
ਬਰਨਾਲਾ/ਤਪਾ, 03 ਸਤੰਬਰ (ਹਿੰ.ਸ.)। ਵਿਧਾਇਕ ਲਾਭ ਸਿੰਘ ਉੱਗੋਕੇ ਵੱਲੋਂ ਹਲਕਾ ਭਦੌੜ ਦੇ ਪਿੰਡ ਨਾਨਕਪੁਰਾ ਪਿੰਡੀ ਧੌਲਾ ਵਿਖੇ ਪਿੰਡ ਵਾਸੀਆਂ ਦੀ ਸਹੂਲਤ ਲਈ ਨਵੀਂ ਤਿਆਰ ਕੀਤੀ ਗਈ ‘ਮਾਡਰਨ ਸੱਥ’ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਪਿੰਡ ਵਾਸੀਆਂ ਨੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਇਸ ਉਪਰਾਲੇ ਲਈ ਸਰਕਾਰ ਦਾ ਧੰਨਵਾਦ ਕੀਤਾ।
ਇਸ ਮੌਕੇ ਬੋਲਦਿਆਂ ਵਿਧਾਇਕ ਲਾਭ ਸਿੰਘ ਉੱਗੋਕੇ ਨੇ ਕਿਹਾ ਕਿ ਪਿੰਡਾਂ ਵਿੱਚ ਸਾਂਝੀਆਂ ਥਾਵਾਂ ਨੂੰ ਬਿਹਤਰ ਅਤੇ ਆਧੁਨਿਕ ਸਹੂਲਤਾਂ ਨਾਲ ਵਿਕਸਤ ਕਰਨ ਦਾ ਮਕਸਦ ਲੋਕਾਂ ਨੂੰ ਆਪਣੇ ਪਿੰਡ ਵਿੱਚ ਹੀ ਸੁਵਿਧਾਜਨਕ ਅਤੇ ਸੁਚੱਜਾ ਮਾਹੌਲ ਮੁਹੱਈਆ ਕਰਵਾਉਣਾ ਹੈ। ਉਨ੍ਹਾਂ ਕਿਹਾ ਕਿ ‘ਮਾਡਰਨ ਸੱਥ’ ਪਿੰਡ ਵਾਸੀਆਂ ਲਈ ਆਪਸੀ ਵਿਚਾਰ-ਵਟਾਂਦਰੇ, ਸਮਾਜਿਕ ਗਤੀਵਿਧੀਆਂ ਅਤੇ ਸਾਂਝੇ ਪ੍ਰੋਗਰਾਮਾਂ ਲਈ ਇੱਕ ਸੁਚੱਜਾ ਸਥਾਨ ਸਾਬਤ ਹੋਵੇਗੀ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪਿੰਡਾਂ ਦੇ ਸਰਵਪੱਖੀ ਵਿਕਾਸ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ ਅਤੇ ਬੁਨਿਆਦੀ ਢਾਂਚੇ ਦੇ ਵਿਕਾਸ ਦੇ ਨਾਲ-ਨਾਲ ਲੋਕਾਂ ਨੂੰ ਬਿਹਤਰ ਜਨਤਕ ਸਹੂਲਤਾਂ ਪ੍ਰਦਾਨ ਕਰਨ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਰੰਗਲਾ ਪੰਜਾਬ ਵਿਕਾਸ ਸਕੀਮ ਅਧੀਨ ਹਲਕਾ ਭਦੌੜ ਨੂੰ 3 ਪੜਾਵਾਂ ਵਿਚ 10 ਕਰੋੜ ਰੁਪਏ ਜਾਰੀ ਕੀਤੇ ਜਾ ਚੁੱਕੇ ਹਨ ਅਤੇ ਮਾਡਰਨ ਸੱਥ ਲਈ ਇਸ ਸਕੀਮ ਅਧੀਨ ਕਰੀਬ 5 ਲੱਖ ਰੁਪਏ ਜਾਰੀ ਕੀਤੇ ਗਏ ਸਨ। ਉਨ੍ਹਾਂ ਕਿਹਾ ਕਿ ਪਿੰਡਾਂ ਦੇ ਵਿਕਾਸ ਲਈ ਸਰਕਾਰ ਵਲੋਂ ਫੰਡਾਂ ਦੀ ਕੋਈ ਕਮੀਂ ਨਹੀਂ ਆਉਣ ਦਿੱਤੀ ਜਾ ਰਹੀ। ਇਸ ਮੌਕੇ ਪਿੰਡ ਦੇ ਪਤਵੰਤੇ, ਅਧਿਕਾਰੀ ਤੇ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਹਾਜ਼ਰ ਸਨ।
ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