
ਸੰਗਰੂਰ, 05 ਸਤੰਬਰ (ਹਿੰ.ਸ.)| ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪੁਲਿਸ ਕਾਰਵਾਈ ਦਾ ਸ਼ਿਕਾਰ ਹੋਏ ਗੁਰਸਿੱਖ ਮੋਹਨਜੀਤ ਸਿੰਘ ਸ਼ੇਰੋਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਦਾ ਹਾਲਚਾਲ ਜਾਣਿਆ। ਇਸ ਮੌਕੇ ਐਡਵੋਕੇਟ ਧਾਮੀ ਨੇ ਮੋਹਨਜੀਤ ਸਿੰਘ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਹਰ ਸੰਭਵ ਸਹਿਯੋਗ ਦੇਣ ਦਾ ਭਰੋਸਾ ਦਿੱਤਾ।
ਮੁਲਾਕਾਤ ਦੌਰਾਨ ਐਡਵੋਕੇਟ ਧਾਮੀ ਨੇ ਕਿਹਾ ਕਿ ਨਸ਼ਿਆਂ ਖ਼ਿਲਾਫ਼ ਆਵਾਜ਼ ਬੁਲੰਦ ਕਰਨ ਵਾਲੇ ਇੱਕ ਗੁਰਸਿੱਖ ਨੌਜਵਾਨ ਦੇ ਕਕਾਰਾਂ ਦੀ ਕਥਿਤ ਬੇਅਦਬੀ ਕਰਨਾ ਬੇਹੱਦ ਗੰਭੀਰ ਮਾਮਲਾ ਹੈ, ਜਿਸ ਨੂੰ ਸਿੱਖ ਕੌਮ ਕਦੇ ਵੀ ਬਰਦਾਸ਼ਤ ਨਹੀਂ ਕਰ ਸਕਦੀ। ਉਨ੍ਹਾਂ ਕਿਹਾ ਕਿ ਜਦੋਂ ਵੀ ਕਿਸੇ ਸਿੱਖ ਨਾਲ ਜ਼ਿਆਦਤੀ ਹੁੰਦੀ ਹੈ ਤਾਂ ਸਿੱਖਾਂ ਦੀ ਪ੍ਰਮੁੱਖ ਧਾਰਮਿਕ ਸੰਸਥਾ ਐਸਜੀਪੀਸੀ ਪੀੜਤ ਦੇ ਨਾਲ ਖੜ੍ਹਨਾ ਆਪਣਾ ਫਰਜ਼ ਸਮਝਦੀ ਹੈ।
ਐਡਵੋਕੇਟ ਧਾਮੀ ਨੇ ਕਿਹਾ ਕਿ ਸਰਕਾਰ ਦੀਆਂ ਨੀਤੀਆਂ, ਕਾਰਜਪ੍ਰਣਾਲੀ ਅਤੇ ਸਮਾਜਿਕ ਮੁੱਦਿਆਂ ’ਤੇ ਸਵਾਲ ਕਰਨਾ ਹਰ ਨਾਗਰਿਕ ਦਾ ਸੰਵਿਧਾਨਕ ਅਧਿਕਾਰ ਹੈ। ਉਨ੍ਹਾਂ ਕਿਹਾ ਕਿ ਸਵਾਲ ਪੁੱਛਣ ਵਾਲੇ ਵਿਅਕਤੀ ਖ਼ਿਲਾਫ਼ ਪੁਲਿਸ ਕਾਰਵਾਈ ਜਾਂ ਕਥਿਤ ਤੌਰ ’ਤੇ ਜ਼ਿਆਦਤੀ ਕਰਨ ਦੀ ਕਾਨੂੰਨ ਕਿਸੇ ਨੂੰ ਇਜਾਜ਼ਤ ਨਹੀਂ ਦਿੰਦਾ।
