ਮੋਹਨਜੀਤ ਸਿੰਘ ’ਤੇ ਪੁਲਿਸ ਤਸ਼ੱਦਦ ਤੇ ਕਕਾਰਾਂ ਦੀ ਬੇਅਦਬੀ ਨਿੰਦਣਯੋਗ: ਧਾਮੀ
ਅੰਮ੍ਰਿਤਸਰ, 04 ਸਤੰਬਰ (ਹਿੰ.ਸ.)| ਪੰਜਾਬ ਵਿੱਚ ਨਸ਼ਿਆਂ ਦੀ ਗੰਭੀਰ ਸਮੱਸਿਆ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਸਵਾਲ ਕਰਨ ਵਾਲੇ ਗੁਰਸਿੱਖ ਨੌਜਵਾਨ ਮੋਹਨਜੀਤ ਸਿੰਘ ਸ਼ੇਰੋਂ ਨਾਲ ਪੁਲਿਸ ਵੱਲੋਂ ਕਥਿਤ ਤੌਰ ’ਤੇ ਤਸ਼ੱਦਦ ਕਰਨ ਅਤੇ ਕਕਾਰਾਂ ਦੀ ਬੇਅਦਬੀ ਕਰਨ ਦੇ ਮਾਮਲੇ ਦੀ ਸ਼੍ਰੋਮਣੀ ਗੁਰਦੁਆਰਾ ਪ੍ਰਬ
ਐਸਜੀਪੀਸੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ


ਅੰਮ੍ਰਿਤਸਰ, 04 ਸਤੰਬਰ (ਹਿੰ.ਸ.)| ਪੰਜਾਬ ਵਿੱਚ ਨਸ਼ਿਆਂ ਦੀ ਗੰਭੀਰ ਸਮੱਸਿਆ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਸਵਾਲ ਕਰਨ ਵਾਲੇ ਗੁਰਸਿੱਖ ਨੌਜਵਾਨ ਮੋਹਨਜੀਤ ਸਿੰਘ ਸ਼ੇਰੋਂ ਨਾਲ ਪੁਲਿਸ ਵੱਲੋਂ ਕਥਿਤ ਤੌਰ ’ਤੇ ਤਸ਼ੱਦਦ ਕਰਨ ਅਤੇ ਕਕਾਰਾਂ ਦੀ ਬੇਅਦਬੀ ਕਰਨ ਦੇ ਮਾਮਲੇ ਦੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਖ਼ਤ ਨਿੰਦਾ ਕੀਤੀ ਹੈ।

ਐਸਜੀਪੀਸੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਨਸ਼ਿਆਂ ਖ਼ਿਲਾਫ਼ ਆਵਾਜ਼ ਉਠਾਉਣ ਵਾਲੇ ਨੌਜਵਾਨ ਨੂੰ ਸਵਾਲ ਪੁੱਛਣ ਦੀ ਸਜ਼ਾ ਦੇਣ ਦੀ ਬਜਾਏ ਸਰਕਾਰ ਨੂੰ ਉਸ ਦੇ ਸਵਾਲਾਂ ਦਾ ਜਵਾਬ ਦੇਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਵਿਰੋਧ ਕਰਨ ਵਾਲੇ ਨੌਜਵਾਨ ਪ੍ਰਤੀ ਸਰਕਾਰ ਦੀ ਪਹੁੰਚ ਤਾਨਾਸ਼ਾਹੀ ਅਤੇ ਨਾਦਰਸ਼ਾਹੀ ਵਾਲੀ ਹੈ।

ਐਡਵੋਕੇਟ ਧਾਮੀ ਨੇ ਕਿਹਾ ਕਿ ਮੋਹਨਜੀਤ ਸਿੰਘ ’ਤੇ ਕਥਿਤ ਤਸ਼ੱਦਦ ਦੇ ਨਾਲ ਉਸ ਦੇ ਕੇਸਾਂ ਅਤੇ ਕਕਾਰਾਂ ਦੀ ਬੇਅਦਬੀ ਕੀਤੇ ਜਾਣ ਦੀ ਗੱਲ ਵੀ ਸਾਹਮਣੇ ਆਈ ਹੈ। ਉਨ੍ਹਾਂ ਕਿਹਾ ਕਿ ਕਕਾਰ ਸਿੱਖ ਦੀ ਧਾਰਮਿਕ ਪਛਾਣ, ਰਹਿਤ ਅਤੇ ਗੁਰੂ ਪ੍ਰਤੀ ਆਸਥਾ ਦੇ ਪ੍ਰਤੀਕ ਹਨ। ਕਿਸੇ ਸਿੱਖ ਦੇ ਕਕਾਰਾਂ ਨਾਲ ਜਾਣਬੁੱਝ ਕੇ ਬੇਅਦਬੀ ਜਾਂ ਅਪਮਾਨਜਨਕ ਵਿਵਹਾਰ ਨੂੰ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ।

