ ਇਕੋ-ਇਕ ਮਕਸਦ ਪੰਜਾਬ ਵਿੱਚ ਮੁੜ ਸੱਤਾ ਹਾਸਲ ਕਰਨਾ ਹੈ। ਉਨ੍ਹਾਂ ਦਾਅਵਾ ਕੀਤਾ ਕਿ ਪੰਜਾਬ ਦੇ ਲੋਕ ਆਉਣ ਵਾਲੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਇਨ੍ਹਾਂ ਪਾਰਟੀਆਂ ਨੂੰ ਢੁਕਵਾਂ ਜਵਾਬ ਦੇਣਗੇ।
ਉਨ੍ਹਾਂ ਕਿਹਾ ਕਿ ਰਵਾਇਤੀ ਸਿਆਸੀ ਪਾਰਟੀਆਂ ਨੇ ਲੰਬੇ ਸਮੇਂ ਤੱਕ ਸੱਤਾ ਵਿੱਚ ਰਹਿ ਕੇ ਇੱਕ-ਦੂਜੇ ਦੇ ਹਿੱਤਾਂ ਦੀ ਰੱਖਿਆ ਕੀਤੀ ਅਤੇ ਪੰਜਾਬ ਦੇ ਲੋਕਾਂ ਦੇ ਮੁੱਦੇ ਪਿੱਛੇ ਛੱਡ ਦਿੱਤੇ। ਮਾਨ ਨੇ ਕਿਹਾ ਕਿ ਹੁਣ ਲੋਕਾਂ ਨੇ ਆਮ ਆਦਮੀ ਪਾਰਟੀ ਨੂੰ ਚੁਣਿਆ ਹੈ ਅਤੇ ‘ਝਾੜੂ’ ਪੰਜਾਬ ਦੇ ਸਿਆਸੀ ਪ੍ਰਬੰਧ ਦੀ ਸਫ਼ਾਈ ਕਰ ਰਿਹਾ ਹੈ। ਮੁੱਖ ਮੰਤਰੀ ਨੇ 2022 ਵਿੱਚ ਸੱਤਾ ਸੰਭਾਲਣ ਤੋਂ ਬਾਅਦ ਆਪਣੀ ਸਰਕਾਰ ਵੱਲੋਂ ਕੀਤੇ ਕੰਮਾਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਸਰਕਾਰ ਨੇ ਬਿਜਲੀ, ਸਿੱਖਿਆ, ਸਿਹਤ, ਖੇਡਾਂ, ਪਾਣੀ ਅਤੇ ਸੜਕਾਂ ਸਮੇਤ ਵੱਖ-ਵੱਖ ਖੇਤਰਾਂ ਵਿੱਚ ਸੁਧਾਰ ਕੀਤੇ ਹਨ। ਉਨ੍ਹਾਂ ਦਾਅਵਾ ਕੀਤਾ ਕਿ ਸਰਕਾਰ ਨੇ ਲੋਕਾਂ ਨਾਲ ਕੀਤੇ ਵਾਅਦਿਆਂ ਅਤੇ ਗਾਰੰਟੀਆਂ ਨੂੰ ਪੂਰਾ ਕਰਨ ਲਈ ਲਗਾਤਾਰ ਕੰਮ ਕੀਤਾ ਹੈ।
ਨਸ਼ਿਆਂ ਦੇ ਮੁੱਦੇ ’ਤੇ ਮਾਨ ਨੇ ਵਿਰੋਧੀ ਪਾਰਟੀਆਂ ਨੂੰ ਘੇਰਦਿਆਂ ਕਿਹਾ ਕਿ ਰਵਾਇਤੀ ਸਿਆਸੀ ਪਾਰਟੀਆਂ ਦੇ ਸ਼ਾਸਨ ਦੌਰਾਨ ਨਸ਼ਿਆਂ ਦੀ ਸਮੱਸਿਆ ਨੇ ਪੰਜਾਬ ਦੀ ਜਵਾਨੀ ਨੂੰ ਵੱਡਾ ਨੁਕਸਾਨ ਪਹੁੰਚਾਇਆ। ਉਨ੍ਹਾਂ ਕਿਹਾ ਕਿ ਨਸ਼ਿਆਂ ਦੇ ਕਾਰੋਬਾਰ ਨੂੰ ਕਥਿਤ ਤੌਰ ’ਤੇ ਉਤਸ਼ਾਹਿਤ ਜਾਂ ਸਰਪ੍ਰਸਤੀ ਦੇਣ ਵਾਲੀਆਂ ਤਾਕਤਾਂ ਨੂੰ ਮੁੜ ਸੱਤਾ ਵਿੱਚ ਆਉਣ ਦੀ ਇਜਾਜ਼ਤ ਨਹੀਂ ਦਿੱਤੀ ਜਾਣੀ ਚਾਹੀਦੀ।
ਮੁੱਖ ਮੰਤਰੀ ਨੇ ਅਕਾਲੀ ਆਗੂ ਸੁਖਬੀਰ ਸਿੰਘ ਬਾਦਲ ’ਤੇ ਵੀ ਨਿਸ਼ਾਨਾ ਸਾਧਿਆ। ਉਨ੍ਹਾਂ ਦੋਸ਼ ਲਾਇਆ ਕਿ ਸੁਖਬੀਰ ਬਾਦਲ ਪੰਜਾਬ ਦੀ ਜ਼ਮੀਨੀ ਹਕੀਕਤ ਅਤੇ ਆਮ ਲੋਕਾਂ ਦੀਆਂ ਸਮੱਸਿਆਵਾਂ ਤੋਂ ਦੂਰ ਹਨ। ਮਾਨ ਨੇ ਕਿਹਾ ਕਿ ਅਕਾਲੀ ਆਗੂਆਂ ਨੇ ਆਪਣੇ ਕਾਰਜਕਾਲ ਦੌਰਾਨ ਪੰਜਾਬ ਦੇ ਹਿੱਤਾਂ ਨੂੰ ਨੁਕਸਾਨ ਪਹੁੰਚਾਇਆ ਅਤੇ ਹੁਣ ਮੁੜ ਸੱਤਾ ਹਾਸਲ ਕਰਨ ਲਈ ਭਾਜਪਾ ਨਾਲ ਗਠਜੋੜ ਦੀ ਕੋਸ਼ਿਸ਼ ਕਰ ਰਹੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਲੋਕ ਸੂਬੇ ਦੇ ਹਿੱਤਾਂ ਨਾਲ ਜੁੜੇ ਮੁੱਦਿਆਂ ’ਤੇ ਕਿਸੇ ਵੀ ਤਰ੍ਹਾਂ ਦਾ ਸਮਝੌਤਾ ਬਰਦਾਸ਼ਤ ਨਹੀਂ ਕਰਨਗੇ ਅਤੇ ਆਉਣ ਵਾਲੀਆਂ ਚੋਣਾਂ ਵਿੱਚ ਆਪਣੇ ਫ਼ੈਸਲੇ ਰਾਹੀਂ ਸਿਆਸੀ ਪਾਰਟੀਆਂ ਨੂੰ ਜਵਾਬ ਦੇਣਗੇ।
ਹਿੰਦੂਸਥਾਨ ਸਮਾਚਾਰ / GURSHARAN SINGH