
ਚੰਡੀਗੜ੍ਹ, 05 ਸਤੰਬਰ (ਹਿੰ.ਸ.)| ਪੰਜਾਬ ਸਰਕਾਰ ਵੱਲੋਂ ਨਸ਼ਿਆਂ ਖ਼ਿਲਾਫ਼ ਚਲਾਏ ਜਾ ਰਹੇ ‘ਯੁੱਧ ਨਸ਼ਿਆਂ ਵਿਰੁੱਧ’ ਅਭਿਆਨ ਵਿੱਚ ਨਾਗਰਿਕਾਂ ਦੀ ਭਾਗੀਦਾਰੀ ਅਹਿਮ ਭੂਮਿਕਾ ਨਿਭਾ ਰਹੀ ਹੈ। ਸਰਕਾਰ ਵੱਲੋਂ ਜਾਰੀ ਅੰਕੜਿਆਂ ਮੁਤਾਬਕ 1 ਮਾਰਚ 2025 ਤੋਂ 3 ਸਤੰਬਰ 2026 ਤੱਕ ਨਾਗਰਿਕਾਂ ਤੋਂ ਮਿਲੀਆਂ 51,979 ਗੁਪਤ ਸੂਚਨਾਵਾਂ ਦੇ ਆਧਾਰ ’ਤੇ ਨਸ਼ਾ ਵਿਰੋਧੀ ਕਾਰਵਾਈ ਦੌਰਾਨ 25,339 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।
ਇਹ ਗੁਪਤ ਸੂਚਨਾਵਾਂ ‘ਸੇਫ਼ ਪੰਜਾਬ ਹੈਲਪਲਾਈਨ’ 97791-00200 ਰਾਹੀਂ ਪ੍ਰਾਪਤ ਹੋਈਆਂ। ਇਨ੍ਹਾਂ ਰਾਹੀਂ ਪੁਲਿਸ ਅਤੇ ਹੋਰ ਇਨਫੋਰਸਮੈਂਟ ਏਜੰਸੀਆਂ ਨੂੰ ਨਸ਼ਾ ਤਸਕਰੀ ਅਤੇ ਇਸ ਨਾਲ ਜੁੜੀਆਂ ਗਤੀਵਿਧੀਆਂ ਬਾਰੇ ਮਹੱਤਵਪੂਰਨ ਜਾਣਕਾਰੀ ਮਿਲੀ।
ਪੰਜਾਬ ਵਿੱਚ ਐੱਨਡੀਪੀਐੱਸ ਐਕਟ ਤਹਿਤ ਦਰਜ ਕੁੱਲ 59,293 ਐੱਫਆਈਆਰਜ਼ ਵਿੱਚੋਂ 25 ਹਜ਼ਾਰ ਤੋਂ ਵੱਧ ਗ੍ਰਿਫ਼ਤਾਰੀਆਂ ਨਾਗਰਿਕਾਂ ਵੱਲੋਂ ਦਿੱਤੀਆਂ ਗੁਪਤ ਸੂਚਨਾਵਾਂ ਦੇ ਆਧਾਰ ’ਤੇ ਹੋਣ ਨੂੰ ਸਰਕਾਰ ਨਸ਼ਾ ਵਿਰੋਧੀ ਮੁਹਿੰਮ ਵਿੱਚ ਲੋਕਾਂ ਦੀ ਵਧ ਰਹੀ ਭਾਗੀਦਾਰੀ ਵਜੋਂ ਦੇਖ ਰਹੀ ਹੈ।
ਮੁਹਿੰਮ ਤਹਿਤ ਨਸ਼ਾ ਤਸਕਰੀ ਦੇ ਵੱਡੇ ਨੈੱਟਵਰਕਾਂ ਖ਼ਿਲਾਫ਼ ਵੀ ਕਾਰਵਾਈ ਕੀਤੀ ਗਈ ਹੈ। ਅੰਕੜਿਆਂ ਅਨੁਸਾਰ 2 ਕਿਲੋਗ੍ਰਾਮ ਤੋਂ ਵੱਧ ਹੈਰੋਇਨ ਸਮੇਤ 696 ਵੱਡੇ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਤੋਂ ਇਲਾਵਾ ਇਨਫੋਰਸਮੈਂਟ ਏਜੰਸੀਆਂ ਨੇ 3,757 ਕਿਲੋਗ੍ਰਾਮ ਹੈਰੋਇਨ, 964 ਕਿਲੋਗ੍ਰਾਮ ਅਫ਼ੀਮ, 45 ਟਨ ਚੂਰਾ ਪੋਸਤ, 1,288 ਕਿਲੋਗ੍ਰਾਮ ਗਾਂਜਾ ਅਤੇ 71 ਕਿਲੋਗ੍ਰਾਮ ਮੈਥਾਮਫੇਟਾਮਾਈਨ ਬਰਾਮਦ ਕੀਤੀ ਹੈ।
ਇਸੇ ਦੌਰਾਨ ਐੱਨਡੀਪੀਐੱਸ ਐਕਟ ਤਹਿਤ 62 ਲੱਖ ਗੋਲੀਆਂ ਅਤੇ ਕੈਪਸੂਲ ਵੀ ਬਰਾਮਦ ਕੀਤੇ ਗਏ ਹਨ। ਨਸ਼ਿਆਂ ਦੀ ਵਿਕਰੀ ਨਾਲ ਸਬੰਧਤ ਜਾਂ ਨਸ਼ੀਲੇ ਪਦਾਰਥਾਂ ਦੀ ਗੈਰ-ਕਾਨੂੰਨੀ ਖਰੀਦ, ਵਿਕਰੀ ਅਤੇ ਤਸਕਰੀ ਲਈ ਵਰਤੀ ਜਾਣ ਵਾਲੀ ਕਰੀਬ 22 ਕਰੋੜ ਰੁਪਏ ਦੀ ਡਰੱਗ ਮਨੀ ਵੀ ਜ਼ਬਤ ਕੀਤੀ ਗਈ ਹੈ। ਵਪਾਰਕ ਮਾਤਰਾ ਵਾਲੇ ਨਸ਼ਿਆਂ ਨਾਲ ਸਬੰਧਤ 2,675 ਮਾਮਲੇ ਦਰਜ ਕੀਤੇ ਗਏ ਹਨ।
ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਗੁਪਤ ਸੂਚਨਾਵਾਂ ਨੇ ਐਂਟੀ-ਨਾਰਕੋਟਿਕਸ ਟਾਸਕ ਫੋਰਸ ਨੂੰ ਹੋਰ ਮਜ਼ਬੂਤ ਕੀਤਾ ਹੈ। ਉਨ੍ਹਾਂ ਉਮੀਦ ਜਤਾਈ ਕਿ ਆਉਣ ਵਾਲੇ ਸਮੇਂ ਵਿੱਚ ਨਾਗਰਿਕਾਂ ਵੱਲੋਂ ਦਿੱਤੀਆਂ ਜਾਣ ਵਾਲੀਆਂ ਸੂਚਨਾਵਾਂ ਅਤੇ ਉਨ੍ਹਾਂ ਦੇ ਆਧਾਰ ’ਤੇ ਹੋਣ ਵਾਲੀਆਂ ਕਾਰਵਾਈਆਂ ਵਿੱਚ ਹੋਰ ਵਾਧਾ ਹੋਵੇਗਾ।
ਏਡੀਜੀਪੀ ਏਐੱਨਟੀਐੱਫ ਨੀਲਾਭ ਕਿਸ਼ੋਰ ਨੇ ਕਿਹਾ ਕਿ 51,979 ਗੁਪਤ ਸੂਚਨਾਵਾਂ ਇਹ ਦਰਸਾਉਂਦੀਆਂ ਹਨ ਕਿ ਆਮ ਲੋਕ ਵੀ ਨਸ਼ਿਆਂ ਖ਼ਿਲਾਫ਼ ਲੜਾਈ ਵਿੱਚ ਪੁਲਿਸ ਤੱਕ ਅਹਿਮ ਜਾਣਕਾਰੀ ਪਹੁੰਚਾ ਰਹੇ ਹਨ।
ਸਰਕਾਰ ਵੱਲੋਂ ਨਸ਼ਿਆਂ ਦੀ ਲਤ ਨਾਲ ਜੂਝ ਰਹੇ ਲੋਕਾਂ ਨੂੰ ਇਲਾਜ ਪ੍ਰਣਾਲੀ ਨਾਲ ਜੋੜਨ ਲਈ ਵੀ ਕਦਮ ਚੁੱਕੇ ਜਾ ਰਹੇ ਹਨ। ਅੰਕੜਿਆਂ ਅਨੁਸਾਰ ਪੁਲਿਸ ਨੇ 42,498 ਵਿਅਕਤੀਆਂ ਨੂੰ ਨਸ਼ਾ ਮੁਕਤੀ ਕੇਂਦਰਾਂ ਵਿੱਚ ਦਾਖ਼ਲ ਕਰਵਾਇਆ, ਜਦਕਿ 1,55,970 ਲੋਕਾਂ ਨੂੰ ਓਓਏਟੀ ਕਲੀਨਿਕਾਂ ਵਿੱਚ ਭੇਜਿਆ ਗਿਆ।
ਇਸ ਤੋਂ ਇਲਾਵਾ ਐੱਨਡੀਪੀਐੱਸ ਐਕਟ ਦੀ ਧਾਰਾ 64-ਏ ਤਹਿਤ 11,239 ਵਿਅਕਤੀਆਂ ਨੂੰ ਇਮਿਊਨਿਟੀ ਦਿੱਤੀ ਗਈ ਹੈ। ਸਰਕਾਰ ਮੁਤਾਬਕ ਇਸ ਪੂਰੀ ਮੁਹਿੰਮ ਦਾ ਉਦੇਸ਼ ਇੱਕ ਪਾਸੇ ਨਸ਼ਿਆਂ ਦੀ ਸਪਲਾਈ ਚੇਨ ’ਤੇ ਸਖ਼ਤ ਕਾਰਵਾਈ ਕਰਨਾ ਅਤੇ ਦੂਜੇ ਪਾਸੇ ਨਸ਼ਾ ਪੀੜਤਾਂ ਨੂੰ ਇਲਾਜ ਨਾਲ ਜੋੜਨਾ ਹੈ।
ਹਿੰਦੂਸਥਾਨ ਸਮਾਚਾਰ / GURSHARAN SINGH