
ਪਿੰਡਾਂ ਦੇ ਸਰਬਪੱਖੀ ਵਿਕਾਸ ਵਿੱਚ ਕੋਈ ਕਸਰ ਬਾਕੀ ਨਹੀਂ ਰਹਿਣ ਦਿੱਤੀ ਜਾਵੇਗੀ: ਸ਼ੈਰੀ ਕਲਸੀ
ਬਟਾਲਾ, 03 ਸਤੰਬਰ (ਹਿੰ.ਸ.)| ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਬਟਾਲਾ ਤੋਂ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੇ ਕਿਹਾ ਕਿ ਵਿਧਾਨ ਸਭਾ ਹਲਕਾ ਬਟਾਲਾ ਦੇ ਪਿੰਡਾਂ ਦਾ ਸਰਬਪੱਖੀ ਵਿਕਾਸ ਉਨ੍ਹਾਂ ਦੀ ਪਹਿਲੀ ਤਰਜੀਹ ਹੈ। ਉਨ੍ਹਾਂ ਕਿਹਾ ਕਿ ਹਲਕੇ ਦੇ ਪਿੰਡਾਂ ਵਿੱਚ ਪਹਿਲਾਂ ਹੀ ਕਰੋੜਾਂ ਰੁਪਏ ਦੀ ਲਾਗਤ ਨਾਲ ਵੱਖ-ਵੱਖ ਵਿਕਾਸ ਕਾਰਜ ਕਰਵਾਏ ਗਏ ਹਨ ਅਤੇ ਵਿਕਾਸ ਦੀ ਰਫ਼ਤਾਰ ਨੂੰ ਹੋਰ ਤੇਜ਼ ਕੀਤਾ ਜਾਵੇਗਾ।
ਵਿਧਾਇਕ ਸ਼ੈਰੀ ਕਲਸੀ ਨੇ ਹਲਕੇ ਦੇ ਵੱਖ-ਵੱਖ ਪਿੰਡਾਂ ਵਿੱਚ ਵਿਕਾਸ ਕਾਰਜਾਂ ਨੂੰ ਹੋਰ ਗਤੀ ਦੇਣ ਲਈ ਲੱਖਾਂ ਰੁਪਏ ਦੀਆਂ ਗ੍ਰਾਂਟਾਂ ਦੇ ਚੈੱਕ ਵੰਡੇ। ਇਸ ਮੌਕੇ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਮਨਦੀਪ ਸਿੰਘ ਗਿੱਲ ਅਤੇ ਵੱਖ-ਵੱਖ ਪਿੰਡਾਂ ਦੇ ਸਰਪੰਚ ਵੀ ਮੌਜੂਦ ਸਨ।
ਸ਼ੈਰੀ ਕਲਸੀ ਨੇ ਕਿਹਾ ਕਿ ਬਟਾਲਾ ਹਲਕੇ ਦੇ ਲੋਕਾਂ ਨੇ ਉਨ੍ਹਾਂ ਨੂੰ ਜੋ ਜ਼ਿੰਮੇਵਾਰੀ ਸੌਂਪੀ ਹੈ, ਉਸ ਨੂੰ ਉਹ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਅ ਰਹੇ ਹਨ। ਉਨ੍ਹਾਂ ਕਿਹਾ ਕਿ ਲੋਕਾਂ ਦੀਆਂ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਨੂੰ ਪੂਰਾ ਕਰਨ ਲਈ ਲਗਾਤਾਰ ਕੰਮ ਕੀਤਾ ਜਾ ਰਿਹਾ ਹੈ ਅਤੇ ਲੋਕਾਂ ਨਾਲ ਸਿੱਧਾ ਸੰਪਰਕ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਹੱਲ ਕੀਤਾ ਜਾ ਰਿਹਾ ਹੈ।
ਵਿਧਾਇਕ ਨੇ ਪਿੰਡਾਂ ਦੀਆਂ ਚੁਣੀਆਂ ਹੋਈਆਂ ਪੰਚਾਇਤਾਂ ਨੂੰ ਅਪੀਲ ਕੀਤੀ ਕਿ ਉਹ ਪਿੰਡਾਂ ਦੇ ਸਰਬਪੱਖੀ ਵਿਕਾਸ ਲਈ ਪਾਰਦਰਸ਼ੀ ਢੰਗ ਨਾਲ ਵਿਕਾਸ ਕਾਰਜ ਕਰਵਾਉਣ ਅਤੇ ਲੋਕਾਂ ਦੀਆਂ ਜ਼ਰੂਰਤਾਂ ਨੂੰ ਪਹਿਲ ਦੇ ਆਧਾਰ ’ਤੇ ਪੂਰਾ ਕਰਨ ਲਈ ਮਿਹਨਤ ਨਾਲ ਕੰਮ ਕਰਨ।
ਉਨ੍ਹਾਂ ਦੱਸਿਆ ਕਿ ਪਿੰਡਾਂ ਵਿੱਚ ਖੇਡ ਮੈਦਾਨ, ਸੜਕਾਂ, ਪਾਰਕ, ਸਟਰੀਟ ਲਾਈਟਾਂ ਅਤੇ ਗੰਦੇ ਪਾਣੀ ਦੀ ਨਿਕਾਸੀ ਸਮੇਤ ਵੱਖ-ਵੱਖ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਪਿੰਡਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਅਤੇ ਲੋਕਾਂ ਨੂੰ ਬਿਹਤਰ ਸਹੂਲਤਾਂ ਦੇਣ ਲਈ ਵਿਕਾਸ ਕਾਰਜਾਂ ਵਿੱਚ ਕੋਈ ਕਸਰ ਬਾਕੀ ਨਹੀਂ ਰਹਿਣ ਦਿੱਤੀ ਜਾਵੇਗੀ।
ਹਿੰਦੂਸਥਾਨ ਸਮਾਚਾਰ / GURSHARAN SINGH