ਉਨ੍ਹਾਂ ਦੋਸ਼ ਲਗਾਇਆ ਕਿ ਪੰਜਾਬ ਵਿੱਚ ਨਸ਼ਾ ਸ਼ਰੇਆਮ ਵਿਕ ਰਿਹਾ ਹੈ, ਪਰ ਸਰਕਾਰ ਨਸ਼ਿਆਂ ਨੂੰ ਰੋਕਣ ਦੀ ਬਜਾਏ ਨਸ਼ਿਆਂ ਖ਼ਿਲਾਫ਼ ਆਵਾਜ਼ ਚੁੱਕਣ ਵਾਲਿਆਂ ’ਤੇ ਕਥਿਤ ਤਸ਼ੱਦਦ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਤੋਂ ਸਵਾਲ ਕਰਨਾ ਹਰ ਨਾਗਰਿਕ ਦਾ ਲੋਕਤੰਤਰਕ ਹੱਕ ਹੈ। ਕਿਸੇ ਨਾਗਰਿਕ ਵੱਲੋਂ ਸਰਕਾਰ ਦੀ ਨੀਤੀ, ਕਾਰਗੁਜ਼ਾਰੀ ਜਾਂ ਕਿਸੇ ਗੰਭੀਰ ਸਮਾਜਿਕ ਮੁੱਦੇ ’ਤੇ ਸਵਾਲ ਪੁੱਛਣ ’ਤੇ ਉਸ ਨੂੰ ਪੁਲਿਸ ਦੀ ਤਾਕਤ ਨਾਲ ਚੁੱਪ ਕਰਵਾਉਣਾ ਲੋਕਤੰਤਰ ਦੀ ਭਾਵਨਾ ਦੇ ਵਿਰੁੱਧ ਹੈ।

ਐਡਵੋਕੇਟ ਧਾਮੀ ਨੇ ਕਿਹਾ ਕਿ ਇਹ ਮਾਮਲਾ ਸਿਰਫ਼ ਇੱਕ ਨੌਜਵਾਨ ਨਾਲ ਕਥਿਤ ਵਧੀਕੀ ਤੱਕ ਸੀਮਤ ਨਹੀਂ, ਸਗੋਂ ਇਹ ਵੀ ਸਵਾਲ ਖੜ੍ਹਾ ਕਰਦਾ ਹੈ ਕਿ ਕੀ ਪੰਜਾਬ ਵਿੱਚ ਨਸ਼ਿਆਂ ਖ਼ਿਲਾਫ਼ ਆਵਾਜ਼ ਉਠਾਉਣ ਵਾਲੀ ਨੌਜਵਾਨ ਪੀੜ੍ਹੀ ਨੂੰ ਆਪਣੀ ਗੱਲ ਕਹਿਣ ਦੀ ਆਜ਼ਾਦੀ ਹੈ ਜਾਂ ਨਹੀਂ।

ਉਨ੍ਹਾਂ ਕਿਹਾ ਕਿ ਪੁਲਿਸ ਦੀ ਵਰਦੀ ਲੋਕਾਂ ਨੂੰ ਡਰਾਉਣ ਲਈ ਨਹੀਂ, ਸਗੋਂ ਉਨ੍ਹਾਂ ਦੀ ਸੁਰੱਖਿਆ ਲਈ ਹੈ। ਜੇਕਰ ਪੁਲਿਸ ਕਰਮਚਾਰੀਆਂ ਵੱਲੋਂ ਕਾਨੂੰਨ ਤੋਂ ਬਾਹਰ ਜਾ ਕੇ ਕਿਸੇ ਵਿਅਕਤੀ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਈ ਗਈ ਹੈ ਤਾਂ ਇਸ ਦੀ ਜ਼ਿੰਮੇਵਾਰੀ ਤੈਅ ਕਰਕੇ ਕਥਿਤ ਤੌਰ ’ਤੇ ਤਸ਼ੱਦਦ ਕਰਨ ਵਾਲੇ ਪੁਲਿਸ ਅਧਿਕਾਰੀਆਂ ਖ਼ਿਲਾਫ਼ ਸਖ਼ਤ ਕਾਰਵਾਈ ਹੋਣੀ ਚਾਹੀਦੀ ਹੈ।

ਐਡਵੋਕੇਟ ਧਾਮੀ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਪੀੜਤ ਨੌਜਵਾਨ ਦੇ ਨਾਲ ਖੜ੍ਹੀ ਹੈ ਅਤੇ ਦੋਸ਼ੀਆਂ ਖ਼ਿਲਾਫ਼ ਕਾਰਵਾਈ ਲਈ ਲੋੜੀਂਦਾ ਸਹਿਯੋਗ ਦਿੱਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਐਸਜੀਪੀਸੀ ਦੇ ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ, ਅੰਤ੍ਰਿੰਗ ਮੈਂਬਰ ਗੁਰਪ੍ਰੀਤ ਸਿੰਘ ਝੱਬਰ ਅਤੇ ਸਕੱਤਰ ਬਲਵਿੰਦਰ ਸਿੰਘ ਕਾਹਲਵਾਂ ਨੂੰ ਪੀੜਤ ਨੌਜਵਾਨ ਕੋਲ ਭੇਜਿਆ ਗਿਆ ਹੈ। ਇਹ ਆਗੂ ਮਾਮਲੇ ਸਬੰਧੀ ਜਾਣਕਾਰੀ ਹਾਸਲ ਕਰਕੇ ਪੀੜਤ ਨੂੰ ਲੋੜੀਂਦੀ ਮਦਦ ਮੁਹੱਈਆ ਕਰਵਾਉਣਗੇ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande