
ਨਵੀਂ ਦਿੱਲੀ, 03 ਸਤੰਬਰ (ਹਿੰ.ਸ.)। ਭਾਰਤੀ ਜਨਤਾ ਪਾਰਟੀ ਨੇ ਦੋਸ਼ ਲਗਾਇਆ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਨੇ ਪੰਜਾਬ ਨੂੰ ਲੁੱਟ ਦਾ ਮਾਡਲ ਬਣਾ ਦਿੱਤਾ ਹੈ। ਭਾਜਪਾ ਨੇਤਾ ਅਤੇ ਬੁਲਾਰੇ ਪ੍ਰਦੀਪ ਭੰਡਾਰੀ ਨੇ ਵੀਰਵਾਰ ਨੂੰ ਪ੍ਰੈਸ ਕਾਨਫਰੰਸ ਕਰਕੇ ਮੁੱਖ ਮੰਤਰੀ ਭਗਵੰਤ ਮਾਨ, ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਦੀ ਪਤਨੀ 'ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਪੰਜਾਬ ਵਿੱਚ ਇੱਕ ਕਥਿਤ ਸਿੰਡੀਕੇਟ ਕੰਮ ਕਰ ਰਿਹਾ ਹੈ, ਜਿਸ ਵਿੱਚ ਵਿਚੋਲਿਆਂ ਰਾਹੀਂ ਮਾਮਲਿਆਂ ਨੂੰ ਪ੍ਰਭਾਵਿਤ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।ਪ੍ਰਦੀਪ ਭੰਡਾਰੀ ਨੇ ਦਾਅਵਾ ਕੀਤਾ ਕਿ ਉਨ੍ਹਾਂ ਦੇ ਸਹਮਣੇ ਕੁੱਝ ਅਜਿਹੇ ਆਡੀਓ ਅਤੇ ਹੋਰ ਸਬੂਤ ਆਏ ਹਨ ਜੋ ਕਥਿਤ ਤੌਰ 'ਤੇ ਜਬਰ ਜਨਾਹ ਦੇ ਮਾਮਲਿਆਂ ਨੂੰ ਰੱਦ ਕਰਨ ਦੀ ਆੜ ਵਿੱਚ ਪੰਜਾਬ ਵਿੱਚ ਮਨੀ ਲਾਂਡਰਿੰਗ ਨੈੱਟਵਰਕ ਨੂੰ ਦਰਸਾਉਂਦੇ ਹਨ। ਉਨ੍ਹਾਂ ਦੋਸ਼ ਲਾਇਆ ਕਿ ਇਸ ਮਾਮਲੇ ਵਿੱਚ ਮੁੱਖ ਮੰਤਰੀ ਦਫ਼ਤਰ ਦੀ ਭੂਮਿਕਾ ਦੀ ਵੀ ਜਾਂਚ ਹੋਣੀ ਚਾਹੀਦੀ ਹੈ।