ਮੋਹਣਜੀਤ ਸਿੰਘ ਨਾਲ ਕਥਿਤ ਕੁੱਟਮਾਰ ਤੇ ਕਕਾਰਾਂ ਦੀ ਬੇਅਦਬੀ ਦੀ ਸਿੱਧੂ ਨੇ ਕੀਤੀ ਨਿੰਦਾ
ਮੋਹਾਲੀ, 05 ਸਤੰਬਰ (ਹਿੰ.ਸ.)| ਸੀਨੀਅਰ ਕਾਂਗਰਸੀ ਆਗੂ ਅਤੇ ਸਾਬਕਾ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਸੰਗਰੂਰ ਦੇ ਪਿੰਡ ਸ਼ੇਰੋਂ ਵਿੱਚ ਸਿੱਖ ਨੌਜਵਾਨ ਮੋਹਣਜੀਤ ਸਿੰਘ ਨਾਲ ਕਥਿਤ ਕੁੱਟਮਾਰ, ਦਾੜ੍ਹੀ ਪੁੱਟਣ, ਕੇਸਾਂ ਦੀ ਬੇਅਦਬੀ ਅਤੇ ਕਕਾਰਾਂ ਨਾਲ ਅਪਮਾਨਜਨਕ ਵਿਵਹਾਰ ਦੀ ਘਟਨਾ ਦੀ ਸਖ਼ਤ ਸ਼ਬਦਾਂ ਵਿੱਚ ਨ
ਸੀਨੀਅਰ ਕਾਂਗਰਸੀ ਆਗੂ ਅਤੇ ਸਾਬਕਾ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ


ਮੋਹਾਲੀ, 05 ਸਤੰਬਰ (ਹਿੰ.ਸ.)| ਸੀਨੀਅਰ ਕਾਂਗਰਸੀ ਆਗੂ ਅਤੇ ਸਾਬਕਾ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਸੰਗਰੂਰ ਦੇ ਪਿੰਡ ਸ਼ੇਰੋਂ ਵਿੱਚ ਸਿੱਖ ਨੌਜਵਾਨ ਮੋਹਣਜੀਤ ਸਿੰਘ ਨਾਲ ਕਥਿਤ ਕੁੱਟਮਾਰ, ਦਾੜ੍ਹੀ ਪੁੱਟਣ, ਕੇਸਾਂ ਦੀ ਬੇਅਦਬੀ ਅਤੇ ਕਕਾਰਾਂ ਨਾਲ ਅਪਮਾਨਜਨਕ ਵਿਵਹਾਰ ਦੀ ਘਟਨਾ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕੀਤੀ ਹੈ। ਉਨ੍ਹਾਂ ਕਿਹਾ ਕਿ ਇਹ ਮਾਮਲਾ ਸਿਰਫ਼ ਇੱਕ ਨੌਜਵਾਨ ਨਾਲ ਧੱਕੇਸ਼ਾਹੀ ਦਾ ਨਹੀਂ, ਸਗੋਂ ਪੰਜਾਬ ਦੀਆਂ ਧਾਰਮਿਕ ਭਾਵਨਾਵਾਂ ਅਤੇ ਕਾਨੂੰਨ-ਵਿਵਸਥਾ ’ਤੇ ਵੀ ਗੰਭੀਰ ਸਵਾਲ ਖੜ੍ਹੇ ਕਰਦਾ ਹੈ।

ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਨਸ਼ਿਆਂ ਖ਼ਿਲਾਫ਼ ਆਵਾਜ਼ ਉਠਾਉਣ ਵਾਲੇ ਨੌਜਵਾਨ ਨੂੰ ਹੀ ਕਥਿਤ ਤੌਰ ’ਤੇ ਨਿਸ਼ਾਨਾ ਬਣਾਉਣਾ ਬੇਹੱਦ ਮੰਦਭਾਗਾ ਹੈ। ਉਨ੍ਹਾਂ ਕਿਹਾ ਕਿ ਜੇਕਰ ਕੋਈ ਆਮ ਨੌਜਵਾਨ ਆਪਣੇ ਇਲਾਕੇ ਵਿੱਚ ਫੈਲ ਰਹੇ ਨਸ਼ਿਆਂ ਵਿਰੁੱਧ ਆਵਾਜ਼ ਬੁਲੰਦ ਕਰਦਾ ਹੈ ਤਾਂ ਉਸ ਨੂੰ ਪੁਲਿਸ ਦੀ ਧੱਕੇਸ਼ਾਹੀ ਦਾ ਸਾਹਮਣਾ ਨਹੀਂ ਕਰਨਾ ਚਾਹੀਦਾ।

