
ਅੰਮ੍ਰਿਤਸਰ, 05 ਸਤੰਬਰ (ਹਿੰ.ਸ.)| ਅੰਮ੍ਰਿਤਸਰ ਜ਼ਿਲ੍ਹੇ ਦੇ 11 ਵਿਧਾਨ ਸਭਾ ਹਲਕਿਆਂ ਅਧੀਨ ਆਉਂਦੇ ਕਾਲਜਾਂ ਵਿੱਚ ਯੋਗ ਨੌਜਵਾਨਾਂ ਨੂੰ ਵੋਟਰ ਵਜੋਂ ਰਜਿਸਟਰ ਕਰਨ ਅਤੇ ਉਨ੍ਹਾਂ ਨੂੰ ਵੋਟ ਦੇ ਅਧਿਕਾਰ ਪ੍ਰਤੀ ਜਾਗਰੂਕ ਕਰਨ ਲਈ ਵਿਸ਼ੇਸ਼ ਵੋਟਰ ਰਜਿਸਟ੍ਰੇਸ਼ਨ ਕੈਂਪ ਲਗਾਏ ਜਾ ਰਹੇ ਹਨ। ਇਸ ਮੁਹਿੰਮ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਲਈ ਜ਼ਿਲ੍ਹਾ ਚੋਣ ਦਫ਼ਤਰ ਵੱਲੋਂ ਕਾਲਜ ਪ੍ਰਬੰਧਕਾਂ ਅਤੇ ਸਬੰਧਤ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਰਣਨੀਤੀ ’ਤੇ ਵਿਚਾਰ-ਵਟਾਂਦਰਾ ਕੀਤਾ ਗਿਆ।
ਮੀਟਿੰਗ ਨੂੰ ਸੰਬੋਧਨ ਕਰਦਿਆਂ ਵਧੀਕ ਜ਼ਿਲ੍ਹਾ ਚੋਣ ਅਫ਼ਸਰ-ਕਮ-ਵਧੀਕ ਡਿਪਟੀ ਕਮਿਸ਼ਨਰ (ਜਨਰਲ) ਪਲਵੀ ਮਿਸ਼ਰਾ ਨੇ ਕਿਹਾ ਕਿ ਮਜ਼ਬੂਤ ਲੋਕਤੰਤਰ ਲਈ ਹਰ ਯੋਗ ਨਾਗਰਿਕ ਦਾ ਵੋਟਰ ਵਜੋਂ ਰਜਿਸਟਰ ਹੋਣਾ ਅਤੇ ਚੋਣ ਪ੍ਰਕਿਰਿਆ ਵਿੱਚ ਸਰਗਰਮ ਭਾਗੀਦਾਰੀ ਬੇਹੱਦ ਮਹੱਤਵਪੂਰਨ ਹੈ। ਉਨ੍ਹਾਂ ਕਿਹਾ ਕਿ ਪਹਿਲੀ ਵਾਰ ਵੋਟਰ ਬਣਨ ਵਾਲੇ ਨੌਜਵਾਨਾਂ ਨੂੰ ਰਜਿਸਟਰ ਕਰਨ ਅਤੇ ਉਨ੍ਹਾਂ ਨੂੰ ਵੋਟ ਦੇ ਅਧਿਕਾਰ ਦੀ ਮਹੱਤਤਾ ਬਾਰੇ ਜਾਗਰੂਕ ਕਰਨ ’ਤੇ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ।
ਪਲਵੀ ਮਿਸ਼ਰਾ ਨੇ ਦੱਸਿਆ ਕਿ ਜ਼ਿਲ੍ਹਾ ਚੋਣ ਦਫ਼ਤਰ ਵੱਲੋਂ 9 ਸਤੰਬਰ ਨੂੰ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਵਿਸ਼ੇਸ਼ ਮੈਗਾ ਈਵੈਂਟ ਕਰਵਾਇਆ ਜਾ ਰਿਹਾ ਹੈ। ਇਸ ਵਿੱਚ ਸਮਾਜ ਦੇ ਵੱਖ-ਵੱਖ ਵਰਗਾਂ ਦੀ ਵੱਧ ਤੋਂ ਵੱਧ ਭਾਗੀਦਾਰੀ ਯਕੀਨੀ ਬਣਾਉਣ ਦੇ ਨਾਲ ਨੌਜਵਾਨਾਂ ਨੂੰ ਲੋਕਤੰਤਰਿਕ ਪ੍ਰਕਿਰਿਆ ਨਾਲ ਜੋੜਨ ਲਈ ਵੱਖ-ਵੱਖ ਜਾਗਰੂਕਤਾ ਗਤੀਵਿਧੀਆਂ ਕਰਵਾਈਆਂ ਜਾਣਗੀਆਂ।
ਉਨ੍ਹਾਂ ਕਿਹਾ ਕਿ ਕਾਲਜਾਂ ਵਿੱਚ ਲਗਾਏ ਜਾ ਰਹੇ ਕੈਂਪਾਂ ਦੌਰਾਨ ਯੋਗ ਵਿਦਿਆਰਥੀਆਂ ਨੂੰ ਵੋਟਰ ਸੂਚੀ ਵਿੱਚ ਨਾਮ ਦਰਜ ਕਰਵਾਉਣ, ਪਹਿਲਾਂ ਤੋਂ ਦਰਜ ਜਾਣਕਾਰੀ ਦੀ ਜਾਂਚ ਕਰਨ ਅਤੇ ਲੋੜ ਪੈਣ ’ਤੇ ਵੇਰਵਿਆਂ ਵਿੱਚ ਸੋਧ ਕਰਵਾਉਣ ਲਈ ਸਹਾਇਤਾ ਦਿੱਤੀ ਜਾਵੇਗੀ। ਵਿਦਿਆਰਥੀਆਂ ਨੂੰ ਚੋਣ ਪ੍ਰਕਿਰਿਆ ਅਤੇ ਵੋਟ ਦੇ ਅਧਿਕਾਰ ਨਾਲ ਸਬੰਧਤ ਜ਼ਰੂਰੀ ਜਾਣਕਾਰੀ ਵੀ ਮੁਹੱਈਆ ਕਰਵਾਈ ਜਾਵੇਗੀ।
ਵਧੀਕ ਜ਼ਿਲ੍ਹਾ ਚੋਣ ਅਫ਼ਸਰ ਨੇ ਕਾਲਜ ਪ੍ਰਬੰਧਕਾਂ, ਅਧਿਆਪਕਾਂ ਅਤੇ ਸਵੀਪ ਟੀਮਾਂ ਨੂੰ ਅਪੀਲ ਕੀਤੀ ਕਿ ਉਹ ਮੁਹਿੰਮ ਵਿੱਚ ਸਰਗਰਮ ਸਹਿਯੋਗ ਦੇਣ ਅਤੇ ਹਰੇਕ ਯੋਗ ਵਿਦਿਆਰਥੀ ਨੂੰ ਵੋਟਰ ਵਜੋਂ ਰਜਿਸਟਰ ਹੋਣ ਲਈ ਪ੍ਰੇਰਿਤ ਕਰਨ। ਉਨ੍ਹਾਂ ਕਿਹਾ ਕਿ ਜਾਗਰੂਕ ਅਤੇ ਜ਼ਿੰਮੇਵਾਰ ਵੋਟਰ ਹੀ ਮਜ਼ਬੂਤ ਲੋਕਤੰਤਰ ਦੀ ਨੀਂਹ ਹਨ।
ਇਸ ਮੌਕੇ ਚੋਣ ਤਹਿਸੀਲਦਾਰ ਰਜਿੰਦਰ ਸਿੰਘ ਕਾਹਲੋ, ਆਸ਼ੂ ਧਵਨ, ਮਨੀਸ਼ ਕੁਮਾਰ, ਪੰਕਜ ਕੁਮਾਰ ਸ਼ਰਮਾ ਅਤੇ ਸਵੀਪ ਟੀਮ ਦੇ ਹੋਰ ਮੈਂਬਰ ਹਾਜ਼ਰ ਸਨ। ਅਧਿਕਾਰੀਆਂ ਨੇ ਕਿਹਾ ਕਿ ਨੌਜਵਾਨਾਂ ਨੂੰ ਲੋਕਤੰਤਰਿਕ ਪ੍ਰਕਿਰਿਆ ਨਾਲ ਜੋੜਨ ਲਈ ਵੋਟਰ ਰਜਿਸਟ੍ਰੇਸ਼ਨ ਅਤੇ ਜਾਗਰੂਕਤਾ ਗਤੀਵਿਧੀਆਂ ਲਗਾਤਾਰ ਜਾਰੀ ਰਹਿਣਗੀਆਂ।
ਹਿੰਦੂਸਥਾਨ ਸਮਾਚਾਰ / GURSHARAN SINGH