ਪ੍ਰੈਸ ਕਾਨਫਰੰਸ ਦੌਰਾਨ, ਭੰਡਾਰੀ ਨੇ ਗੁਰਮਿੰਦਰ ਚਾਹਲ ਨਾਮ ਦੇ ਇੱਕ ਵਿਅਕਤੀ ਦੀ ਕਥਿਤ ਆਡੀਓ ਰਿਕਾਰਡਿੰਗ ਦਾ ਹਵਾਲਾ ਦਿੱਤਾ, ਜਿਸਨੂੰ ਉਨ੍ਹਾਂ ਨੇ ਵਿਚੋਲਾ ਦੱਸਿਆ। ਉਨ੍ਹਾਂ ਦੇ ਅਨੁਸਾਰ, ਆਡੀਓ ਵਿੱਚ ਕਥਿਤ ਤੌਰ 'ਤੇ ਚਾਹਲ ਇੱਕ ਜਬਰ ਜਨਾਹ ਦੇ ਦੋਸ਼ੀ ਦੇ ਰਿਸ਼ਤੇਦਾਰ ਨਾਲ ਗੱਲ ਕਰਦੇ ਹੋਏ ਦਾਅਵਾ ਕਰ ਰਿਹਾ ਹੈ ਹੈ ਕਿ ਮੁੱਖ ਮੰਤਰੀ ਨੂੰ ਇਸ ਮਾਮਲੇ ਬਾਰੇ ਸੂਚਿਤ ਕਰ ਦਿੱਤਾ ਗਿਆ ਹੈ ਅਤੇ ਮੁੱਖ ਮੰਤਰੀ ਵੀ ਹੁਣ ਇਸ ਵਿੱਚ ਸ਼ਾਮਲ ਹਨ। ਭੰਡਾਰੀ ਨੇ ਦੋਸ਼ ਲਗਾਇਆ ਕਿ ਦੋਸ਼ੀ ਦੇ ਰਿਸ਼ਤੇਦਾਰ ਨੂੰ ਭਰੋਸਾ ਦਿੱਤਾ ਜਾ ਰਿਹਾ ਹੈ ਕਿ ਕੇਸ ਵਾਪਸ ਲਿਆ ਜਾ ਸਕਦਾ ਹੈ ਅਤੇ ਖਾਰਜ ਕੀਤਾ ਜਾ ਸਕਦਾ ਹੈ, ਅਤੇ ਬਾਅਦ ਵਿੱਚ ਉਸਨੂੰ ਪਿੱਛੇ ਨਾ ਹਟਣ ਲਈ ਕਿਹਾ ਜਾ ਰਿਹਾ ਹੈ। ਉਨ੍ਹਾਂ ਸਵਾਲ ਉਠਾਇਆ ਕਿ ਕੀ ਅਜਿਹੇ ਮਾਮਲਿਆਂ ਨੂੰ ਖਤਮ ਕਰਨ ਲਈ ਕਿਸੇ ਕਿਸਮ ਦਾ ਵਿੱਤੀ ਲੈਣ-ਦੇਣ ਹੋ ਰਿਹਾ ਹੈ ਅਤੇ ਕੀ ਮੁੱਖ ਮੰਤਰੀ ਨਿਵਾਸ ਜਾਂ ਮੁੱਖ ਮੰਤਰੀ ਦਫ਼ਤਰ ਨੂੰ ਪੈਸੇ ਪਹੁੰਚਾਉਣ ਲਈ ਕੋਈ ਕਥਿਤ ਨੈੱਟਵਰਕ ਹੈ।ਉਨ੍ਹਾਂ ਕਿਹਾ ਕਿ ਪਹਿਲੀ ਨਜ਼ਰੇ ਸਾਹਮਣੇ ਆਈ ਆਡੀਓ ਗੰਭੀਰ ਸਵਾਲ ਖੜ੍ਹੇ ਕਰਦੀ ਹੈ ਅਤੇ ਇਸਦੀ ਨਿਰਪੱਖ ਜਾਂਚ ਦੀ ਮੰਗ ਕਰਦੀ ਹੈ। ਭੰਡਾਰੀ ਨੇ ਦੋਸ਼ ਲਗਾਇਆ ਕਿ ਪੰਜਾਬ ਵਿੱਚ ਭ੍ਰਿਸ਼ਟਾਚਾਰ ਦਾ ਇੱਕ ਨਵਾਂ ਮਾਡਲ ਵਿਕਸਿਤ ਹੋ ਰਿਹਾ ਹੈ, ਜਿਸ ਵਿੱਚ ਵਿਚੋਲਿਆਂ ਰਾਹੀਂ ਸੰਵੇਦਨਸ਼ੀਲ ਅਪਰਾਧਿਕ ਮਾਮਲਿਆਂ ਨੂੰ ਪ੍ਰਭਾਵਿਤ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।
ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