
ਅੰਮ੍ਰਿਤਸਰ, 04 ਸਤੰਬਰ (ਹਿੰ.ਸ.)| ਕੇਂਦਰੀ ਵਿਧਾਨ ਸਭਾ ਹਲਕੇ ਤੋਂ ਵਿਧਾਇਕ ਡਾ. ਅਜੈ ਗੁਪਤਾ ਨੇ ਹਲਕੇ ਦੀਆਂ ਮਹਿਲਾ ਸਖੀਆਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਨੂੰ ਸਨਮਾਨਿਤ ਕੀਤਾ। ਮਹਿਲਾ ਸਖੀਆਂ ਵੱਲੋਂ ਜ਼ਮੀਨੀ ਪੱਧਰ ’ਤੇ ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਨੂੰ ਸਫ਼ਲਤਾਪੂਰਵਕ ਲੋਕਾਂ ਤੱਕ ਪਹੁੰਚਾਉਣ ਅਤੇ ਯੋਗ ਲਾਭਪਾਤਰੀਆਂ ਨੂੰ ਇਸ ਦਾ ਲਾਭ ਦਿਵਾਉਣ ਵਿੱਚ ਅਹਿਮ ਭੂਮਿਕਾ ਨਿਭਾਈ ਗਈ ਹੈ।ਇਸ ਮੌਕੇ ਵਿਧਾਇਕ ਡਾ. ਅਜੈ ਗੁਪਤਾ ਨੇ ਮਹਿਲਾ ਸਖੀਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਕਿਸੇ ਵੀ ਸਰਕਾਰੀ ਯੋਜਨਾ ਦੀ ਸਫ਼ਲਤਾ ਲਈ ਉਸ ਦਾ ਲਾਭ ਜ਼ਮੀਨੀ ਪੱਧਰ ’ਤੇ ਯੋਗ ਲੋਕਾਂ ਤੱਕ ਪਹੁੰਚਣਾ ਬਹੁਤ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਮਹਿਲਾ ਸਖੀਆਂ ਨੇ ਪੂਰੀ ਮਿਹਨਤ, ਸਮਰਪਣ ਅਤੇ ਜ਼ਿੰਮੇਵਾਰੀ ਨਾਲ ਕੰਮ ਕਰਦਿਆਂ ਵੱਡੀ ਗਿਣਤੀ ਵਿੱਚ ਮਾਵਾਂ ਅਤੇ ਧੀਆਂ ਤੱਕ ਯੋਜਨਾ ਦੇ ਲਾਭ ਪਹੁੰਚਾਉਣ ਵਿੱਚ ਸਹਿਯੋਗ ਦਿੱਤਾ ਹੈ।ਡਾ. ਗੁਪਤਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਔਰਤਾਂ ਦੀ ਭਲਾਈ, ਸਤਿਕਾਰ ਅਤੇ ਆਰਥਿਕ ਸਸ਼ਕਤੀਕਰਨ ਨੂੰ ਵਿਸ਼ੇਸ਼ ਤਰਜੀਹ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦੀਆਂ ਲੋਕ ਭਲਾਈ ਯੋਜਨਾਵਾਂ ਨੂੰ ਪਾਰਦਰਸ਼ੀ ਅਤੇ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ’ਤੇ ਜ਼ੋਰ ਦਿੱਤਾ ਜਾ ਰਿਹਾ ਹੈ, ਤਾਂ ਜੋ ਇਨ੍ਹਾਂ ਦਾ ਲਾਭ ਅਸਲ ਯੋਗ ਲਾਭਪਾਤਰੀਆਂ ਤੱਕ ਆਸਾਨੀ ਨਾਲ ਪਹੁੰਚ ਸਕੇ। ਸਨਮਾਨ ਸਮਾਗਮ ਦੌਰਾਨ ਵਿਧਾਇਕ ਡਾ. ਗੁਪਤਾ ਨੇ ਮਹਿਲਾ ਸਖੀਆਂ ’ਤੇ ਫੁੱਲ ਵਰ੍ਹਾ ਕੇ ਉਨ੍ਹਾਂ ਦਾ ਸਨਮਾਨ ਕੀਤਾ ਅਤੇ ਯੋਜਨਾ ਨੂੰ ਸਫ਼ਲ ਬਣਾਉਣ ਵਿੱਚ ਉਨ੍ਹਾਂ ਦੀ ਭੂਮਿਕਾ ਦੀ ਸ਼ਲਾਘਾ ਕੀਤੀ। ਇਸ ਦੌਰਾਨ ਖੁਸ਼ੀ ਭਰੇ ਮਾਹੌਲ ਵਿੱਚ ਗਿੱਧਾ ਅਤੇ ਭੰਗੜਾ ਵੀ ਪੇਸ਼ ਕੀਤਾ ਗਿਆ।ਵਿਧਾਇਕ ਨੇ ਕਿਹਾ ਕਿ ਮਾਵਾਂ ਅਤੇ ਧੀਆਂ ਦਾ ਸਤਿਕਾਰ ਕਰਨਾ ਸਾਡੀ ਸਮਾਜਿਕ ਜ਼ਿੰਮੇਵਾਰੀ ਹੈ ਅਤੇ ਔਰਤਾਂ ਦੇ ਸਨਮਾਨ ਲਈ ਅਜਿਹੇ ਯਤਨ ਭਵਿੱਖ ਵਿੱਚ ਵੀ ਜਾਰੀ ਰਹਿਣਗੇ।ਇਸ ਮੌਕੇ ਆਮ ਆਦਮੀ ਪਾਰਟੀ ਦੇ ਹਲਕਾ ਸੰਗਠਨ ਇੰਚਾਰਜ ਹਰਪ੍ਰੀਤ ਸਿੰਘ ਆਹਲੂਵਾਲੀਆ, ਅੰਮ੍ਰਿਤਸਰ ਮਹਿਲਾ ਵਿੰਗ ਇੰਚਾਰਜ ਕਾਮਨਾ ਆਨੰਦ, ਜ਼ਿਲ੍ਹਾ ਮਹਿਲਾ ਵਿੰਗ ਇੰਚਾਰਜ ਸੁਖਬੀਰ ਕੌਰ, ਮੋਨਾ ਮਹਾਜਨ, ਰਿਤੂ ਮਹਾਜਨ ਅਤੇ ਵਿਧਾਨ ਸਭਾ ਹਲਕੇ ਦੀਆਂ ਵੱਖ-ਵੱਖ ਮਹਿਲਾ ਬਲਾਕ ਪ੍ਰਧਾਨ ਵੀ ਮੌਜੂਦ ਸਨ।
ਹਿੰਦੂਸਥਾਨ ਸਮਾਚਾਰ / GURSHARAN SINGH