ਅਕਾਲ ਤਖ਼ਤ ਸਾਹਿਬ ਦੇ ਜੱਥੇਦਾਰ ਨੇ ਸਿੱਖ ਨੌਜਵਾਨ ਤੇ ਤਸ਼ੱਦਦ ਅਤੇ ਕਕਾਰਾਂ ਦੀ ਬੇਅਦਬੀ ਮਾਮਲੇ ਕੀਤੀ ਕਾਰਵਾਈ ਦੀ ਮੰਗ
ਅੰਮ੍ਰਿਤਸਰ, 04 ਸਤੰਬਰ (ਹਿੰ.ਸ.)| ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸੰਗਰੂਰ ਜ਼ਿਲ੍ਹੇ ਦੇ ਪਿੰਡ ਸ਼ੇਰੋਂ ਨਾਲ ਸਬੰਧਤ ਸਿੱਖ ਨੌਜਵਾਨ ਮੋਹਣਜੀਤ ਸਿੰਘ ਨਾਲ ਕਥਿਤ ਤਸ਼ੱਦਦ ਅਤੇ ਕਕਾਰਾਂ ਦੀ ਬੇਅਦਬੀ ਦੇ ਮਾਮਲੇ ਦਾ ਸਖ਼ਤ ਨੋਟਿਸ ਲੈਂਦਿਆਂ ਜ਼ਿੰਮੇਵਾਰ ਪੁਲਿਸ ਅ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ


ਅੰਮ੍ਰਿਤਸਰ, 04 ਸਤੰਬਰ (ਹਿੰ.ਸ.)| ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸੰਗਰੂਰ ਜ਼ਿਲ੍ਹੇ ਦੇ ਪਿੰਡ ਸ਼ੇਰੋਂ ਨਾਲ ਸਬੰਧਤ ਸਿੱਖ ਨੌਜਵਾਨ ਮੋਹਣਜੀਤ ਸਿੰਘ ਨਾਲ ਕਥਿਤ ਤਸ਼ੱਦਦ ਅਤੇ ਕਕਾਰਾਂ ਦੀ ਬੇਅਦਬੀ ਦੇ ਮਾਮਲੇ ਦਾ ਸਖ਼ਤ ਨੋਟਿਸ ਲੈਂਦਿਆਂ ਜ਼ਿੰਮੇਵਾਰ ਪੁਲਿਸ ਅਧਿਕਾਰੀਆਂ ਖ਼ਿਲਾਫ਼ ਕਾਰਵਾਈ ਦੀ ਮੰਗ ਕੀਤੀ ਹੈ।ਗੁਰਦੁਆਰਾ ਸ੍ਰੀ ਭੱਠਾ ਸਾਹਿਬ, ਰੋਪੜ ਵਿਖੇ ਮੀਰੀ-ਪੀਰੀ ਖ਼ਾਲਸਾ ਮਾਰਚ ਦੀ ਅਰੰਭਤਾ ਮੌਕੇ ਮੀਡੀਆ ਨਾਲ ਗੱਲਬਾਤ ਕਰਦਿਆਂ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਪੰਜਾਬ ਵਿੱਚ ਨਸ਼ਿਆਂ ਦੀ ਸਮੱਸਿਆ ਗੰਭੀਰ ਰੂਪ ਧਾਰ ਚੁੱਕੀ ਹੈ। ਉਨ੍ਹਾਂ ਦਾਅਵਾ ਕੀਤਾ ਕਿ ਕਈ ਪਿੰਡਾਂ ਵਿੱਚ ਨੌਜਵਾਨ ਨਸ਼ਿਆਂ ਦੀ ਲਪੇਟ ਵਿੱਚ ਆ ਰਹੇ ਹਨ ਅਤੇ ਖ਼ਾਸ ਤੌਰ ’ਤੇ ਚਿੱਟੇ ਦੀ ਵਿਕਰੀ ਨੂੰ ਪੂਰੀ ਤਰ੍ਹਾਂ ਰੋਕਣ ਦੀ ਲੋੜ ਹੈ।ਉਨ੍ਹਾਂ ਕਿਹਾ ਕਿ ਮਹਣਜੀਤ ਸਿੰਘ ਨੇ ਮੁੱਖ ਮੰਤਰੀ ਦੇ ਪਿੰਡ ਦੌਰੇ ਦੌਰਾਨ ਆਪਣੇ ਗੁਆਂਢੀ ਦੀ ਛੱਤ ਤੋਂ ਸ਼ਾਂਤਮਈ ਢੰਗ ਨਾਲ ਕਾਲਾ ਝੰਡਾ ਦਿਖਾਇਆ ਸੀ, ਜਿਸ ਨੂੰ ਉਨ੍ਹਾਂ ਨੇ ਉਸ ਦਾ ਜਮਹੂਰੀ ਹੱਕ ਦੱਸਿਆ। ਜਥੇਦਾਰ ਨੇ ਦੋਸ਼ ਲਾਇਆ ਕਿ ਇਸ ਤੋਂ ਬਾਅਦ ਸਥਾਨਕ ਪੁਲਿਸ ਅਧਿਕਾਰੀਆਂ ਵੱਲੋਂ ਨੌਜਵਾਨ ਨਾਲ ਬਦਸਲੂਕੀ ਅਤੇ ਤਸ਼ੱਦਦ ਕੀਤਾ ਗਿਆ।ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਦੱਸਿਆ ਕਿ ਉਨ੍ਹਾਂ ਨੇ ਇਸ ਮਾਮਲੇ ਸਬੰਧੀ ਸੰਗਰੂਰ ਦੇ ਐੱਸਐੱਸਪੀ ਨਾਲ ਵੀ ਗੱਲ ਕੀਤੀ ਹੈ। ਉਨ੍ਹਾਂ ਮੰਗ ਕੀਤੀ ਕਿ ਮਾਮਲੇ ਵਿੱਚ ਦੋਸ਼ੀ ਪਾਏ ਜਾਣ ਵਾਲੇ ਡੀਐੱਸਪੀ ਅਤੇ ਥਾਣਾ ਮੁਖੀ ਖ਼ਿਲਾਫ਼ ਤੁਰੰਤ ਵਿਭਾਗੀ ਅਤੇ ਕਾਨੂੰਨੀ ਕਾਰਵਾਈ ਕੀਤੀ ਜਾਵੇ।ਉਨ੍ਹਾਂ ਨੇ ਪੀੜਤ ਨੌਜਵਾਨ ਵੱਲੋਂ ਲਗਾਏ ਗਏ ਤਸ਼ੱਦਦ ਦੇ ਦੋਸ਼ਾਂ ਦਾ ਹਵਾਲਾ ਦਿੰਦਿਆਂ ਕਿਹਾ ਕਿ ਮਾਮਲੇ ਦੀ ਨਿਰਪੱਖ ਜਾਂਚ ਹੋਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਜੇਕਰ ਪੁਲਿਸ ਵੱਲੋਂ ਦੋਸ਼ੀ ਅਧਿਕਾਰੀਆਂ ਖ਼ਿਲਾਫ਼ ਉਚਿਤ ਕਾਰਵਾਈ ਨਾ ਕੀਤੀ ਗਈ ਤਾਂ ਸ੍ਰੀ ਅਕਾਲ ਤਖ਼ਤ ਸਾਹਿਬ ਪੀੜਤ ਨੌਜਵਾਨ ਦੇ ਨਾਲ ਖੜ੍ਹਾ ਰਹੇਗਾ ਅਤੇ ਮਾਮਲੇ ਵਿੱਚ ਅਗਲੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਇਹ ਵੀ ਕਿਹਾ ਕਿ ਉਹ ਜਲਦੀ ਹੀ ਨੌਜਵਾਨ ਨਾਲ ਮੁਲਾਕਾਤ ਕਰਨਗੇ।ਜਥੇਦਾਰ ਨੇ ਪੰਜਾਬ ਸਰਕਾਰ ਦੀ ਕਾਰਗੁਜ਼ਾਰੀ ’ਤੇ ਵੀ ਸਵਾਲ ਚੁੱਕੇ ਅਤੇ ਕਿਹਾ ਕਿ ਸੂਬੇ ਵਿੱਚ ਕਿਸੇ ਵੀ ਵਿਅਕਤੀ ਦੇ ਜਮਹੂਰੀ ਅਧਿਕਾਰਾਂ ਦੀ ਉਲੰਘਣਾ ਨਹੀਂ ਹੋਣੀ ਚਾਹੀਦੀ। ਉਨ੍ਹਾਂ ਕਿਹਾ ਕਿ ਜੇਕਰ ਕੋਈ ਨੌਜਵਾਨ ਨਸ਼ਿਆਂ ਖ਼ਿਲਾਫ਼ ਆਵਾਜ਼ ਉਠਾਉਂਦਾ ਹੈ ਤਾਂ ਉਸਦੀ ਗੱਲ ਸੁਣੀ ਜਾਣੀ ਚਾਹੀਦੀ ਹੈ। ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ, ਕੇਸ ਰੱਖਣ ਅਤੇ ਗੁਰੂ ਦੀ ਸਿੱਖੀ ਨਾਲ ਜੁੜਨ ਦਾ ਸੰਦੇਸ਼ ਦਿੱਤਾ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande