
ਬਟਾਲਾ, 03 ਸਤੰਬਰ (ਹਿੰ.ਸ.)| ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਸ਼ੈਰੀ ਕਲਸੀ ਦੀ ਅਗਵਾਈ ਹੇਠ ਬਟਾਲਾ ਸ਼ਹਿਰ ਵਿੱਚ ‘ਕਲੀਨ ਪੰਜਾਬ’ ਮਿਸ਼ਨ ਤਹਿਤ ਸਫ਼ਾਈ ਮੁਹਿੰਮ ਜਾਰੀ ਹੈ। ਇਸ ਮੁਹਿੰਮ ਦਾ ਉਦੇਸ਼ ਕੂੜੇ ਦੇ ਢੇਰਾਂ ਵਾਲੀਆਂ ਥਾਵਾਂ (ਜੀਵੀਪੀ) ਨੂੰ ਖ਼ਤਮ ਕਰਨਾ ਅਤੇ ਸ਼ਹਿਰ ਵਿੱਚ ਸਾਫ਼-ਸੁਥਰਾ ਵਾਤਾਵਰਨ ਯਕੀਨੀ ਬਣਾਉਣਾ ਹੈ। ਇਸ ਮੌਕੇ ਨਗਰ ਨਿਗਮ ਬਟਾਲਾ ਦੇ ਮੇਅਰ ਭੁਪਿੰਦਰ ਸਿੰਘ ਬਾਜਵਾ ਵੀ ਮੌਜੂਦ ਰਹੇ। ਸਫ਼ਾਈ ਮੁਹਿੰਮ ਦੌਰਾਨ ਵਿਧਾਇਕ ਸ਼ੈਰੀ ਕਲਸੀ ਨੇ ਖੁਦ ਸ਼ਹਿਰ ਦੇ ਅੰਦਰੂਨੀ ਇਲਾਕਿਆਂ ਦਾ ਦੌਰਾ ਕੀਤਾ ਅਤੇ ਵੱਖ-ਵੱਖ ਥਾਵਾਂ ਤੋਂ ਕੂੜੇ ਦੇ ਢੇਰ ਚੁਕਵਾਏ। ਉਨ੍ਹਾਂ ਕਿਹਾ ਕਿ ਸਫ਼ਾਈ ਮੁਹਿੰਮ ਨੂੰ ਸਫ਼ਲ ਬਣਾਉਣ ਲਈ ਸਰਕਾਰੀ ਏਜੰਸੀਆਂ ਦੇ ਨਾਲ-ਨਾਲ ਲੋਕਾਂ ਦੀ ਭਾਗੀਦਾਰੀ ਵੀ ਬੇਹੱਦ ਜ਼ਰੂਰੀ ਹੈ।
ਉਨ੍ਹਾਂ ਸ਼ਹਿਰ ਵਾਸੀਆਂ ਨੂੰ ਸਫ਼ਾਈ ਗਤੀਵਿਧੀਆਂ ਵਿੱਚ ਵੱਧ-ਚੜ੍ਹ ਕੇ ਹਿੱਸਾ ਲੈਣ ਦੀ ਅਪੀਲ ਕਰਦਿਆਂ ਕਿਹਾ ਕਿ ਜਿਨ੍ਹਾਂ ਥਾਵਾਂ ਨੂੰ ਕੂੜੇ ਤੋਂ ਮੁਕਤ ਕੀਤਾ ਗਿਆ ਹੈ, ਉਨ੍ਹਾਂ ਨੂੰ ਮੁੜ ਗੰਦਾ ਨਾ ਕੀਤਾ ਜਾਵੇ। ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ‘ਕਲੀਨ ਪੰਜਾਬ’ ਮੁਹਿੰਮ ਦਾ ਮਕਸਦ ਸਿਰਫ਼ ਕੂੜੇ ਦੇ ਢੇਰ ਹਟਾਉਣਾ ਨਹੀਂ, ਸਗੋਂ ਲੋਕਾਂ ਦੇ ਵਿਵਹਾਰ ਵਿੱਚ ਵੀ ਬਦਲਾਅ ਲਿਆਉਣਾ ਹੈ, ਤਾਂ ਜੋ ਸਫ਼ਾਈ ਨੂੰ ਰੋਜ਼ਾਨਾ ਜੀਵਨ ਦਾ ਹਿੱਸਾ ਬਣਾਇਆ ਜਾ ਸਕੇ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਘਰੇਲੂ ਕੂੜੇ ਦਾ ਨਿਪਟਾਰਾ ਜ਼ਿੰਮੇਵਾਰੀ ਨਾਲ ਕੀਤਾ ਜਾਵੇ ਅਤੇ ਸਾਫ਼ ਕੀਤੀਆਂ ਗਈਆਂ ਥਾਵਾਂ ’ਤੇ ਕੂੜਾ ਨਾ ਸੁੱਟਿਆ ਜਾਵੇ। ਉਨ੍ਹਾਂ ਕਿਹਾ ਕਿ ਸਫ਼ਾਈ ਕਰਮਚਾਰੀਆਂ ਅਤੇ ਨਗਰ ਨਿਗਮ ਦਾ ਸਹਿਯੋਗ ਕਰਕੇ ਹੀ ਸ਼ਹਿਰ ਨੂੰ ਸਾਫ਼-ਸੁਥਰਾ ਰੱਖਿਆ ਜਾ ਸਕਦਾ ਹੈ।
ਹਿੰਦੂਸਥਾਨ ਸਮਾਚਾਰ / GURSHARAN SINGH