ਉਨ੍ਹਾਂ ਕਿਹਾ ਕਿ ਦਾੜ੍ਹੀ ਅਤੇ ਕੇਸਾਂ ਦੀ ਬੇਅਦਬੀ ਜਾਂ ਕਕਾਰਾਂ ਨਾਲ ਕਿਸੇ ਵੀ ਤਰ੍ਹਾਂ ਦਾ ਅਪਮਾਨਜਨਕ ਵਿਵਹਾਰ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ। ਪੁਲਿਸ ਦੀ ਵਰਦੀ ਕਾਨੂੰਨ ਦੀ ਰੱਖਿਆ ਕਰਨ ਦੀ ਜ਼ਿੰਮੇਵਾਰੀ ਦਿੰਦੀ ਹੈ, ਨਾ ਕਿ ਕਿਸੇ ਨਾਗਰਿਕ ਨਾਲ ਜ਼ੁਲਮ ਜਾਂ ਧੱਕੇਸ਼ਾਹੀ ਕਰਨ ਦੀ।

ਸਿੱਧੂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਮਾਮਲੇ ਦੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਕਰਵਾਈ ਜਾਵੇ। ਉਨ੍ਹਾਂ ਕਿਹਾ ਕਿ ਜੇਕਰ ਜਾਂਚ ਦੌਰਾਨ ਕੋਈ ਪੁਲਿਸ ਮੁਲਾਜ਼ਮ ਦੋਸ਼ੀ ਪਾਇਆ ਜਾਂਦਾ ਹੈ ਤਾਂ ਉਸ ਖ਼ਿਲਾਫ਼ ਬਿਨਾਂ ਕਿਸੇ ਸਿਆਸੀ ਦਬਾਅ ਦੇ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇ।

ਉਨ੍ਹਾਂ ਮੁੱਖ ਮੰਤਰੀ ਭਗਵੰਤ ਮਾਨ, ਜੋ ਪੰਜਾਬ ਦੇ ਗ੍ਰਹਿ ਮੰਤਰੀ ਵੀ ਹਨ, ਤੋਂ ਮਾਮਲੇ ’ਤੇ ਆਪਣਾ ਸਟੈਂਡ ਸਪੱਸ਼ਟ ਕਰਨ ਅਤੇ ਪੀੜਤ ਨੌਜਵਾਨ ਨੂੰ ਇਨਸਾਫ਼ ਯਕੀਨੀ ਬਣਾਉਣ ਦੀ ਮੰਗ ਕੀਤੀ। ਸਿੱਧੂ ਨੇ ਕਿਹਾ ਕਿ ਸਰਕਾਰ ਨੂੰ ਸਪੱਸ਼ਟ ਕਰਨਾ ਹੋਵੇਗਾ ਕਿ ਉਹ ਪੀੜਤ ਦੇ ਨਾਲ ਖੜ੍ਹੀ ਹੈ ਜਾਂ ਦੋਸ਼ੀ ਅਧਿਕਾਰੀਆਂ ਨੂੰ ਬਚਾਉਣ ਦੀ ਕੋਸ਼ਿਸ਼ ਕਰੇਗੀ।

ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਕਾਂਗਰਸ ਪਾਰਟੀ ਪੀੜਤ ਨੌਜਵਾਨ ਨੂੰ ਇਨਸਾਫ਼ ਦਿਵਾਉਣ ਲਈ ਹਰ ਪੱਧਰ ’ਤੇ ਆਵਾਜ਼ ਬੁਲੰਦ ਕਰੇਗੀ। ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਮਾਮਲੇ ਵਿੱਚ ਤੁਰੰਤ ਠੋਸ ਕਾਰਵਾਈ ਨਾ ਕੀਤੀ ਤਾਂ ਕਾਂਗਰਸ ਪੰਜਾਬ ਦੇ ਨੌਜਵਾਨਾਂ ਦੀ ਇੱਜ਼ਤ ਅਤੇ ਇਨਸਾਫ਼ ਲਈ ਸੰਘਰਸ਼ ਤੇਜ਼ ਕਰੇਗੀ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande