
ਫਾਜ਼ਿਲਕਾ, 05 ਸਤੰਬਰ (ਹਿੰ.ਸ.)| ਪੰਜਾਬ ਸਰਕਾਰ ਵੱਲੋਂ ਸੂਬੇ ਨੂੰ ਸਾਫ਼-ਸੁਥਰਾ ਅਤੇ ਸੁੰਦਰ ਬਣਾਉਣ ਲਈ ਸ਼ੁਰੂ ਕੀਤੀ ਗਈ ‘ਮਿਸ਼ਨ ਕਲੀਨ ਪੰਜਾਬ’ ਮੁਹਿੰਮ ਤਹਿਤ ਫਾਜ਼ਿਲਕਾ ਦੇ ਆਰੀਆ ਨਗਰ ਵਿਖੇ ਵਿਸ਼ੇਸ਼ ਸਫਾਈ ਮੁਹਿੰਮ ਦੀ ਸ਼ੁਰੂਆਤ ਕਰਵਾਈ ਗਈ। ਇਸ ਮੌਕੇ ਫਾਜ਼ਿਲਕਾ ਦੇ ਵਿਧਾਇਕ ਨਰਿੰਦਰਪਾਲ ਸਿੰਘ ਸਵਨਾ ਨੇ ਮੌਕੇ ’ਤੇ ਪਹੁੰਚ ਕੇ ਸਫਾਈ ਕਾਰਜਾਂ ਦਾ ਜਾਇਜ਼ਾ ਲਿਆ।
ਵਿਧਾਇਕ ਸਵਨਾ ਨੇ ਦੱਸਿਆ ਕਿ ਆਰੀਆ ਨਗਰ ਦੇ ਵਸਨੀਕਾਂ ਵੱਲੋਂ ਲੰਮੇ ਸਮੇਂ ਤੋਂ ਇਲਾਕੇ ਵਿੱਚ ਬਣੇ ਕੂੜੇ ਦੇ ਡੰਪ ਨੂੰ ਚੁਕਵਾਉਣ ਅਤੇ ਸਫਾਈ ਕਰਵਾਉਣ ਦੀ ਮੰਗ ਕੀਤੀ ਜਾ ਰਹੀ ਸੀ। ਨਗਰ ਕੌਂਸਲ ਦੀ ਟੀਮ ਦੇ ਸਹਿਯੋਗ ਨਾਲ ਅੱਜ ਇੱਥੇ ਸਫਾਈ ਕਰਵਾ ਕੇ ਕੂੜਾ ਹਟਾਇਆ ਗਿਆ ਹੈ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ‘ਮਿਸ਼ਨ ਕਲੀਨ ਪੰਜਾਬ’ ਮੁਹਿੰਮ ਇੱਕ ਚੰਗਾ ਉਪਰਾਲਾ ਹੈ। ਇਸ ਮੁਹਿੰਮ ਤਹਿਤ ਆਉਣ ਵਾਲੇ ਦਿਨਾਂ ਵਿੱਚ ਫਾਜ਼ਿਲਕਾ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿੱਚ ਸਫਾਈ ਕਾਰਜਾਂ ਨੂੰ ਹੋਰ ਤੇਜ਼ ਕੀਤਾ ਜਾਵੇਗਾ, ਜਿਸ ਨਾਲ ਸ਼ਹਿਰ ਨੂੰ ਸਾਫ਼-ਸੁਥਰਾ ਬਣਾਉਣ ਵਿੱਚ ਮਦਦ ਮਿਲੇਗੀ।
ਸਵਨਾ ਨੇ ਕਿਹਾ ਕਿ ਮੁਹਿੰਮ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਲਈ ਲੋੜੀਂਦੀ ਮਸ਼ੀਨਰੀ, ਕਰਮਚਾਰੀ ਅਤੇ ਵਾਹਨ ਸਫਾਈ ਕਾਰਜਾਂ ਵਿੱਚ ਲਗਾਏ ਗਏ ਹਨ। ਉਨ੍ਹਾਂ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਸਫਾਈ ਟੀਮਾਂ ਦਾ ਸਹਿਯੋਗ ਕਰਨ, ਕੂੜਾ ਨਿਰਧਾਰਤ ਸਥਾਨਾਂ ’ਤੇ ਹੀ ਸੁੱਟਣ ਅਤੇ ਜਨਤਕ ਥਾਵਾਂ ਨੂੰ ਗੰਦਾ ਕਰਨ ਤੋਂ ਗੁਰੇਜ਼ ਕਰਨ।
ਉਨ੍ਹਾਂ ਕਿਹਾ ਕਿ ਫਾਜ਼ਿਲਕਾ ਨੂੰ ਸਾਫ਼-ਸੁਥਰਾ ਅਤੇ ਸੁੰਦਰ ਬਣਾਉਣਾ ਸਿਰਫ਼ ਸਰਕਾਰੀ ਵਿਭਾਗਾਂ ਦੀ ਜ਼ਿੰਮੇਵਾਰੀ ਨਹੀਂ, ਸਗੋਂ ਲੋਕਾਂ ਦੀ ਭਾਈਚਾਰਕ ਭਾਗੀਦਾਰੀ ਵੀ ਬੇਹੱਦ ਜ਼ਰੂਰੀ ਹੈ।
ਇਸ ਮੌਕੇ ਵਾਰਡ 21 ਦੇ ਇੰਚਾਰਜ ਦੀਪਕ ਸ਼ਰਮਾ, ਐਮ.ਐਲ.ਏ. ਦਫ਼ਤਰ ਦੇ ਇੰਚਾਰਜ ਹਰੀਸ਼ ਠਾਕੁਰ, ਵਾਰਡ 7 ਦੇ ਇੰਚਾਰਜ ਸ਼ੇਖਰ, ਵਾਰਡ 22 ਦੇ ਇੰਚਾਰਜ ਜਸਕਰਨ ਸਿੰਘ ਸਿੱਡਾਨਾ ਸਮੇਤ ਆਮ ਆਦਮੀ ਪਾਰਟੀ ਦੇ ਹੋਰ ਆਗੂ ਅਤੇ ਵਰਕਰ ਮੌਜੂਦ ਸਨ।
ਹਿੰਦੂਸਥਾਨ ਸਮਾਚਾਰ / GURSHARAN SINGH