ਸ੍ਰੀ ਚਮਕੌਰ ਸਾਹਿਬ ਤੋਂ ਰੋਪੜ ਲਈ ਰਵਾਨਾ ਹੋਇਆ ਮੀਰੀ-ਪੀਰੀ ਖਾਲਸਾ ਮਾਰਚ
ਸ੍ਰੀ ਚਮਕੌਰ ਸਾਹਿਬ, 03 ਸਤੰਬਰ (ਹਿੰ.ਸ.)| ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਆਰੰਭ ਹੋਇਆ ਮੀਰੀ-ਪੀਰੀ ਖਾਲਸਾ ਮਾਰਚ ਦੂਜੇ ਪੜਾਅ ਤਹਿਤ ਬੀਤੀ ਰਾਤ ਗੁਰਦੁਆਰਾ ਸ੍ਰੀ ਕਤਲਗੜ੍ਹ ਸਾਹਿਬ, ਸ੍ਰੀ ਚਮਕੌਰ ਸਾਹਿਬ ਵਿਖੇ ਵਿਸ਼ਰਾਮ ਕਰਨ ਉਪਰੰਤ ਅੱਜ ਪੰਥਕ ਰਵਾਇਤਾਂ ਅਨੁਸਾਰ ਆਪਣੇ ਅਗਲੇ ਪੜਾਅ ਗੁਰਦੁਆਰਾ ਸ੍ਰੀ ਭੱਠਾ ਸਾਹਿਬ
ਸ੍ਰੀ ਚਮਕੌਰ ਸਾਹਿਬ ਤੋਂ ਰੋਪੜ ਲਈ ਰਵਾਨਾ ਹੁੰਦਾ ਹੋਇਆ ਮੀਰੀ-ਪੀਰੀ ਖਾਲਸਾ ਮਾਰਚ


ਸ੍ਰੀ ਚਮਕੌਰ ਸਾਹਿਬ, 03 ਸਤੰਬਰ (ਹਿੰ.ਸ.)| ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਆਰੰਭ ਹੋਇਆ ਮੀਰੀ-ਪੀਰੀ ਖਾਲਸਾ ਮਾਰਚ ਦੂਜੇ ਪੜਾਅ ਤਹਿਤ ਬੀਤੀ ਰਾਤ ਗੁਰਦੁਆਰਾ ਸ੍ਰੀ ਕਤਲਗੜ੍ਹ ਸਾਹਿਬ, ਸ੍ਰੀ ਚਮਕੌਰ ਸਾਹਿਬ ਵਿਖੇ ਵਿਸ਼ਰਾਮ ਕਰਨ ਉਪਰੰਤ ਅੱਜ ਪੰਥਕ ਰਵਾਇਤਾਂ ਅਨੁਸਾਰ ਆਪਣੇ ਅਗਲੇ ਪੜਾਅ ਗੁਰਦੁਆਰਾ ਸ੍ਰੀ ਭੱਠਾ ਸਾਹਿਬ, ਰੋਪੜ ਲਈ ਰਵਾਨਾ ਹੋਇਆ।

ਮਾਰਚ ਦੀ ਰਵਾਨਗੀ ਤੋਂ ਪਹਿਲਾਂ ਗੁਰਦੁਆਰਾ ਸਾਹਿਬ ਵਿਖੇ ਧਾਰਮਿਕ ਦੀਵਾਨ ਸਜਾਇਆ ਗਿਆ। ਇਸ ਦੌਰਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਕੇਵਲ ਸਿੰਘ ਨੇ ਸੰਗਤਾਂ ਨਾਲ ਗੁਰ-ਇਤਿਹਾਸ ਦੀ ਸਾਂਝ ਪਾਈ ਅਤੇ ਗੁਰਮਤਿ ਅਨੁਸਾਰ ਜੀਵਨ ਜਿਊਣ ਲਈ ਪ੍ਰੇਰਿਤ ਕੀਤਾ।

ਇਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਸ੍ਰੀ ਚਮਕੌਰ ਸਾਹਿਬ ਦੀ ਧਰਤੀ ਸਿੱਖ ਇਤਿਹਾਸ ਵਿੱਚ ਬਹਾਦਰੀ, ਸਿਦਕ ਅਤੇ ਸ਼ਹਾਦਤ ਦੀ ਮਹਾਨ ਮਿਸਾਲ ਹੈ। ਉਨ੍ਹਾਂ ਕਿਹਾ ਕਿ ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਇਥੇ ਆਪਣੇ ਸਾਹਿਬਜ਼ਾਦਿਆਂ ਨੂੰ ਜੰਗ ਲਈ ਤੋਰਿਆ ਅਤੇ ਖਾਲਸੇ ਨੇ ਵੱਡੀ ਫੌਜ ਦਾ ਦ੍ਰਿੜ੍ਹਤਾ ਨਾਲ ਮੁਕਾਬਲਾ ਕੀਤਾ।

ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਅੱਜ ਦੀ ਨੌਜੁਆਨੀ ਨੂੰ ਸ਼ਹੀਦਾਂ ਦੀ ਇਸ ਪਾਵਨ ਧਰਤੀ ਤੋਂ ਪ੍ਰੇਰਣਾ ਲੈਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਆਰੰਭ ਕੀਤਾ ਗਿਆ ਮੀਰੀ-ਪੀਰੀ ਖਾਲਸਾ ਮਾਰਚ ਸਿੱਖ ਸਿਧਾਂਤਾਂ ਦੇ ਪ੍ਰਚਾਰ-ਪ੍ਰਸਾਰ ਦੇ ਨਾਲ ਨੌਜਵਾਨਾਂ ਨੂੰ ਸਿੱਖ ਵਿਰਸੇ ਨਾਲ ਜੋੜਨ ਦਾ ਯਤਨ ਹੈ। ਉਨ੍ਹਾਂ ਕਿਹਾ ਕਿ ਸ੍ਰੀ ਚਮਕੌਰ ਸਾਹਿਬ ਦੀ ਗੜ੍ਹੀ ਤੋਂ ਇਹ ਸਿੱਖਿਆ ਮਿਲਦੀ ਹੈ ਕਿ ਮੁਸ਼ਕਲਾਂ ਭਾਵੇਂ ਕਿੰਨੀਆਂ ਵੀ ਵੱਡੀਆਂ ਹੋਣ, ਜੇ ਗੁਰੂ ’ਤੇ ਭਰੋਸਾ ਅਤੇ ਇਰਾਦਾ ਦ੍ਰਿੜ੍ਹ ਹੋਵੇ ਤਾਂ ਕੋਈ ਤਾਕਤ ਹਰਾ ਨਹੀਂ ਸਕਦੀ। ਉਨ੍ਹਾਂ ਸੰਗਤਾਂ ਨੂੰ ਬਾਣੀ ਅਤੇ ਬਾਣੇ ਨਾਲ ਜੁੜਨ ਅਤੇ ਗੁਰਮਤਿ ਦੇ ਧਾਰਨੀ ਬਣਨ ਦੀ ਅਪੀਲ ਕੀਤੀ।

ਮੀਰੀ-ਪੀਰੀ ਖਾਲਸਾ ਮਾਰਚ ਦੇ ਵੱਖ-ਵੱਖ ਪੜਾਵਾਂ ’ਤੇ ਸੰਗਤਾਂ ਵੱਲੋਂ ਭਰਵਾਂ ਸਵਾਗਤ ਕੀਤਾ ਗਿਆ। ਰਸਤੇ ਵਿੱਚ ਸਜਾਵਟੀ ਗੇਟ ਬਣਾਏ ਗਏ ਅਤੇ ਸੰਗਤਾਂ ਵੱਲੋਂ ਵੱਖ-ਵੱਖ ਪਕਵਾਨਾਂ ਦੇ ਲੰਗਰ ਲਗਾਏ ਗਏ। ਮਾਰਚ ਦੇ ਨਾਲ ਚੱਲ ਰਹੀ ਗੁਰੂ ਸਾਹਿਬਾਨ ਦੇ ਇਤਿਹਾਸਕ ਸ਼ਸਤਰਾਂ ਵਾਲੀ ਬੱਸ ਪ੍ਰਤੀ ਵੀ ਸੰਗਤਾਂ ਵਿੱਚ ਖਾਸ ਉਤਸ਼ਾਹ ਦੇਖਣ ਨੂੰ ਮਿਲਿਆ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਮੈਂਬਰ ਬੀਬੀ ਹਰਜਿੰਦਰ ਕੌਰ, ਮੈਂਬਰ ਅਜਮੇਰ ਸਿੰਘ ਖੇੜਾ, ਪਰਮਜੀਤ ਸਿੰਘ ਲੱਖੇਵਾਲ, ਹਲਕਾ ਇੰਚਾਰਜ ਮਨਮੋਹਨ ਸਿੰਘ ਸੰਧੂ, ਵਧੀਕ ਸਕੱਤਰ ਭਗਵੰਤ ਸਿੰਘ ਧੰਗੇੜਾ ਸਮੇਤ ਵੱਖ-ਵੱਖ ਧਾਰਮਿਕ ਅਤੇ ਪੰਥਕ ਸ਼ਖ਼ਸੀਅਤਾਂ ਤੇ ਵੱਡੀ ਗਿਣਤੀ ਵਿੱਚ ਸੰਗਤਾਂ ਮੌਜੂਦ ਸਨ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande