
ਰੋਪੜ, 04 ਸਤੰਬਰ (ਹਿੰ.ਸ.)| ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਆਰੰਭ ਹੋਇਆ ਮੀਰੀ ਪੀਰੀ ਖਾਲਸਾ ਮਾਰਚ ਆਪਣੇ ਦੂਜੇ ਪੜਾਅ ਤਹਿਤ ਗੁਰਦੁਆਰਾ ਸ੍ਰੀ ਭੱਠਾ ਸਾਹਿਬ, ਰੋਪੜ ਵਿਖੇ ਵਿਸ਼ਰਾਮ ਕਰਨ ਉਪਰੰਤ ਅੱਜ ਜੈਕਾਰਿਆਂ ਦੀ ਗੂੰਜ ਅਤੇ ਖਾਲਸਾਈ ਜਾਹੋ-ਜਲਾਲ ਨਾਲ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ, ਸ੍ਰੀ ਅਨੰਦਪੁਰ ਸਾਹਿਬ ਲਈ ਰਵਾਨਾ ਹੋਇਆ।
ਮਾਰਚ ਦੀ ਰਵਾਨਗੀ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ, ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਟੇਕ ਸਿੰਘ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅਤੇ ਸੀਨੀਅਰ ਅਕਾਲੀ ਆਗੂ ਤੇ ਸਾਬਕਾ ਮੰਤਰੀ ਡਾ. ਦਲਜੀਤ ਸਿੰਘ ਚੀਮਾ ਸਮੇਤ ਕਈ ਪ੍ਰਮੁੱਖ ਸ਼ਖ਼ਸੀਅਤਾਂ ਨੇ ਹਾਜ਼ਰੀ ਭਰੀ।
ਇਸ ਮੌਕੇ ਸਜੇ ਧਾਰਮਿਕ ਦੀਵਾਨ ਵਿੱਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਗਿਆਨੀ ਕੇਵਲ ਸਿੰਘ ਨੇ ਸੰਗਤਾਂ ਨਾਲ ਗੁਰ-ਇਤਿਹਾਸ ਦੀ ਸਾਂਝ ਪਾਈ ਅਤੇ ਗੁਰਮਤਿ ਅਨੁਸਾਰ ਜੀਵਨ ਜਿਊਣ ਲਈ ਪ੍ਰੇਰਿਤ ਕੀਤਾ। ਅਰਦਾਸ ਉਪਰੰਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਨੂੰ ਪਾਲਕੀ ਸਾਹਿਬ ਵਿੱਚ ਸ਼ੁਸ਼ੋਭਿਤ ਕਰਨ ਦੀ ਸੇਵਾ ਡਾ. ਦਲਜੀਤ ਸਿੰਘ ਚੀਮਾ ਵੱਲੋਂ ਨਿਭਾਈ ਗਈ।
ਸਮਾਗਮ ਨੂੰ ਸੰਬੋਧਨ ਕਰਦਿਆਂ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਮੀਰੀ ਪੀਰੀ ਖਾਲਸਾ ਮਾਰਚ ਹੁਣ ਤੱਕ ਸੈਂਕੜੇ ਪਿੰਡਾਂ ਵਿੱਚੋਂ ਲੰਘਦਿਆਂ ਗੁਰੂ ਸਾਹਿਬ ਦੇ ਸਿਧਾਂਤਾਂ ਅਤੇ ਪੰਥਕ ਪ੍ਰੰਪਰਾਵਾਂ ਦਾ ਸੰਦੇਸ਼ ਪਹੁੰਚਾ ਚੁੱਕਾ ਹੈ। ਉਨ੍ਹਾਂ ਕਿਹਾ ਕਿ ਮਾਰਚ ਦੌਰਾਨ ਪਿੰਡਾਂ ਦੀਆਂ ਸੱਥਾਂ ਵਿੱਚ ਬਜ਼ੁਰਗਾਂ ਨਾਲ ਗੱਲਬਾਤ ਕਰਕੇ ਪੰਜਾਬ ਦੇ ਅਸਲ ਹਾਲਾਤ ਨੂੰ ਨੇੜਿਓਂ ਜਾਣਨ ਦਾ ਮੌਕਾ ਮਿਲਿਆ ਹੈ।
