
ਕਿਸਾਨ ਸੰਘਰਸ਼ ਨੂੰ ਮੁੜ ਤੇਜ਼ ਕਰਨ ਲਈ 10 ਲੱਖ ਸਵੈ-ਸੇਵਕਾਂ ਨੂੰ ਲਾਮਬੰਦ ਕਰਨ ਦੀ ਤਿਆਰੀ, 2.5 ਲੱਖ ਮਹਿਲਾਵਾਂ ਹੋਣਗੀਆਂ ਸ਼ਾਮਲ
ਚੰਡੀਗੜ੍ਹ, 04 ਸਤੰਬਰ (ਹਿੰ.ਸ.)| ਸੰਯੁਕਤ ਕਿਸਾਨ ਮੋਰਚਾ (ਐਸਕੇਐਮ) ਨੇ ਕਿਸਾਨ ਸੰਘਰਸ਼ ਨੂੰ ਮੁੜ ਤੇਜ਼ ਕਰਨ ਲਈ ਵੱਡਾ ਐਲਾਨ ਕੀਤਾ ਹੈ। ਐਸਕੇਐਮ ਵੱਲੋਂ 3 ਅਕਤੂਬਰ ਨੂੰ ਦੇਸ਼ ਭਰ ਦੇ ਇੱਕ ਲੱਖ ਪਿੰਡਾਂ ਵਿੱਚ ਮਹਾਪੰਚਾਇਤਾਂ ਅਤੇ ਜਨਤਕ ਮੀਟਿੰਗਾਂ ਕਰਵਾਉਣ ਦਾ ਫੈਸਲਾ ਕੀਤਾ ਗਿਆ ਹੈ। ਇਨ੍ਹਾਂ ਪ੍ਰੋਗਰਾਮਾਂ ਰਾਹੀਂ ਕਰੀਬ 10 ਲੱਖ ਸਵੈ-ਸੇਵਕਾਂ ਨੂੰ ਲਾਮਬੰਦ ਕਰਨ ਦਾ ਟੀਚਾ ਰੱਖਿਆ ਗਿਆ ਹੈ, ਜਿਨ੍ਹਾਂ ਵਿੱਚ ਲਗਭਗ 2.5 ਲੱਖ ਮਹਿਲਾਵਾਂ ਸ਼ਾਮਲ ਹੋਣਗੀਆਂ।
ਕਿਸਾਨ ਆਗੂਆਂ ਨੇ ਦੱਸਿਆ ਕਿ ਇਨ੍ਹਾਂ ਮਹਾਪੰਚਾਇਤਾਂ ਦੌਰਾਨ ਕੇਂਦਰ ਸਰਕਾਰ ਵੱਲੋਂ ਐਸਕੇਐਮ ਨੂੰ ਦਿੱਤੇ ਗਏ ਲਿਖਤੀ ਭਰੋਸਿਆਂ ਨੂੰ ਲਾਗੂ ਕਰਵਾਉਣ ਲਈ ਮਤੇ ਪਾਸ ਕੀਤੇ ਜਾਣਗੇ। ਇਸ ਤੋਂ ਇਲਾਵਾ ਦਿੱਲੀ ਦੇ ਸਿੰਘੂ ਬਾਰਡਰ ’ਤੇ ਹੋਏ ਲੰਬੇ ਕਿਸਾਨ ਸੰਘਰਸ਼ ਦੌਰਾਨ ਸ਼ਹੀਦ ਹੋਏ 736 ਕਿਸਾਨਾਂ ਦੀ ਯਾਦ ਵਿੱਚ ਸ਼ਹੀਦੀ ਸਮਾਰਕ ਬਣਾਉਣ ਦੀ ਮੰਗ ਨੂੰ ਵੀ ਉਠਾਇਆ ਜਾਵੇਗਾ।
