
ਫਾਜ਼ਿਲਕਾ, 04 ਸਤੰਬਰ (ਹਿੰ.ਸ.)| ਜ਼ਿਲ੍ਹਾ ਮੈਜਿਸਟ੍ਰੇਟ ਅਮਰਪ੍ਰੀਤ ਕੌਰ ਸੰਧੂ, ਆਈਏਐਸ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ-2023 ਦੀ ਧਾਰਾ 163 ਤਹਿਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹੇ ਵਿੱਚ ਹਥਿਆਰਾਂ ਦੇ ਜਨਤਕ ਪ੍ਰਦਰਸ਼ਨ ’ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ। ਇਹ ਹੁਕਮ 31 ਅਕਤੂਬਰ 2026 ਤੱਕ ਲਾਗੂ ਰਹਿਣਗੇ।
ਜ਼ਿਲ੍ਹਾ ਮੈਜਿਸਟ੍ਰੇਟ ਨੇ ਕਿਹਾ ਕਿ ਕੋਈ ਵੀ ਵਿਅਕਤੀ ਮੇਲੇ, ਧਾਰਮਿਕ ਸਮਾਗਮ, ਵਿਆਹ, ਜਲੂਸ ਜਾਂ ਕਿਸੇ ਹੋਰ ਇਕੱਠ ਵਿੱਚ ਅਤੇ ਜ਼ਿਲ੍ਹੇ ਦੀ ਹੱਦ ਅੰਦਰ ਕਿਸੇ ਵਿਦਿਅਕ ਸੰਸਥਾ ਦੇ ਘੇਰੇ ਵਿੱਚ ਕੋਈ ਵੀ ਹਥਿਆਰ, ਤਿੱਖੀ ਧਾਰ ਵਾਲੇ ਹਥਿਆਰਾਂ ਸਮੇਤ, ਲੈ ਕੇ ਨਹੀਂ ਜਾ ਸਕੇਗਾ। ਇਸ ਤੋਂ ਇਲਾਵਾ ਕਿਸੇ ਵੀ ਥਾਂ ’ਤੇ ਤੇਜ਼ਧਾਰ ਹਥਿਆਰ ਲਹਿਰਾਉਣ ਜਾਂ ਪ੍ਰਦਰਸ਼ਿਤ ਕਰਨ ’ਤੇ ਵੀ ਪੂਰਨ ਪਾਬੰਦੀ ਰਹੇਗੀ।
ਹੁਕਮਾਂ ਤਹਿਤ ਕੋਈ ਵੀ ਵਿਅਕਤੀ ਹਥਿਆਰਾਂ ਨੂੰ ਲਹਿਰਾਉਂਦੇ ਜਾਂ ਪ੍ਰਦਰਸ਼ਿਤ ਕਰਦੇ ਹੋਏ ਤਸਵੀਰਾਂ ਜਾਂ ਵੀਡੀਓਜ਼ ਸੋਸ਼ਲ ਮੀਡੀਆ ’ਤੇ ਅਪਲੋਡ ਨਹੀਂ ਕਰ ਸਕੇਗਾ। ਇਸ ਤੋਂ ਇਲਾਵਾ ਕਿਸੇ ਵੀ ਸਮਾਗਮ, ਪ੍ਰੋਗਰਾਮ ਜਾਂ ਕਾਰਜ ਦੌਰਾਨ ਅਜਿਹਾ ਗੀਤ ਗਾਉਣ ਜਾਂ ਨਾਟਕ ਕਰਨ ’ਤੇ ਵੀ ਪਾਬੰਦੀ ਹੋਵੇਗੀ, ਜਿਸ ਰਾਹੀਂ ਹਥਿਆਰ ਰੱਖਣ, ਉਨ੍ਹਾਂ ਦੇ ਪ੍ਰਦਰਸ਼ਨ ਜਾਂ ਵਰਤੋਂ ਦੀ ਵਡਿਆਈ ਕੀਤੀ ਜਾਂਦੀ ਹੋਵੇ। ਅਜਿਹੀ ਸਮੱਗਰੀ ਨੂੰ ਸੋਸ਼ਲ ਮੀਡੀਆ ’ਤੇ ਅਪਲੋਡ ਕਰਨ ਦੀ ਵੀ ਮਨਾਹੀ ਹੋਵੇਗੀ।
ਜ਼ਿਲ੍ਹਾ ਮੈਜਿਸਟ੍ਰੇਟ ਨੇ ਸਪੱਸ਼ਟ ਕੀਤਾ ਕਿ ਇਹ ਹੁਕਮ ਹਥਿਆਰਬੰਦ ਸੈਨਾਵਾਂ ਅਤੇ ਪੁਲਿਸ ਦੇ ਮੈਂਬਰਾਂ ’ਤੇ ਲਾਗੂ ਨਹੀਂ ਹੋਣਗੇ। ਇਸੇ ਤਰ੍ਹਾਂ ਹੋਮ ਗਾਰਡ ਜਾਂ ਹੋਰ ਸਰਕਾਰੀ ਕਰਮਚਾਰੀ ਜੋ ਆਪਣੀ ਡਿਊਟੀ ਦੌਰਾਨ ਸੁਰੱਖਿਆ ਅਤੇ ਕਾਨੂੰਨ ਵਿਵਸਥਾ ਬਣਾਈ ਰੱਖਣ ਲਈ ਹਥਿਆਰ ਰੱਖਦੇ ਹਨ, ਉਹ ਵੀ ਇਸ ਪਾਬੰਦੀ ਤੋਂ ਬਾਹਰ ਰਹਿਣਗੇ। ਵਿਦਿਅਕ ਅਤੇ ਵਪਾਰਕ ਅਦਾਰਿਆਂ, ਹੋਟਲਾਂ ਤੇ ਮੈਰਿਜ ਪੈਲੇਸਾਂ ਆਦਿ ਦੇ ਸੁਰੱਖਿਆ ਗਾਰਡ ਵੀ ਆਪਣੀ ਡਿਊਟੀ ਦੌਰਾਨ ਹਥਿਆਰ ਰੱਖ ਸਕਣਗੇ।
ਅਮਰਪ੍ਰੀਤ ਕੌਰ ਸੰਧੂ ਨੇ ਕਿਹਾ ਕਿ ਹਥਿਆਰਾਂ ਦਾ ਜਨਤਕ ਪ੍ਰਦਰਸ਼ਨ ਲੋਕਾਂ ਵਿੱਚ ਅਸੁਰੱਖਿਆ ਦੀ ਭਾਵਨਾ ਪੈਦਾ ਕਰਦਾ ਹੈ ਅਤੇ ਇਸ ਨਾਲ ਕਾਨੂੰਨ ਵਿਵਸਥਾ ਦੀ ਸਥਿਤੀ ਵਿਗੜਨ ਦੀ ਸੰਭਾਵਨਾ ਰਹਿੰਦੀ ਹੈ। ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਲਾਇਸੰਸਸ਼ੁਦਾ ਹਥਿਆਰਾਂ ਦੀ ਦੁਰਵਰਤੋਂ ਦੀਆਂ ਘਟਨਾਵਾਂ ਸਾਹਮਣੇ ਆਉਣ ਕਾਰਨ ਵੀ ਅਜਿਹੇ ਮਾਮਲਿਆਂ ’ਤੇ ਸਖ਼ਤੀ ਦੀ ਲੋੜ ਮਹਿਸੂਸ ਹੋਈ ਹੈ। ਇਸੇ ਦੇ ਮੱਦੇਨਜ਼ਰ ਫਾਜ਼ਿਲਕਾ ਜ਼ਿਲ੍ਹੇ ਵਿੱਚ ਇਹ ਪਾਬੰਦੀ ਦੇ ਹੁਕਮ ਜਾਰੀ ਕੀਤੇ ਗਏ ਹਨ।
ਹਿੰਦੂਸਥਾਨ ਸਮਾਚਾਰ / GURSHARAN SINGH