ਉਨ੍ਹਾਂ ਨਸ਼ਿਆਂ ਦੀ ਸਮੱਸਿਆ ’ਤੇ ਚਿੰਤਾ ਪ੍ਰਗਟ ਕਰਦਿਆਂ ਕਿਹਾ ਕਿ ਕਈ ਪਿੰਡਾਂ ਵਿੱਚ 10 ਤੋਂ 15 ਤੱਕ ਨੌਜਵਾਨ ਨਸ਼ਿਆਂ ਦੀ ਲਪੇਟ ਵਿੱਚ ਹਨ। ਉਨ੍ਹਾਂ ਦਾਅਵਾ ਕੀਤਾ ਕਿ ਨਸ਼ਿਆਂ ਵਿਰੁੱਧ ਆਵਾਜ਼ ਉਠਾਉਣ ਵਾਲਿਆਂ ਨੂੰ ਸਰਕਾਰੀ ਤਸ਼ੱਦਦ ਦਾ ਸਾਹਮਣਾ ਕਰਨਾ ਪੈਂਦਾ ਹੈ, ਜਦਕਿ ਨਸ਼ਾ ਵੇਚਣ ਵਾਲਿਆਂ ਖ਼ਿਲਾਫ਼ ਲੋੜੀਂਦੀ ਕਾਰਵਾਈ ਨਹੀਂ ਕੀਤੀ ਜਾਂਦੀ। ਗਿਆਨੀ ਗੜਗੱਜ ਨੇ ਕਿਹਾ ਕਿ ਮਾਰਚ ਦੌਰਾਨ ਕਈ ਨੌਜਵਾਨਾਂ ਨੇ ਸਿੱਖੀ ਸਰੂਪ ਵਿੱਚ ਮੁੜ ਆਉਣ ਅਤੇ ਨਸ਼ਿਆਂ ਤੋਂ ਦੂਰ ਰਹਿਣ ਦਾ ਪ੍ਰਣ ਲਿਆ ਹੈ। ਉਨ੍ਹਾਂ ਕਿਹਾ ਕਿ ਇਹ ਮਾਰਚ ਦੀ ਇੱਕ ਵੱਡੀ ਉਪਲੱਬਧੀ ਹੈ। ਉਨ੍ਹਾਂ ਸਿੱਖ ਸਿਧਾਂਤਾਂ ਦੇ ਪ੍ਰਚਾਰ ਅਤੇ ਸਮਾਜਿਕ ਬੁਰਾਈਆਂ ਵਿਰੁੱਧ ਜਾਗਰੂਕਤਾ ਨੂੰ ਮਾਰਚ ਦਾ ਮੁੱਖ ਮਕਸਦ ਦੱਸਿਆ।
ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਗੁਰੂ ਸਾਹਿਬਾਨ ਨੇ ਸਮਾਜ ਵਿੱਚ ਫੈਲੀਆਂ ਊਚ-ਨੀਚ ਅਤੇ ਜਾਤ-ਪਾਤ ਦੀਆਂ ਵੰਡੀਆਂ ਨੂੰ ਖ਼ਤਮ ਕਰਕੇ ਹਰ ਮਨੁੱਖ ਨੂੰ ਬਰਾਬਰੀ ਅਤੇ ਸਤਿਕਾਰ ਦਾ ਅਧਿਕਾਰ ਦਿੱਤਾ। ਉਨ੍ਹਾਂ ਕਿਹਾ ਕਿ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਨੇ ਸਿੱਖਾਂ ਨੂੰ ਮੀਰੀ-ਪੀਰੀ ਦਾ ਸਿਧਾਂਤ ਬਖ਼ਸ਼ ਕੇ ਸੰਤ-ਸਿਪਾਹੀ ਦੀ ਜੀਵਨ-ਜਾਚ ਦਿੱਤੀ।
ਉਨ੍ਹਾਂ ਕਿਹਾ ਕਿ ਸਿੱਖ ਕੌਮ ਨੇ ਗੁਰੂ ਸਾਹਿਬ ਵੱਲੋਂ ਬਖ਼ਸ਼ੇ ਸਿਧਾਂਤਾਂ ’ਤੇ ਚੱਲਦਿਆਂ ਹਮੇਸ਼ਾ ਸਰਬੱਤ ਦੇ ਭਲੇ ਲਈ ਕਾਰਜ ਕੀਤੇ ਹਨ। ਮਨੁੱਖਤਾ ਨੂੰ ਜਦੋਂ ਵੀ ਸਹਾਇਤਾ ਦੀ ਲੋੜ ਪਈ, ਸ਼੍ਰੋਮਣੀ ਕਮੇਟੀ ਨੇ ਮੋਹਰੀ ਹੋ ਕੇ ਆਪਣੀ ਜ਼ਿੰਮੇਵਾਰੀ ਨਿਭਾਈ ਹੈ।
ਐਡਵੋਕੇਟ ਧਾਮੀ ਨੇ ਦੱਸਿਆ ਕਿ ਨੇਪਾਲ ਵਿੱਚ ਹਾਲ ਹੀ ਵਿੱਚ ਆਏ ਹੜ੍ਹਾਂ ਨਾਲ ਪ੍ਰਭਾਵਿਤ ਲੋਕਾਂ ਦੀ ਸਹਾਇਤਾ ਲਈ ਵੀ ਸ਼੍ਰੋਮਣੀ ਕਮੇਟੀ ਵੱਲੋਂ ਕਾਰਜ ਕੀਤੇ ਜਾ ਰਹੇ ਹਨ ਅਤੇ ਮੈਂਬਰਾਂ ਦਾ ਇੱਕ ਵਫ਼ਦ ਉੱਥੇ ਭੇਜਿਆ ਗਿਆ ਹੈ। ਉਨ੍ਹਾਂ ਕਿਹਾ ਕਿ ਮੀਰੀ ਪੀਰੀ ਖਾਲਸਾ ਮਾਰਚ ਦਾ ਉਦੇਸ਼ ਗੁਰੂ ਸਾਹਿਬ ਦੇ ਮਾਨਵਤਾ ਦੀ ਭਲਾਈ ਵਾਲੇ ਸਿਧਾਂਤ ਦਾ ਪ੍ਰਚਾਰ ਕਰਨਾ ਹੈ। ਉਨ੍ਹਾਂ ਕਿਹਾ ਕਿ ਮਾਰਚ ਨੂੰ ਪਿੰਡ-ਪਿੰਡ ਮਿਲ ਰਿਹਾ ਸੰਗਤ ਦਾ ਪਿਆਰ ਇਸ ਗੱਲ ਦਾ ਪ੍ਰਮਾਣ ਹੈ ਕਿ ਸਿੱਖ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਸਮਰਪਿਤ ਹਨ।
ਮੀਰੀ ਪੀਰੀ ਖਾਲਸਾ ਮਾਰਚ ਦੇ ਵੱਖ-ਵੱਖ ਪੜਾਵਾਂ ’ਤੇ ਸੰਗਤਾਂ ਵੱਲੋਂ ਭਰਵਾਂ ਸਵਾਗਤ ਕੀਤਾ ਗਿਆ। ਮਾਰਚ ਦੇ ਨਾਲ ਚੱਲ ਰਹੀ ਗੁਰੂ ਸਾਹਿਬਾਨ ਦੇ ਇਤਿਹਾਸਕ ਸ਼ਸਤਰਾਂ ਵਾਲੀ ਬੱਸ ਸੰਗਤਾਂ ਲਈ ਵਿਸ਼ੇਸ਼ ਖਿੱਚ ਦਾ ਕੇਂਦਰ ਬਣੀ ਰਹੀ ਅਤੇ ਇਸ ਨੂੰ ਦੇਖਣ ਲਈ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਉਤਸ਼ਾਹ ਦਿਖਾਇਆ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਮੈਂਬਰ ਦਲਜੀਤ ਸਿੰਘ ਭਿੰਡਰ, ਬੀਬੀ ਹਰਜਿੰਦਰ ਕੌਰ, ਭਾਈ ਅਮਰਜੀਤ ਸਿੰਘ ਚਾਵਲਾ, ਅਜਮੇਰ ਸਿੰਘ ਖੇੜਾ, ਪਰਮਜੀਤ ਸਿੰਘ ਲੱਖੇਵਾਲ, ਬਾਬਾ ਬੂਟਾ ਸਿੰਘ, ਚਰਨਜੀਤ ਸਿੰਘ ਕਾਲੇਵਾਲ, ਧਰਮ ਪ੍ਰਚਾਰ ਕਮੇਟੀ ਦੇ ਸਕੱਤਰ ਗੁਰਿੰਦਰ ਸਿੰਘ ਮਥਰੇਵਾਲ, ਵਧੀਕ ਸਕੱਤਰ ਭਗਵੰਤ ਸਿੰਘ ਧੰਗੇੜਾ, ਬਾਬਾ ਹਰਜੀਤ ਸਿੰਘ, ਮੈਨੇਜਰ ਜਸਬੀਰ ਸਿੰਘ, ਸਰਬਦਿਆਲ ਸਿੰਘ, ਬਾਬਾ ਮੋਹਨ ਸਿੰਘ, ਹੈੱਡ ਗ੍ਰੰਥੀ ਭਾਈ ਪਵਿੱਤਰ ਸਿੰਘ, ਹੈੱਡ ਪ੍ਰਚਾਰਕ ਭਾਈ ਜਗਦੇਵ ਸਿੰਘ, ਇੰਚਾਰਜ ਗੁਰਭਾਗ ਸਿੰਘ, ਗੁਰਵਿੰਦਰ ਸਿੰਘ ਮੁਹਾਲੀ ਸਮੇਤ ਵੱਡੀ ਗਿਣਤੀ ਵਿੱਚ ਸੰਗਤਾਂ ਹਾਜ਼ਰ ਸਨ।
ਹਿੰਦੂਸਥਾਨ ਸਮਾਚਾਰ / GURSHARAN SINGH