ਉਨ੍ਹਾਂ ਪੰਜਾਬ ਵਿੱਚ ਵਧ ਰਹੇ ਨਸ਼ਿਆਂ ਦੇ ਮੁੱਦੇ ਨੂੰ ਲੈ ਕੇ ਵੀ ਸਰਕਾਰ ’ਤੇ ਸਵਾਲ ਚੁੱਕੇ। ਧਾਮੀ ਨੇ ਕਿਹਾ ਕਿ ਨਸ਼ਿਆਂ ਕਾਰਨ ਲਗਾਤਾਰ ਨੌਜਵਾਨਾਂ ਦੀਆਂ ਜਾਨਾਂ ਜਾ ਰਹੀਆਂ ਹਨ, ਪਰ ਇਸ ਗੰਭੀਰ ਸਮੱਸਿਆ ’ਤੇ ਸਵਾਲ ਉਠਾਉਣ ਅਤੇ ਵਿਰੋਧ ਕਰਨ ਵਾਲਿਆਂ ਨੂੰ ਹੀ ਕਥਿਤ ਤੌਰ ’ਤੇ ਦੋਸ਼ੀ ਠਹਿਰਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।
ਧਾਮੀ ਨੇ ਕਿਹਾ ਕਿ ਜੇਕਰ ਪਿੰਡ ਵਿੱਚ ਲੋਕਾਂ ਨਾਲ ਮੁਲਾਕਾਤ ਕਰਨ ਪਹੁੰਚੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਤੋਂ ਕਿਸੇ ਗੁਰਸਿੱਖ ਨੌਜਵਾਨ ਨੇ ਨਸ਼ਿਆਂ ਸਬੰਧੀ ਸਵਾਲ ਕੀਤਾ ਸੀ ਤਾਂ ਪੁਲਿਸ ਵੱਲੋਂ ਉਸ ਨਾਲ ਕਥਿਤ ਕੁੱਟਮਾਰ ਕਰਨਾ ਅਤੇ ਉਸ ਦੇ ਕੇਸਾਂ ਤੇ ਕਕਾਰਾਂ ਦੀ ਬੇਅਦਬੀ ਕਰਨਾ ਗੰਭੀਰ ਮਾਮਲਾ ਹੈ।
ਉਨ੍ਹਾਂ ਕਿਹਾ ਕਿ ਕਕਾਰ ਸਿੱਖ ਜੀਵਨ ਦਾ ਅਹਿਮ ਹਿੱਸਾ ਹਨ ਅਤੇ ਕਿਸੇ ਵੀ ਵਿਅਕਤੀ ਨੂੰ ਕਾਨੂੰਨ ਆਪਣੇ ਹੱਥ ਵਿੱਚ ਲੈ ਕੇ ਸਿੱਖਾਂ ਦੇ ਧਾਰਮਿਕ ਚਿੰਨ੍ਹਾਂ ਦੀ ਬੇਅਦਬੀ ਕਰਨ ਦਾ ਅਧਿਕਾਰ ਨਹੀਂ ਹੈ। ਉਨ੍ਹਾਂ ਪੁਲਿਸ ਦੀ ਕਾਰਵਾਈ ’ਤੇ ਵੀ ਸਵਾਲ ਚੁੱਕਦਿਆਂ ਮਾਮਲੇ ਦੀ ਨਿਰਪੱਖ ਜਾਂਚ ਦੀ ਲੋੜ ’ਤੇ ਜ਼ੋਰ ਦਿੱਤਾ।
ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਪੀੜਤ ਨੌਜਵਾਨ ਮੋਹਨਜੀਤ ਸਿੰਘ ਦੀ ਹਰ ਸੰਭਵ ਮਦਦ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਜੇਕਰ ਮੋਹਨਜੀਤ ਸਿੰਘ ਚਾਹੁਣ ਤਾਂ ਉਨ੍ਹਾਂ ਦੇ ਇਲਾਜ ਦਾ ਪ੍ਰਬੰਧ ਸ੍ਰੀ ਗੁਰੂ ਰਾਮਦਾਸ ਮੈਡੀਕਲ ਕਾਲਜ ਵਿੱਚ ਵੀ ਐਸਜੀਪੀਸੀ ਵੱਲੋਂ ਕਰਵਾਇਆ ਜਾਵੇਗਾ।
ਹਿੰਦੂਸਥਾਨ ਸਮਾਚਾਰ / GURSHARAN SINGH