
ਫਾਜ਼ਿਲਕਾ, 04 ਸਤੰਬਰ (ਹਿੰ.ਸ.)| ਜ਼ਿਲ੍ਹਾ ਮੈਜਿਸਟ੍ਰੇਟ ਅਮਰਪ੍ਰੀਤ ਕੌਰ ਸੰਧੂ, ਆਈਏਐਸ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ-2023 ਦੀ ਧਾਰਾ 163 ਤਹਿਤ ਜ਼ਿਲ੍ਹਾ ਫਾਜ਼ਿਲਕਾ ਵਿੱਚ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ ਕੀਤੇ ਹਨ। ਇਹ ਹੁਕਮ 31 ਅਕਤੂਬਰ 2026 ਤੱਕ ਲਾਗੂ ਰਹਿਣਗੇ। ਹੁਕਮਾਂ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਕੌਮਾਂਤਰੀ ਸਰਹੱਦ ਨਾਲ ਲੱਗਦੇ 4 ਕਿਲੋਮੀਟਰ ਦੇ ਖੇਤਰ ਵਿੱਚ ਪਾਕਿਸਤਾਨੀ ਸਿਮ ਕਾਰਡ ਰੱਖਣ ਅਤੇ ਵਰਤਣ ’ਤੇ ਪੂਰਨ ਪਾਬੰਦੀ ਲਗਾਈ ਗਈ ਹੈ। ਇਸੇ ਖੇਤਰ ਵਿੱਚ ਕਵਾਡਕਾਪਟਰ, ਡਰੋਨ ਕੈਮਰੇ ਜਾਂ ਹੋਰ ਡਰੋਨ ਉਡਾਉਣ ’ਤੇ ਵੀ ਰੋਕ ਰਹੇਗੀ। ਇਹ ਫੈਸਲਾ ਜ਼ਿਲ੍ਹੇ ਵਿੱਚ ਅਮਨ-ਕਾਨੂੰਨ ਦੀ ਸਥਿਤੀ ਅਤੇ ਕੌਮੀ ਸੁਰੱਖਿਆ ਨੂੰ ਕਾਇਮ ਰੱਖਣ ਦੇ ਮੱਦੇਨਜ਼ਰ ਲਿਆ ਗਿਆ ਹੈ।
ਜ਼ਿਲ੍ਹੇ ਦੀ ਹੱਦ ਅੰਦਰ ਵਿਆਹ-ਸ਼ਾਦੀਆਂ ਅਤੇ ਹੋਰ ਸਮਾਗਮਾਂ ਦੌਰਾਨ ਮੈਰਿਜ ਪੈਲੇਸਾਂ ਵਿੱਚ ਹਥਿਆਰ ਲੈ ਕੇ ਆਉਣ ਅਤੇ ਹਥਿਆਰਾਂ ਨਾਲ ਫਾਇਰਿੰਗ ਕਰਨ ’ਤੇ ਵੀ ਪੂਰਨ ਪਾਬੰਦੀ ਲਗਾਈ ਗਈ ਹੈ। ਇਸ ਤੋਂ ਇਲਾਵਾ ਸਰਹੱਦ ਨੇੜਲੇ ਪਿੰਡਾਂ ਵਿੱਚ ਸ਼ਾਮ 5 ਵਜੇ ਤੋਂ ਬਾਅਦ ਡੀਜੇ, ਮਿਊਜ਼ਿਕ ਸਿਸਟਮ, ਪਟਾਖੇ ਅਤੇ ਲੇਜ਼ਰ ਲਾਈਟਾਂ ਦੀ ਵਰਤੋਂ ’ਤੇ ਰੋਕ ਲਗਾਈ ਗਈ ਹੈ।
ਜ਼ਿਲ੍ਹਾ ਮੈਜਿਸਟ੍ਰੇਟ ਦੇ ਹੁਕਮਾਂ ਅਨੁਸਾਰ ਕਿਸੇ ਵੀ ਰੈਸਟੋਰੈਂਟ ਜਾਂ ਹੁੱਕਾ ਬਾਰ ਵਿੱਚ ਗਾਹਕਾਂ ਨੂੰ ਹੁੱਕਾ ਨਹੀਂ ਪਰੋਸਿਆ ਜਾ ਸਕੇਗਾ। ਇਹ ਹੁਕਮ ਜ਼ਿਲ੍ਹੇ ਦੇ ਸਮੂਹ ਪਿੰਡਾਂ ਅਤੇ ਨਗਰ ਕੌਂਸਲਾਂ ਦੀ ਹੱਦ ਵਿੱਚ ਲਾਗੂ ਰਹਿਣਗੇ। ਹੁਕਮਾਂ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਭਾਰਤੀ ਦੰਡ ਵਿਧਾਨ ਦੀ ਧਾਰਾ 188 ਤਹਿਤ ਕਾਰਵਾਈ ਕੀਤੀ ਜਾਵੇਗੀ।
ਜ਼ਿਲ੍ਹਾ ਫਾਜ਼ਿਲਕਾ ਦੀਆਂ ਹੱਦਾਂ ਅੰਦਰ ਆਮ ਲੋਕਾਂ ਵੱਲੋਂ ਮਿਲਟਰੀ ਰੰਗ ਦੀ ਵਰਦੀ ਅਤੇ ਵਾਹਨਾਂ ਦੀ ਖਰੀਦ, ਵਿਕਰੀ ਅਤੇ ਵਰਤੋਂ ’ਤੇ ਪੂਰਨ ਪਾਬੰਦੀ ਲਗਾਈ ਗਈ ਹੈ।
ਇੱਕ ਹੋਰ ਹੁਕਮ ਤਹਿਤ ਜ਼ਿਲ੍ਹੇ ਵਿੱਚ 50 ਮਾਈਕਰੋਨ ਤੋਂ ਘੱਟ ਮੋਟਾਈ ਵਾਲੇ, 8x12 ਇੰਚ ਤੋਂ ਛੋਟੇ ਅਤੇ ਨਿਰਧਾਰਤ ਰੰਗ ਤੋਂ ਬਿਨਾਂ ਪਲਾਸਟਿਕ ਦੇ ਲਿਫਾਫਿਆਂ ਦੇ ਨਿਰਮਾਣ ਅਤੇ ਵਰਤੋਂ ’ਤੇ ਰੋਕ ਲਗਾਈ ਗਈ ਹੈ। ਇਨ੍ਹਾਂ ਲਿਫਾਫਿਆਂ ਨੂੰ ਸੀਵਰੇਜ ਜਾਂ ਜਨਤਕ ਥਾਵਾਂ ’ਤੇ ਸੁੱਟਣ ’ਤੇ ਵੀ ਪਾਬੰਦੀ ਰਹੇਗੀ।
ਜ਼ਿਲ੍ਹਾ ਮੈਜਿਸਟ੍ਰੇਟ ਨੇ ਕੌਮਾਂਤਰੀ ਸਰਹੱਦ ਅਤੇ ਸਰਹੱਦੀ ਸੁਰੱਖਿਆ ਤਾਰ ਦਰਮਿਆਨ ਅਤੇ ਤਾਰ ਤੋਂ ਭਾਰਤ ਵਾਲੇ ਪਾਸੇ 70 ਤੋਂ 100 ਮੀਟਰ ਦੇ ਖੇਤਰ ਵਿੱਚ ਉੱਚੀਆਂ ਹੋਣ ਵਾਲੀਆਂ ਫਸਲਾਂ ਦੀ ਬਿਜਾਈ ’ਤੇ ਵੀ ਪਾਬੰਦੀ ਲਗਾਈ ਹੈ। ਇਨ੍ਹਾਂ ਫਸਲਾਂ ਵਿੱਚ ਬੀਟੀ ਨਰਮਾ, ਮੱਕੀ, ਗਵਾਰਾ, ਜਵਾਰ, ਗੰਨਾ, ਸਰ੍ਹੋਂ, ਤੋਰੀਆ, ਸੂਰਜਮੁਖੀ ਅਤੇ ਹੋਰ ਉੱਚੀਆਂ ਵਧਣ ਵਾਲੀਆਂ ਫਸਲਾਂ ਸ਼ਾਮਲ ਹਨ।
ਬੀਐਸਐਫ ਅਧਿਕਾਰੀਆਂ ਵੱਲੋਂ ਧਿਆਨ ਵਿੱਚ ਲਿਆਂਦਾ ਗਿਆ ਸੀ ਕਿ ਸਰਹੱਦ ਅਤੇ ਸੁਰੱਖਿਆ ਤਾਰ ਦੇ ਵਿਚਕਾਰ ਕੁਝ ਕਿਸਾਨ ਅਜਿਹੀਆਂ ਫਸਲਾਂ ਬੀਜ ਰਹੇ ਹਨ, ਜਿਨ੍ਹਾਂ ਦੀ ਉਚਾਈ 4.5 ਫੁੱਟ ਜਾਂ ਇਸ ਤੋਂ ਵੱਧ ਹੋ ਜਾਂਦੀ ਹੈ। ਇਸ ਕਾਰਨ ਸਰਹੱਦੀ ਸੁਰੱਖਿਆ ਨੂੰ ਧਿਆਨ ਵਿੱਚ ਰੱਖਦਿਆਂ ਇਹ ਪਾਬੰਦੀ ਲਗਾਈ ਗਈ ਹੈ।
ਹਿੰਦੂਸਥਾਨ ਸਮਾਚਾਰ / GURSHARAN SINGH