
ਚੰਡੀਗੜ੍ਹ, 06 ਸਤੰਬਰ (ਹਿੰ.ਸ.)| ਅਕਾਲੀ ਦਲ (ਵਾਰਿਸ ਪੰਜਾਬ ਦੇ) ਦੇ ਸੀਨੀਅਰ ਆਗੂ ਅਤੇ ਵਿਧਾਇਕ ਮਨਪ੍ਰੀਤ ਸਿੰਘ ਇਆਲੀ ਨੇ ਪਾਰਟੀ ਦੀ ਭਵਿੱਖੀ ਸਿਆਸੀ ਰਣਨੀਤੀ ਨੂੰ ਲੈ ਕੇ ਅਹਿਮ ਬਿਆਨ ਦਿੱਤਾ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਅਕਾਲੀ ਦਲ (ਵਾਰਿਸ ਪੰਜਾਬ ਦੇ) ਦਾ ਦਿੱਲੀ ਦੀ ਕਿਸੇ ਵੀ ਸਿਆਸੀ ਪਾਰਟੀ ਨਾਲ ਗਠਜੋੜ ਕਰਨ ਦਾ ਕੋਈ ਇਰਾਦਾ ਨਹੀਂ ਹੈ। ਉਨ੍ਹਾਂ ਕਿਹਾ ਕਿ ਪਾਰਟੀ ਆਪਣੀ ਪੰਥਕ ਸੋਚ, ਸਿਧਾਂਤਾਂ ਅਤੇ ਪੰਜਾਬ ਦੇ ਹਿੱਤਾਂ ਨੂੰ ਕੇਂਦਰ ਵਿੱਚ ਰੱਖ ਕੇ ਸਿਆਸੀ ਤੌਰ ’ਤੇ ਅੱਗੇ ਵਧੇਗੀ।
ਮਨਪ੍ਰੀਤ ਸਿੰਘ ਇਆਲੀ ਨੇ ਕਿਹਾ ਕਿ ਅਕਾਲੀ ਦਲ (ਵਾਰਿਸ ਪੰਜਾਬ ਦੇ) ਇੱਕ ਪੰਥਕ ਪਾਰਟੀ ਹੈ ਅਤੇ ਇਸ ਦਾ ਮੁੱਖ ਉਦੇਸ਼ ਪੰਜਾਬ ਦੀਆਂ ਪੰਥਕ ਤਾਕਤਾਂ ਨੂੰ ਇੱਕ ਮੰਚ ’ਤੇ ਇਕੱਠਾ ਕਰਨਾ ਹੈ। ਉਨ੍ਹਾਂ ਕਿਹਾ ਕਿ ਪਾਰਟੀ ਵੱਲੋਂ ਵੱਖ-ਵੱਖ ਪੰਥਕ ਧਿਰਾਂ ਨਾਲ ਸੰਪਰਕ ਕਰਕੇ ਏਕਤਾ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ।
ਇਆਲੀ ਨੇ ਦਿੱਲੀ ਦੀਆਂ ਸਿਆਸੀ ਪਾਰਟੀਆਂ ਨਾਲ ਕਿਸੇ ਵੀ ਤਰ੍ਹਾਂ ਦੇ ਸਮਝੌਤੇ ਦੀ ਸੰਭਾਵਨਾ ਨੂੰ ਰੱਦ ਕਰਦਿਆਂ ਕਿਹਾ ਕਿ ਸੱਤਾ ਜਾਂ ਸਿਆਸੀ ਲਾਭ ਲਈ ਪਾਰਟੀ ਆਪਣੇ ਸਿਧਾਂਤਾਂ ਨਾਲ ਸਮਝੌਤਾ ਨਹੀਂ ਕਰੇਗੀ। ਉਨ੍ਹਾਂ ਕਿਹਾ ਕਿ ਪੰਜਾਬ ਦੀ ਸਿਆਸਤ ਵਿੱਚ ਪੰਥਕ ਧਿਰਾਂ ਦੀ ਆਪਣੀ ਵੱਖਰੀ ਪਛਾਣ ਅਤੇ ਭੂਮਿਕਾ ਹੈ, ਜਿਸ ਨੂੰ ਕਾਇਮ ਰੱਖਣਾ ਸਮੇਂ ਦੀ ਲੋੜ ਹੈ।
ਵਿਧਾਇਕ ਇਆਲੀ ਨੇ ਕਿਹਾ ਕਿ ਆਉਣ ਵਾਲੇ ਸਮੇਂ ਦੌਰਾਨ ਪਾਰਟੀ ਵੱਲੋਂ ਪੰਥਕ ਧਿਰਾਂ ਨਾਲ ਸੰਪਰਕ ਹੋਰ ਤੇਜ਼ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਦੇ ਹਿੱਤਾਂ, ਪੰਥਕ ਏਕਤਾ ਅਤੇ ਲੋਕਾਂ ਨਾਲ ਜੁੜੇ ਮੁੱਦਿਆਂ ਨੂੰ ਕੇਂਦਰ ਵਿੱਚ ਰੱਖਦਿਆਂ ਵੱਖ-ਵੱਖ ਧਿਰਾਂ ਨੂੰ ਇੱਕਜੁੱਟ ਕਰਨ ਲਈ ਯਤਨ ਜਾਰੀ ਰਹਿਣਗੇ। ਉਨ੍ਹਾਂ ਆਸ ਪ੍ਰਗਟਾਈ ਕਿ ਪੰਥਕ ਤਾਕਤਾਂ ਦੀ ਏਕਤਾ ਨਾਲ ਪੰਜਾਬ ਦੇ ਲੋਕਾਂ ਦੀ ਆਵਾਜ਼ ਨੂੰ ਹੋਰ ਮਜ਼ਬੂਤੀ ਨਾਲ ਉਠਾਇਆ ਜਾ ਸਕੇਗਾ।
ਹਿੰਦੂਸਥਾਨ ਸਮਾਚਾਰ / GURSHARAN SINGH