
ਚੰਡੀਗੜ੍ਹ, 03 ਸਤੰਬਰ (ਹਿੰ.ਸ.)| ਪੰਜਾਬ ਵਿੱਚ ਭਾਰਤੀ ਜਨਤਾ ਪਾਰਟੀ ਨੂੰ ਉਸ ਸਮੇਂ ਸਿਆਸੀ ਮਜ਼ਬੂਤੀ ਮਿਲੀ, ਜਦੋਂ ਸੰਗਰੂਰ ਵਿੱਚ ਆਮ ਆਦਮੀ ਪਾਰਟੀ (ਆਪ) ਦੇ ਮੌਜੂਦਾ ਕੌਂਸਲਰਾਂ ਅਤੇ ਸ਼੍ਰੋਮਣੀ ਅਕਾਲੀ ਦਲ ਨਾਲ ਸਬੰਧਤ ਇੱਕ ਸੀਨੀਅਰ ਆਗੂ ਨੇ ਭਾਜਪਾ ਦਾ ਪੱਲਾ ਫੜ ਲਿਆ। ਇਨ੍ਹਾਂ ਆਗੂਆਂ ਨੇ ਪੰਜਾਬ ਭਾਜਪਾ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਅਤੇ ਸੂਬਾ ਜਨਰਲ ਸਕੱਤਰ ਜੀਵਨ ਗਰਗ ਦੀ ਮੌਜੂਦਗੀ ਵਿੱਚ ਭਾਜਪਾ ਦੀ ਮੈਂਬਰਸ਼ਿਪ ਹਾਸਲ ਕੀਤੀ।
ਭਾਜਪਾ ਵਿੱਚ ਸ਼ਾਮਲ ਹੋਣ ਵਾਲਿਆਂ ਵਿੱਚ ਪਰਮਿੰਦਰ ਸਿੰਘ (ਪਿੰਕੀ), ਵਾਰਡ ਨੰਬਰ 26 ਤੋਂ ਮੌਜੂਦਾ ਨਗਰ ਕੌਂਸਲਰ, ‘ਆਪ’ ਦੇ ਜ਼ਿਲ੍ਹਾ ਉਪ ਪ੍ਰਧਾਨ ਅਤੇ ਪੱਛੜੀਆਂ ਸ਼੍ਰੇਣੀਆਂ (ਬੀਸੀ) ਵਿੰਗ ਦੇ ਸਾਬਕਾ ਅਹੁਦੇਦਾਰ; ਹਰਪ੍ਰੀਤ ਸਿੰਘ ਸੇਖੋਂ, ਵਾਰਡ ਨੰਬਰ 24 ਤੋਂ ਮੌਜੂਦਾ ਨਗਰ ਕੌਂਸਲਰ; ਅਤੇ ਲਲਿਤ ਗਰਗ, ਸਾਬਕਾ ਸੀਨੀਅਰ ਅਕਾਲੀ ਆਗੂ ਅਤੇ ਸਾਬਕਾ ‘ਆਪ’ ਜ਼ਿਲ੍ਹਾ ਪੱਧਰੀ ਆਗੂ ਸ਼ਾਮਲ ਹਨ। ਲਲਿਤ ਗਰਗ ਅਗਰਵਾਲ ਸਭਾ ਦੇ ਉਪ ਪ੍ਰਧਾਨ ਅਤੇ ਟਰੇਡ ਵਿੰਗ, ਸੰਗਰੂਰ ਦੇ ਸਕੱਤਰ ਵੀ ਰਹਿ ਚੁੱਕੇ ਹਨ।
ਨਵੇਂ ਆਗੂਆਂ ਦਾ ਭਾਜਪਾ ਵਿੱਚ ਸਵਾਗਤ ਕਰਦਿਆਂ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਇਨ੍ਹਾਂ ਆਗੂਆਂ ਦੇ ਪਾਰਟੀ ਵਿੱਚ ਸ਼ਾਮਲ ਹੋਣ ਨਾਲ ਜ਼ਮੀਨੀ ਪੱਧਰ ਦੇ ਆਗੂਆਂ ਦਾ ਭਾਜਪਾ ਦੀ ਲੀਡਰਸ਼ਿਪ ਅਤੇ ਨੀਤੀਆਂ ਪ੍ਰਤੀ ਵੱਧ ਰਿਹਾ ਭਰੋਸਾ ਸਪੱਸ਼ਟ ਹੁੰਦਾ ਹੈ।
ਉਨ੍ਹਾਂ ਕਿਹਾ ਕਿ ਭਾਜਪਾ ਪੰਜਾਬ ਵਿੱਚ ਇੱਕ ਮਜ਼ਬੂਤ ਸਿਆਸੀ ਬਦਲ ਵਜੋਂ ਉੱਭਰ ਰਹੀ ਹੈ ਅਤੇ ਵੱਖ-ਵੱਖ ਸਿਆਸੀ ਪਿਛੋਕੜਾਂ ਨਾਲ ਸਬੰਧਤ ਆਗੂ ਲਗਾਤਾਰ ਪਾਰਟੀ ਨਾਲ ਜੁੜ ਰਹੇ ਹਨ। ਉਨ੍ਹਾਂ ਮੁਤਾਬਕ ਇਨ੍ਹਾਂ ਆਗੂਆਂ ਦੇ ਤਜਰਬੇ ਨਾਲ ਪਾਰਟੀ ਦੇ ਸੰਗਠਨ ਨੂੰ ਜ਼ਮੀਨੀ ਪੱਧਰ ’ਤੇ ਹੋਰ ਮਜ਼ਬੂਤੀ ਮਿਲੇਗੀ।
ਢਿੱਲੋਂ ਨੇ ਕਿਹਾ ਕਿ ਭਾਜਪਾ ਉਨ੍ਹਾਂ ਤਜਰਬੇਕਾਰ ਆਗੂਆਂ ਅਤੇ ਲੋਕ ਨੁਮਾਇੰਦਿਆਂ ਦਾ ਸਵਾਗਤ ਕਰਦੀ ਹੈ, ਜੋ ਇੱਕ ਮਜ਼ਬੂਤ, ਖੁਸ਼ਹਾਲ ਅਤੇ ਵਿਕਸਤ ਪੰਜਾਬ ਦੇ ਨਿਰਮਾਣ ਵਿੱਚ ਯੋਗਦਾਨ ਪਾਉਣ ਲਈ ਵਚਨਬੱਧ ਹਨ। ਭਾਜਪਾ ਸੂਬਾ ਪ੍ਰਧਾਨ ਨੇ ਭਰੋਸਾ ਜਤਾਇਆ ਕਿ ਨਵੇਂ ਸ਼ਾਮਲ ਹੋਏ ਆਗੂਆਂ ਦਾ ਤਜਰਬਾ ਅਤੇ ਲੋਕਾਂ ਨਾਲ ਉਨ੍ਹਾਂ ਦਾ ਮਜ਼ਬੂਤ ਜੁੜਾਅ ਸੰਗਰੂਰ ਅਤੇ ਆਸ-ਪਾਸ ਦੇ ਇਲਾਕਿਆਂ ਵਿੱਚ ਭਾਜਪਾ ਦੇ ਸੰਗਠਨ ਨੂੰ ਹੋਰ ਮਜ਼ਬੂਤ ਕਰੇਗਾ। ਭਾਜਪਾ ਵਿੱਚ ਸ਼ਾਮਲ ਹੋਏ ਆਗੂਆਂ ਨੇ ਪਾਰਟੀ ਦੀ ਲੀਡਰਸ਼ਿਪ ਅਤੇ ਨੀਤੀਆਂ ਵਿੱਚ ਭਰੋਸਾ ਪ੍ਰਗਟਾਉਂਦਿਆਂ ਕਿਹਾ ਕਿ ਉਹ ਸੰਗਠਨ ਨੂੰ ਮਜ਼ਬੂਤ ਕਰਨ ਲਈ ਸਰਗਰਮੀ ਨਾਲ ਕੰਮ ਕਰਨਗੇ। ਉਨ੍ਹਾਂ ਭਾਜਪਾ ਦੀ ਵਿਚਾਰਧਾਰਾ, ਨੀਤੀਆਂ ਅਤੇ ਪ੍ਰੋਗਰਾਮਾਂ ਨੂੰ ਪੰਜਾਬ ਦੇ ਲੋਕਾਂ ਤੱਕ ਪਹੁੰਚਾਉਣ ਲਈ ਸਮਰਪਿਤ ਭਾਵਨਾ ਨਾਲ ਕੰਮ ਕਰਨ ਦਾ ਸੰਕਲਪ ਵੀ ਲਿਆ।
ਹਿੰਦੂਸਥਾਨ ਸਮਾਚਾਰ / GURSHARAN SINGH