ਐਸਕੇਐਮ ਵੱਲੋਂ ਕਾਰਪੋਰੇਟ ਅਤੇ ਸਾਮਰਾਜੀ ਨੀਤੀਆਂ ਵਿਰੁੱਧ ਮਜ਼ਦੂਰ-ਕਿਸਾਨ ਏਕਤਾ ਨੂੰ ਹੋਰ ਮਜ਼ਬੂਤ ਕਰਨ ਸਬੰਧੀ ਵੀ ਮਤੇ ਪਾਸ ਕਰਨ ਦੀ ਯੋਜਨਾ ਹੈ। ਕਿਸਾਨ ਆਗੂਆਂ ਦਾ ਕਹਿਣਾ ਹੈ ਕਿ ਕੇਂਦਰ ਦੀਆਂ ਕਾਰਪੋਰੇਟ ਪੱਖੀ ਨੀਤੀਆਂ ਨੂੰ ਲੈ ਕੇ ਕਿਸਾਨਾਂ ਵਿੱਚ ਰੋਸ ਲਗਾਤਾਰ ਵਧ ਰਿਹਾ ਹੈ।
ਆਲ ਇੰਡੀਆ ਕਿਸਾਨ ਸਭਾ ਦੇ ਆਗੂ ਕ੍ਰਿਸ਼ਨਾ ਪ੍ਰਸਾਦ ਨੇ ਕਿਹਾ ਕਿ ਕਿਸਾਨਾਂ ਵਿੱਚ ਕਾਰਪੋਰੇਟ ਪੱਖੀ ਨੀਤੀਆਂ ਨੂੰ ਲੈ ਕੇ ਭਾਰੀ ਨਾਰਾਜ਼ਗੀ ਹੈ। ਉਨ੍ਹਾਂ ਕਿਹਾ ਕਿ ਪਿੰਡ ਪੱਧਰ ’ਤੇ ਕਿਸਾਨਾਂ ਅਤੇ ਮਜ਼ਦੂਰਾਂ ਨੂੰ ਲਾਮਬੰਦ ਕਰਕੇ ਸੰਘਰਸ਼ ਨੂੰ ਹੋਰ ਮਜ਼ਬੂਤ ਕੀਤਾ ਜਾਵੇਗਾ।
ਕਿਸਾਨ ਆਗੂਆਂ ਮੁਤਾਬਕ ਅਗਲੀ ਰਣਨੀਤੀ ਤੈਅ ਕਰਨ ਲਈ 12 ਅਕਤੂਬਰ ਨੂੰ ਹਰਿਆਣਾ ਦੇ ਕਰਨਾਲ ਵਿੱਚ ਐਸਕੇਐਮ ਦੀ ਨੈਸ਼ਨਲ ਕੌਂਸਲ ਅਤੇ ਜਨਰਲ ਬਾਡੀ ਦੀ ਮੀਟਿੰਗ ਬੁਲਾਈ ਗਈ ਹੈ। ਇਸ ਮੀਟਿੰਗ ਵਿੱਚ 3 ਅਕਤੂਬਰ ਦੀਆਂ ਮਹਾਪੰਚਾਇਤਾਂ ਤੋਂ ਬਾਅਦ ਸੰਘਰਸ਼ ਦੀ ਅਗਲੀ ਰੂਪ-ਰੇਖਾ ’ਤੇ ਵਿਚਾਰ ਕੀਤਾ ਜਾਵੇਗਾ। ਐਸਕੇਐਮ ਦੇ ਇਸ ਐਲਾਨ ਨਾਲ ਕਿਸਾਨ ਅੰਦੋਲਨ ਨੂੰ ਮੁੜ ਦੇਸ਼ ਪੱਧਰ ’ਤੇ ਸਰਗਰਮ ਕਰਨ ਦੀਆਂ ਤਿਆਰੀਆਂ ਤੇਜ਼ ਹੋਣ ਦੇ ਸੰਕੇਤ ਮਿਲ ਰਹੇ ਹਨ।
ਹਿੰਦੂਸਥਾਨ ਸਮਾਚਾਰ / GURSHARAN SINGH