ਮੁੱਖ ਮੰਤਰੀ ਦੀ ਰਿਹਾਇਸ਼ ਵੱਲ ਰੋਸ ਮਾਰਚ; ਹਰਸਿਮਰਤ ਕੌਰ ਬਾਦਲ ਸਮੇਤ ਅਕਾਲੀ ਆਗੂਆਂ ਨੂੰ ਹਿਰਾਸਤ ’ਚ ਲਿਆ
ਚੰਡੀਗੜ੍ਹ, 05 ਸਤੰਬਰ (ਹਿੰ.ਸ.)| ਬਠਿੰਡਾ ਤੋਂ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਦੀ ਅਗਵਾਈ ਹੇਠ ਇਸਤਰੀ ਅਕਾਲੀ ਦਲ ਦੀਆਂ ਹਜ਼ਾਰਾਂ ਵਰਕਰਾਂ ਨੇ ਅੱਜ ਚੰਡੀਗੜ੍ਹ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਰਿਹਾਇਸ਼ ਵੱਲ ਰੋਸ ਮਾਰਚ ਕੀਤਾ। ‘ਸਤਿਕਾਰ ਨਹੀਂ, ਬਲਾਤਕਾਰ’ ਦੇ ਨਾਅਰੇ ਹੇਠ ਕੀਤੇ ਗਏ ਇਸ ਪ੍ਰਦਰਸ਼ਨ
Police Detaining Bathinda MP Harsimrat Kaur Badal


SAD Women Wing doing protest


ਚੰਡੀਗੜ੍ਹ, 05 ਸਤੰਬਰ (ਹਿੰ.ਸ.)| ਬਠਿੰਡਾ ਤੋਂ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਦੀ ਅਗਵਾਈ ਹੇਠ ਇਸਤਰੀ ਅਕਾਲੀ ਦਲ ਦੀਆਂ ਹਜ਼ਾਰਾਂ ਵਰਕਰਾਂ ਨੇ ਅੱਜ ਚੰਡੀਗੜ੍ਹ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਰਿਹਾਇਸ਼ ਵੱਲ ਰੋਸ ਮਾਰਚ ਕੀਤਾ। ‘ਸਤਿਕਾਰ ਨਹੀਂ, ਬਲਾਤਕਾਰ’ ਦੇ ਨਾਅਰੇ ਹੇਠ ਕੀਤੇ ਗਏ ਇਸ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀਆਂ ਨੇ ਦੋ ਕਥਿਤ ਜਬਰ-ਜਨਾਹ ਪੀੜਤ ਔਰਤਾਂ ਨੂੰ ਇਨਸਾਫ਼ ਦੇਣ ਅਤੇ ਮਾਮਲੇ ਦੀ ਨਿਰਪੱਖ ਜਾਂਚ ਦੀ ਮੰਗ ਕੀਤੀ।

ਮੁੱਖ ਮੰਤਰੀ ਦੀ ਰਿਹਾਇਸ਼ ਨੇੜੇ ਪੁਲਿਸ ਵੱਲੋਂ ਭਾਰੀ ਬੈਰੀਕੇਡ ਲਗਾ ਕੇ ਪ੍ਰਦਰਸ਼ਨਕਾਰੀਆਂ ਨੂੰ ਰੋਕਿਆ ਗਿਆ। ਇਸ ਦੌਰਾਨ ਹਰਸਿਮਰਤ ਕੌਰ ਬਾਦਲ, ਵਿਧਾਇਕਾ ਗਨੀਵ ਕੌਰ ਮਜੀਠੀਆ ਅਤੇ ਇਸਤਰੀ ਅਕਾਲੀ ਦਲ ਦੀ ਪ੍ਰਧਾਨ ਹਰਗੋਬਿੰਦ ਕੌਰ ਸਮੇਤ ਕਈ ਵਰਕਰਾਂ ਨੇ ਮੌਕੇ ’ਤੇ ਧਰਨਾ ਦਿੱਤਾ ਅਤੇ ਆਪਣੀਆਂ ਗ੍ਰਿਫ਼ਤਾਰੀਆਂ ਦਿੱਤੀਆਂ। ਪੁਲਿਸ ਵੱਲੋਂ ਹਿਰਾਸਤ ਵਿੱਚ ਲਏ ਜਾਣ ਦੇ ਬਾਵਜੂਦ ਅਕਾਲੀ ਵਰਕਰਾਂ ਨੇ ਨਾਅਰੇਬਾਜ਼ੀ ਜਾਰੀ ਰੱਖੀ।

ਪ੍ਰਦਰਸ਼ਨ ਨੂੰ ਸੰਬੋਧਨ ਕਰਦਿਆਂ ਹਰਸਿਮਰਤ ਕੌਰ ਬਾਦਲ ਨੇ ਮੁੱਖ ਮੰਤਰੀ ਭਗਵੰਤ ਮਾਨ ’ਤੇ ਤਿੱਖੇ ਸਿਆਸੀ ਹਮਲੇ ਕੀਤੇ। ਉਨ੍ਹਾਂ ਦੋਸ਼ ਲਗਾਇਆ ਕਿ ਮੁੱਖ ਮੰਤਰੀ ਦਫ਼ਤਰ ਭ੍ਰਿਸ਼ਟਾਚਾਰ ਦਾ ਕੇਂਦਰ ਬਣ ਗਿਆ ਹੈ ਅਤੇ ਮੁੱਖ ਮੰਤਰੀ ਦੀ ਪਤਨੀ ਨਾਲ ਜੁੜੇ ਵਿਅਕਤੀਆਂ ’ਤੇ ਜਬਰ-ਜਨਾਹ ਦੇ ਮਾਮਲੇ ਨੂੰ ਰਫ਼ਾ-ਦਫ਼ਾ ਕਰਨ ਲਈ ਪੈਸੇ ਲੈਣ ਦੇ ਦੋਸ਼ਾਂ ਦੀ ਨਿਰਪੱਖ ਜਾਂਚ ਹੋਣੀ ਚਾਹੀਦੀ ਹੈ।

