
ਚੰਡੀਗੜ੍ਹ, 03 ਸਤੰਬਰ (ਹਿੰ.ਸ.)| ਨਾਭਾ ਵਿਧਾਨ ਸਭਾ ਹਲਕੇ ਦੇ ਪਿੰਡ ਕਕਰਾਲਾ ਦੇ ਅਨੁਸੂਚਿਤ ਜਾਤੀ ਨਾਲ ਸਬੰਧਤ ਦੋ ਭਰਾਵਾਂ ਨਾਲ ਕਥਿਤ ਪੁਲਿਸ ਤਸ਼ੱਦਦ ਦਾ ਮਾਮਲਾ ਸਾਹਮਣੇ ਆਉਣ ਤੋਂ ਬਾਅਦ ਸਿਆਸੀ ਮਾਹੌਲ ਗਰਮਾ ਗਿਆ ਹੈ। ਪੀੜਤ ਪਰਿਵਾਰ ਵੱਲੋਂ ਪੁਲਿਸ ’ਤੇ ਨਿਰਵਸਤਰ ਕਰਕੇ ਕਰੰਟ ਲਗਾਉਣ ਅਤੇ ਕੁੱਟਮਾਰ ਕਰਨ ਦੇ ਲਗਾਏ ਗਏ ਦੋਸ਼ਾਂ ਨੇ ਪੰਜਾਬ ਦੀ ਕਾਨੂੰਨ-ਵਿਵਸਥਾ ਅਤੇ ਮਨੁੱਖੀ ਅਧਿਕਾਰਾਂ ਦੀ ਸਥਿਤੀ ’ਤੇ ਸਵਾਲ ਖੜ੍ਹੇ ਕਰ ਦਿੱਤੇ ਹਨ।
ਭਾਰਤੀ ਜਨਤਾ ਪਾਰਟੀ ਅਨੁਸੂਚਿਤ ਜਾਤੀ ਮੋਰਚਾ, ਪੰਜਾਬ ਦੇ ਸੂਬਾ ਮੀਤ ਪ੍ਰਧਾਨ ਪਰਮਜੀਤ ਸਿੰਘ ਕੈਂਥ ਨੇ ਇਨ੍ਹਾਂ ਦੋਸ਼ਾਂ ਨੂੰ ਗੰਭੀਰ ਕਰਾਰ ਦਿੰਦਿਆਂ ਪੰਜਾਬ ਸਰਕਾਰ ਤੋਂ ਮਾਮਲੇ ਦੀ ਨਿਰਪੱਖ, ਉੱਚ ਪੱਧਰੀ ਅਤੇ ਸਮਾਂਬੱਧ ਜਾਂਚ ਕਰਵਾਉਣ ਦੀ ਮੰਗ ਕੀਤੀ ਹੈ।
ਕੈਂਥ ਨੇ ਕਿਹਾ ਕਿ ਪੁਲਿਸ ਚੌਕੀ ਛਿੰਟਾਂਵਾਲਾ ਦੇ ਇੰਚਾਰਜ ’ਤੇ ਲੱਗੇ ਦੋਸ਼ਾਂ ਦੀ ਗੰਭੀਰਤਾ ਨਾਲ ਜਾਂਚ ਹੋਣੀ ਚਾਹੀਦੀ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਪੀੜਤ ਪਰਿਵਾਰ ਨੂੰ ਇਨਸਾਫ਼ ਦੇਣ ਦੀ ਬਜਾਏ ਕਥਿਤ ਤੌਰ ’ਤੇ ਝੂਠੇ ਕੇਸ ਵਿੱਚ ਫਸਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ, ਜੋ ਮਾਮਲੇ ਨੂੰ ਹੋਰ ਗੰਭੀਰ ਬਣਾਉਂਦਾ ਹੈ।
ਉਨ੍ਹਾਂ ਕਿਹਾ ਕਿ ਜੇਕਰ ਪੁਲਿਸ ਤਸ਼ੱਦਦ ਦੇ ਦੋਸ਼ ਲਗਾਉਣ ਵਾਲੇ ਪਰਿਵਾਰ ਨੂੰ ਹੀ ਦਬਾਅ ਹੇਠ ਲਿਆਂਦਾ ਜਾਂ ਉਸ ਵਿਰੁੱਧ ਕਾਰਵਾਈ ਕੀਤੀ ਜਾਂਦੀ ਹੈ ਤਾਂ ਇਹ ਕਾਨੂੰਨ ਦੇ ਰਾਜ ’ਤੇ ਗੰਭੀਰ ਸਵਾਲ ਖੜ੍ਹੇ ਕਰਦਾ ਹੈ। ਕੈਂਥ ਨੇ ਕਿਹਾ ਕਿ ਮਨੁੱਖੀ ਅਧਿਕਾਰ ਕਿਸੇ ਵੀ ਸਿਆਸੀ ਪਾਰਟੀ ਦੀ ਸਹੂਲਤ ਦੇ ਅਧੀਨ ਨਹੀਂ ਹੋ ਸਕਦੇ।
ਕੈਂਥ ਨੇ ਸਥਾਨਕ ਵਿਧਾਇਕ ਸਮੇਤ ਆਮ ਆਦਮੀ ਪਾਰਟੀ, ਕਾਂਗਰਸ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਨੂੰ ਸਵਾਲ ਕੀਤਾ ਕਿ ਦੋ ਦਲਿਤ ਨੌਜਵਾਨਾਂ ’ਤੇ ਕਥਿਤ ਪੁਲਿਸ ਤਸ਼ੱਦਦ ਦੇ ਗੰਭੀਰ ਦੋਸ਼ਾਂ ਦੇ ਬਾਵਜੂਦ ਉਹ ਪੀੜਤ ਪਰਿਵਾਰ ਦੇ ਨਾਲ ਕਿਉਂ ਨਹੀਂ ਖੜ੍ਹੇ ਹੋ ਰਹੇ।
ਉਨ੍ਹਾਂ ਪੀੜਤਾਂ ਦਾ ਤੁਰੰਤ ਮੈਡੀਕਲ ਕਰਵਾਉਣ, ਪੁਲਿਸ ਦੇ ਦਬਾਅ ਤੋਂ ਮੁਕਤ ਹੋ ਕੇ ਉਨ੍ਹਾਂ ਦੇ ਬਿਆਨ ਦਰਜ ਕਰਨ ਅਤੇ ਜਾਂਚ ਦੌਰਾਨ ਦੋਸ਼ੀ ਪਾਏ ਜਾਣ ਵਾਲੇ ਵਿਅਕਤੀਆਂ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਦੀ ਮੰਗ ਕੀਤੀ।
ਕੈਂਥ ਨੇ ਚੇਤਾਵਨੀ ਦਿੱਤੀ ਕਿ ਪੀੜਤ ਪਰਿਵਾਰ ਨੂੰ ਡਰਾਉਣ, ਦਲਿਤਾਂ ਦੀ ਆਵਾਜ਼ ਦਬਾਉਣ ਜਾਂ ਦੋਸ਼ੀ ਪੁਲਿਸ ਅਧਿਕਾਰੀਆਂ ਨੂੰ ਬਚਾਉਣ ਦੀ ਕੋਈ ਵੀ ਕੋਸ਼ਿਸ਼ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਸਰਕਾਰ ਨੂੰ ਅਪੀਲ ਕੀਤੀ ਕਿ ਮਾਮਲੇ ਦੀ ਨਿਰਪੱਖ ਜਾਂਚ ਕਰਵਾ ਕੇ ਪੀੜਤ ਪਰਿਵਾਰ ਨੂੰ ਇਨਸਾਫ਼ ਯਕੀਨੀ ਬਣਾਇਆ ਜਾਵੇ।
ਹਿੰਦੂਸਥਾਨ ਸਮਾਚਾਰ / GURSHARAN SINGH