

ਸੰਗਰੂਰ, 05 ਸਤੰਬਰ (ਹਿੰ.ਸ.)। ਬਹੁਜਨ ਸਮਾਜ ਪਾਰਟੀ (ਬਸਪਾ) ਪੰਜਾਬ ਦੇ ਸੂਬਾ ਪ੍ਰਧਾਨ ਡਾ. ਅਵਤਾਰ ਸਿੰਘ ਕਰੀਮਪੁਰੀ ਵਿਸ਼ੇਸ਼ ਤੌਰ 'ਤੇ ਜ਼ਿਲ੍ਹਾ ਸੰਗਰੂਰ ਦੇ ਪਿੰਡ ਸ਼ੇਰੋਂ ਵਿਖੇ ਪਹੁੰਚੇ। ਉੱਥੇ ਉਨ੍ਹਾਂ ਨੇ ਨਸ਼ਿਆਂ ਖ਼ਿਲਾਫ਼ ਆਵਾਜ਼ ਉਠਾਉਣ ਵਾਲੇ ਪੀੜਤ ਨੌਜਵਾਨ ਮੋਹਨਜੀਤ ਸਿੰਘ ਅਤੇ ਉਸ ਦੇ ਪਰਿਵਾਰ ਨਾਲ ਮੁਲਾਕਾਤ ਕਰਕੇ ਹਮਦਰਦੀ ਦਾ ਪ੍ਰਗਟਾਵਾ ਕੀਤਾ ਅਤੇ ਪੁਲਿਸ ਹਿਰਾਸਤ ਵਿੱਚ ਹੋਏ ਅਮਾਨਵੀ ਤਸ਼ੱਦਦ ਤੇ ਸਰਕਾਰੀ ਜ਼ਬਰ ਦੀ ਕਰੜੇ ਸ਼ਬਦਾਂ ਵਿੱਚ ਨਿੰਦਾ ਕੀਤੀ।
ਇਸ ਮੌਕੇ ਡਾ. ਅਵਤਾਰ ਸਿੰਘ ਕਰੀਮਪੁਰੀ ਨੇ ਕਿਹਾ ਕਿ ਪਿੰਡ ਸ਼ੇਰੋਂ ਵਿਖੇ ਨੌਜਵਾਨ ਮੋਹਨਜੀਤ ਸਿੰਘ ਵੱਲੋਂ ਸ਼ਾਂਤਮਈ ਢੰਗ ਨਾਲ ਆਪਣਾ ਰੋਸ ਪ੍ਰਗਟਾਉਣ 'ਤੇ ਪੁਲਿਸ ਪ੍ਰਸ਼ਾਸਨ ਵੱਲੋਂ ਉਸਨੂੰ ਹਿਰਾਸਤ ਵਿੱਚ ਲੈ ਕੇ ਜਿਸ ਤਰ੍ਹਾਂ ਦਾ ਅੰਨ੍ਹਾ ਜਬਰ ਢਾਹਿਆ ਗਿਆ ਹੈ, ਉਹ ਲੋਕਤੰਤਰ ਦਾ ਸ਼ਰੇਆਮ ਕਤਲ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਆਪਣੀਆਂ ਨਾਕਾਮੀਆਂ ਅਤੇ ਫੈਲੇ ਨਸ਼ਿਆਂ ਵਿਰੁੱਧ ਆਵਾਜ਼ ਉਠਾਉਣ ਵਾਲੇ ਨੌਜਵਾਨਾਂ ਦੀ ਆਵਾਜ਼ ਨੂੰ ਦਬਾਉਣ ਲਈ ਪੁਲਿਸ ਮਸ਼ੀਨਰੀ ਦੀ ਦੁਰਵਰਤੋਂ ਕਰ ਰਹੀ ਹੈ।
ਡਾ. ਕਰੀਮਪੁਰੀ ਨੇ ਜ਼ੋਰ ਦੇ ਕੇ ਕਿਹਾ ਕਿ ਸੂਬੇ ਦੇ ਮੁੱਖ ਮੰਤਰੀ ਭਗਵੰਤ ਮਾਨ, ਜੋ ਕਿ ਗ੍ਰਹਿ ਮੰਤਰੀ ਵੀ ਹਨ, ਦੇ ਆਪਣੇ ਹੀ ਜ਼ਿਲ੍ਹੇ ਵਿੱਚ ਪੁਲਿਸ ਦੀ ਅਜਿਹੀ ਬਰਬਰਤਾ ਅਤੇ ਕਕਾਰਾਂ ਦੀ ਬੇਅਦਬੀ ਵਰਗੀਆਂ ਘਟਨਾਵਾਂ ਵਾਪਰਨਾ ਅਤਿ ਸ਼ਰਮਨਾਕ ਹੈ। ਇਸ ਲਈ ਮੁੱਖ ਮੰਤਰੀ ਭਗਵੰਤ ਮਾਨ ਨੂੰ ਆਪਣੀ ਅਸਫ਼ਲਤਾ ਦੀ ਨੈਤਿਕ ਜ਼ਿੰਮੇਵਾਰੀ ਲੈਂਦਿਆਂ ਤੁਰੰਤ ਆਪਣੇ ਅਹੁਦੇ ਤੋਂ ਅਸਤੀਫ਼ਾ ਦੇਣਾ ਚਾਹੀਦਾ ਹੈ।
ਬਸਪਾ ਸੂਬਾ ਪ੍ਰਧਾਨ ਨੇ ਐਲਾਨ ਕੀਤਾ ਕਿ ਬਸਪਾ ਵੱਲੋਂ ਵਿੱਢੀ ਗਈ 'ਪੰਜਾਬ ਸੰਭਾਲੋ ਮੁਹਿੰਮ' ਦਾ ਮੁੱਖ ਮਕਸਦ ਹੀ ਸੂਬੇ ਵਿੱਚ ਫੈਲੀ ਅਰਾਜਕਤਾ, ਪੁਲਿਸ ਜਬਰ, ਸਰਕਾਰੀ ਧੱਕੇਸ਼ਾਹੀ ਅਤੇ ਨਸ਼ਿਆਂ ਦੇ ਕੋੜ੍ਹ ਵਿਰੁੱਧ ਲੋਕਾਂ ਨੂੰ ਇੱਕਜੁੱਟ ਕਰਨਾ ਹੈ। ਉਨ੍ਹਾਂ ਕਿਹਾ ਕਿ ਬਸਪਾ ਇਸ ਔਖੀ ਘੜੀ ਵਿੱਚ ਮੋਹਨਜੀਤ ਸਿੰਘ ਅਤੇ ਉਸ ਦੇ ਪਰਿਵਾਰ ਨਾਲ ਚੱਟਾਨ ਵਾਂਗ ਖੜ੍ਹੀ ਹੈ।
ਉਨ੍ਹਾਂ ਕਿਹਾ ਕਿ ਬਹੁਜਨ ਸਮਾਜ ਪਾਰਟੀ ਦੀ ਮੰਗ ਹੈ ਕਿ ਪਿੰਡ ਸ਼ੇਰੋਂ ਦੇ ਨੌਜਵਾਨ ਮੋਹਨਜੀਤ ਸਿੰਘ ਉੱਤੇ ਪੁਲਿਸ ਹਿਰਾਸਤ ਵਿੱਚ ਹੋਏ ਅੱਤਿਆਚਾਰ ਦੀ ਹਾਈ ਕੋਰਟ ਦੇ ਮੌਜੂਦਾ ਜੱਜ ਤੋਂ ਤੁਰੰਤ ਨਿਆਂਇਕ ਜਾਂਚ ਕਰਵਾਈ ਜਾਵੇ। ਕੁੱਟਮਾਰ ਕਰਨ ਅਤੇ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲੇ ਦੋਸ਼ੀ ਪੁਲਿਸ ਅਧਿਕਾਰੀਆਂ 'ਤੇ ਤੁਰੰਤ ਕੇਸ ਦਰਜ ਕਰਕੇ ਉਨ੍ਹਾਂ ਨੂੰ ਬਰਖ਼ਾਸਤ ਕੀਤਾ ਜਾਵੇ। ਮੁੱਖ ਮੰਤਰੀ ਭਗਵੰਤ ਮਾਨ ਸੂਬੇ ਵਿੱਚ ਵਿਗੜੀ ਅਮਨ-ਕਾਨੂੰਨ ਦੀ ਸਥਿਤੀ ਅਤੇ ਸਰਕਾਰੀ ਜ਼ਬਰ ਦੀ ਜ਼ਿੰਮੇਵਾਰੀ ਲੈਂਦੇ ਹੋਏ ਤੁਰੰਤ ਅਸਤੀਫ਼ਾ ਦੇਣ। ਨੌਜਵਾਨ ਉੱਤੇ ਦਰਜ ਕੀਤੇ ਗਏ ਸਾਰੇ ਬੇਬੁਨਿਆਦ ਮਾਮਲੇ ਬਿਨਾਂ ਸ਼ਰਤ ਰੱਦ ਕੀਤੇ ਜਾਣ। ਡਾ. ਕਰੀਮਪੁਰੀ ਨੇ ਚੇਤਾਵਨੀ ਦਿੱਤੀ ਕਿ ਜੇਕਰ ਪੀੜਤ ਨੌਜਵਾਨ ਨੂੰ ਤੁਰੰਤ ਇਨਸਾਫ਼ ਨਾ ਮਿਲਿਆ ਅਤੇ ਦੋਸ਼ੀ ਪੁਲਿਸ ਵਾਲਿਆਂ ਖ਼ਿਲਾਫ਼ ਕਾਰਵਾਈ ਨਾ ਹੋਈ, ਤਾਂ ਬਹੁਜਨ ਸਮਾਜ ਪਾਰਟੀ 'ਪੰਜਾਬ ਸੰਭਾਲੋ ਮੁਹਿੰਮ' ਦੇ ਤਹਿਤ ਸਰਕਾਰ ਵਿਰੁੱਧ ਤਿੱਖਾ ਸੰਘਰਸ਼ ਸ਼ੁਰੂ ਕਰੇਗੀ।
ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