ਹਰਸਿਮਰਤ ਕੌਰ ਬਾਦਲ ਨੇ ਦੋਸ਼ ਲਾਇਆ ਕਿ ਹਾਲ ਹੀ ਵਿੱਚ ਸਾਹਮਣੇ ਆਈਆਂ ਕਥਿਤ ਆਡੀਓ ਰਿਕਾਰਡਿੰਗਾਂ ਅਤੇ ਹੋਰ ਸਬੂਤਾਂ ਵਿੱਚ ਪੰਜ ਕਰੋੜ ਰੁਪਏ ਦੇ ਕਥਿਤ ਸੌਦੇ ਦੀ ਗੱਲ ਸਾਹਮਣੇ ਆਈ ਹੈ। ਉਨ੍ਹਾਂ ਮੁੱਖ ਮੰਤਰੀ ਤੋਂ ਸਵਾਲ ਕੀਤਾ ਕਿ ਕੀ ਪੰਜਾਬ ਦੀਆਂ ਮਾਵਾਂ-ਧੀਆਂ ਦੀ ਇੱਜ਼ਤ ਦੀ ਕੀਮਤ ਪੰਜ ਕਰੋੜ ਰੁਪਏ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਇਨ੍ਹਾਂ ਦੋਸ਼ਾਂ ’ਤੇ ਸਪੱਸ਼ਟ ਜਵਾਬ ਦੇਣਾ ਚਾਹੀਦਾ ਹੈ।

ਇਸ ਮੌਕੇ ਹਰਸਿਮਰਤ ਕੌਰ ਬਾਦਲ ਨੇ ਸਲਫਾਸ ਦੀਆਂ ਗੋਲੀਆਂ ਦਾ ਪੈਕਟ ਦਿਖਾਉਂਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੂੰ ਉਨ੍ਹਾਂ ਦੇ ਪੁਰਾਣੇ ਬਿਆਨਾਂ ਦਾ ਹਵਾਲਾ ਦਿੰਦਿਆਂ ਸਪੱਸ਼ਟੀਕਰਨ ਦੇਣ ਦੀ ਚੁਣੌਤੀ ਦਿੱਤੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਨੇ ਕਦੇ ਕਿਹਾ ਸੀ ਕਿ ਜੇਕਰ ਉਹ ਜਾਂ ਉਨ੍ਹਾਂ ਦੇ ਪਰਿਵਾਰ ਦਾ ਕੋਈ ਮੈਂਬਰ ਇੱਕ ਰੁਪਏ ਦੀ ਵੀ ਰਿਸ਼ਵਤ ਲਵੇ ਤਾਂ ਉਹ ਜ਼ਹਿਰ ਖਾ ਲੈਣਗੇ।

ਅਕਾਲੀ ਆਗੂ ਨੇ ਮੰਗ ਕੀਤੀ ਕਿ ਮਾਮਲੇ ਨਾਲ ਸਬੰਧਤ ਸਾਰੇ ਦੋਸ਼ੀਆਂ ਖ਼ਿਲਾਫ਼ ਕਾਰਵਾਈ ਕੀਤੀ ਜਾਵੇ ਅਤੇ ਪੁਲਿਸ ਅਧਿਕਾਰੀਆਂ ਦੀ ਭੂਮਿਕਾ ਦੀ ਵੀ ਜਾਂਚ ਹੋਵੇ। ਉਨ੍ਹਾਂ ਪੀੜਤ ਔਰਤਾਂ ਦੀ ਸੁਰੱਖਿਆ ਯਕੀਨੀ ਬਣਾਉਣ, ਮਾਮਲੇ ਦੀ ਸੀਬੀਆਈ ਜਾਂਚ ਕਰਵਾਉਣ ਅਤੇ ਕਥਿਤ ਤੌਰ ’ਤੇ ਲਾਪਰਵਾਹੀ ਕਰਨ ਵਾਲੇ ਪੁਲਿਸ ਅਧਿਕਾਰੀਆਂ ਖ਼ਿਲਾਫ਼ ਕਾਰਵਾਈ ਦੀ ਮੰਗ ਕੀਤੀ।

ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਜੇਕਰ ਸਰਕਾਰ ਵੱਲੋਂ ਮੰਗਾਂ ’ਤੇ ਕਾਰਵਾਈ ਨਾ ਕੀਤੀ ਗਈ ਤਾਂ ਅਕਾਲੀ ਦਲ ਸੂਬੇ ਭਰ ਵਿੱਚ ਲੋਕ ਲਹਿਰ ਖੜ੍ਹੀ ਕਰੇਗਾ। ਇਸਤਰੀ ਅਕਾਲੀ ਦਲ ਦੀ ਪ੍ਰਧਾਨ ਹਰਗੋਬਿੰਦ ਕੌਰ ਅਤੇ ਗਨੀਵ ਕੌਰ ਮਜੀਠੀਆ ਨੇ ਵੀ ਪੰਜਾਬੀਆਂ ਨੂੰ ਔਰਤਾਂ ਨਾਲ ਹੋ ਰਹੇ ਕਥਿਤ ਅਨਿਆਂ ਖ਼ਿਲਾਫ਼ ਇਕਜੁੱਟ ਹੋਣ ਦੀ ਅਪੀਲ ਕੀਤੀ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande