
ਜਲਾਲਾਬਾਦ, 05 ਸਤੰਬਰ (ਹਿੰ.ਸ.)| ਪੰਜਾਬ ਸਰਕਾਰ ਵੱਲੋਂ ਸੂਬੇ ਨੂੰ ਸਾਫ਼-ਸੁਥਰਾ, ਸੁੰਦਰ ਅਤੇ ਪ੍ਰਦੂਸ਼ਣ ਮੁਕਤ ਬਣਾਉਣ ਲਈ ਚਲਾਈ ਜਾ ਰਹੀ ‘ਮਿਸ਼ਨ ਕਲੀਨ ਪੰਜਾਬ’ ਮੁਹਿੰਮ ਦੇ ਦੂਜੇ ਪੜਾਅ ਤਹਿਤ ਜਲਾਲਾਬਾਦ ਵਿੱਚ ਵਿਸ਼ੇਸ਼ ਸਫਾਈ ਅਭਿਆਨ ਚਲਾਇਆ ਗਿਆ। ਇਸ ਦੌਰਾਨ ਜਲਾਲਾਬਾਦ ਦੇ ਵਿਧਾਇਕ ਜਗਦੀਪ ਕੰਬੋਜ ਗੋਲਡੀ ਨੇ ਡਾ. ਭੀਮ ਰਾਓ ਅੰਬੇਦਕਰ ਚੌਕ ਵਿਖੇ ਖੁਦ ਸਫਾਈ ਕਰਕੇ ਮੁਹਿੰਮ ਵਿੱਚ ਹਿੱਸਾ ਲਿਆ।
ਇਸ ਮੌਕੇ ਵਿਧਾਇਕ ਜਗਦੀਪ ਕੰਬੋਜ ਗੋਲਡੀ ਨੇ ਕਿਹਾ ਕਿ ‘ਮਿਸ਼ਨ ਕਲੀਨ ਪੰਜਾਬ’ ਤਹਿਤ ਨਗਰ ਕੌਂਸਲ ਦੀਆਂ ਵਿਸ਼ੇਸ਼ ਟੀਮਾਂ ਵੱਲੋਂ ਸ਼ਹਿਰ ਦੀਆਂ ਗਲੀਆਂ ਅਤੇ ਮੁਹੱਲਿਆਂ ਵਿੱਚ ਸਫਾਈ ਯਕੀਨੀ ਬਣਾਈ ਜਾਵੇਗੀ। ਇਕੱਠੇ ਕੀਤੇ ਜਾਣ ਵਾਲੇ ਕੂੜੇ ਦਾ ਵੀ ਸਹੀ ਢੰਗ ਨਾਲ ਨਿਪਟਾਰਾ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਆਉਣ ਵਾਲੇ 15 ਤੋਂ 20 ਦਿਨਾਂ ਤੱਕ ਹਰ ਰੋਜ਼ ਸ਼ਹਿਰ ਵਿੱਚ ਵਿਸ਼ੇਸ਼ ਸਫਾਈ ਮੁਹਿੰਮ ਜਾਰੀ ਰਹੇਗੀ। ਉਨ੍ਹਾਂ ਕਿਹਾ ਕਿ ਮੁਹਿੰਮ ਦਾ ਮਕਸਦ ਸਿਰਫ਼ ਸਫਾਈ ਕਰਨਾ ਨਹੀਂ, ਸਗੋਂ ਲੋਕਾਂ ਵਿੱਚ ਸਫਾਈ ਪ੍ਰਤੀ ਜਾਗਰੂਕਤਾ ਅਤੇ ਆਪਣੀ ਜ਼ਿੰਮੇਵਾਰੀ ਦੀ ਭਾਵਨਾ ਪੈਦਾ ਕਰਨਾ ਵੀ ਹੈ।
ਵਿਧਾਇਕ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸਰਕਾਰ ਅਤੇ ਪ੍ਰਸ਼ਾਸਨ ਦਾ ਸਹਿਯੋਗ ਕਰਦੇ ਹੋਏ ਜਲਾਲਾਬਾਦ ਨੂੰ ਸਾਫ਼, ਸੁੰਦਰ ਅਤੇ ਬਿਹਤਰ ਬਣਾਉਣ ਵਿੱਚ ਆਪਣੀ ਭੂਮਿਕਾ ਨਿਭਾਉਣ। ਉਨ੍ਹਾਂ ਕਿਹਾ ਕਿ ਮੁਹਿੰਮ ਦੀ ਸਫਲਤਾ ਲਈ ਲੋਕਾਂ ਦੀ ਭਾਗੀਦਾਰੀ ਬੇਹੱਦ ਜ਼ਰੂਰੀ ਹੈ ਅਤੇ ਇਸ ਨੂੰ ਲੋਕ ਲਹਿਰ ਬਣਾਉਣ ਲਈ ਹਰ ਵਰਗ ਨੂੰ ਅੱਗੇ ਆਉਣਾ ਚਾਹੀਦਾ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਕੂੜੇ, ਮੱਛਰਾਂ ਦੀ ਭਰਮਾਰ, ਸੀਵਰੇਜ ਲੀਕੇਜ ਜਾਂ ਖੜ੍ਹੇ ਪਾਣੀ ਨਾਲ ਸਬੰਧਤ ਕੋਈ ਵੀ ਸਮੱਸਿਆ ਹੋਣ ’ਤੇ ਨਗਰ ਕੌਂਸਲ ਦਫ਼ਤਰ ਜਲਾਲਾਬਾਦ ਵਿਖੇ ਸ਼ਿਕਾਇਤ ਦਰਜ ਕਰਵਾਈ ਜਾਵੇ, ਤਾਂ ਜੋ ਸਮੱਸਿਆ ਦਾ ਸਮੇਂ ਸਿਰ ਹੱਲ ਕੀਤਾ ਜਾ ਸਕੇ। ਜਗਦੀਪ ਕੰਬੋਜ ਗੋਲਡੀ ਨੇ ਲੋਕਾਂ ਨੂੰ ਸਿੰਗਲ ਯੂਜ਼ ਪਲਾਸਟਿਕ ਦੀ ਵਰਤੋਂ ਤੋਂ ਗੁਰੇਜ਼ ਕਰਨ ਅਤੇ ਕੂੜਾ ਸਿਰਫ਼ ਨਿਰਧਾਰਤ ਥਾਵਾਂ ’ਤੇ ਹੀ ਸੁੱਟਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਸਾਫ਼-ਸੁਥਰਾ ਵਾਤਾਵਰਣ ਬਣਾਉਣਾ ਸਿਰਫ਼ ਸਰਕਾਰ ਦੀ ਜ਼ਿੰਮੇਵਾਰੀ ਨਹੀਂ, ਸਗੋਂ ਹਰ ਨਾਗਰਿਕ ਦੀ ਸਾਂਝੀ ਜ਼ਿੰਮੇਵਾਰੀ ਹੈ।
ਹਿੰਦੂਸਥਾਨ ਸਮਾਚਾਰ / GURSHARAN SINGH