
ਲੰਬਿਤ ਮੰਗਾਂ ਨੂੰ ਲੈ ਕੇ ਸੇਵਾ ਕੇਂਦਰ ਕਰਮਚਾਰੀਆਂ ਦਾ ਮੁਹਾਲੀ ’ਚ ਸੂਬਾ ਪੱਧਰੀ ਧਰਨਾ
ਚੰਡੀਗੜ੍ਹ, 06 ਸਤੰਬਰ (ਹਿੰ.ਸ.)| ਸੂਬੇ ਭਰ ਦੇ ਸਾਰੇ ਸੇਵਾ ਕੇਂਦਰ 15 ਸਤੰਬਰ 2026 ਨੂੰ ਪੂਰੀ ਤਰ੍ਹਾਂ ਬੰਦ ਰਹਿਣਗੇ। ਪੰਜਾਬ ਸੇਵਾ ਕੇਂਦਰ ਕਰਮਚਾਰੀ ਯੂਨੀਅਨ ਨੇ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਦਾ ਹੱਲ ਨਾ ਹੋਣ ਅਤੇ ਸਰਕਾਰ ਵੱਲੋਂ ਮੰਗਾਂ ਨੂੰ ਅਣਗੌਲਿਆ ਕਰਨ ਦੇ ਦੋਸ਼ ਲਗਾਉਂਦਿਆਂ ਇੱਕ ਦਿਨ ਦੀ ਪੂਰਨ ਹੜਤਾਲ ਦਾ ਐਲਾਨ ਕੀਤਾ ਹੈ।
ਯੂਨੀਅਨ ਮੁਤਾਬਕ 15 ਸਤੰਬਰ ਨੂੰ ਸੂਬੇ ਭਰ ਦੇ ਸੇਵਾ ਕੇਂਦਰਾਂ ਵਿੱਚ ਕੰਮਕਾਜ ਪੂਰੀ ਤਰ੍ਹਾਂ ਠੱਪ ਰਹੇਗਾ। ਇਸ ਦੌਰਾਨ ਕਰਮਚਾਰੀ ਫੇਜ਼-10, ਮੋਹਾਲੀ ਸਥਿਤ ਕਿਰਤ ਵਿਭਾਗ ਦੇ ਦਫ਼ਤਰ ਦੇ ਬਾਹਰ ਸੂਬਾ ਪੱਧਰੀ ਧਰਨਾ ਦੇਣਗੇ। ਧਰਨੇ ਦੌਰਾਨ ਕਰਮਚਾਰੀ ਆਪਣੀਆਂ ਲੰਬਿਤ ਮੰਗਾਂ ਤੋਂ ਇਲਾਵਾ ਕਥਿਤ ਤੌਰ ’ਤੇ ਉਨ੍ਹਾਂ ਨਾਲ ਹੋ ਰਹੀ ਧੱਕੇਸ਼ਾਹੀ ਦਾ ਮੁੱਦਾ ਵੀ ਉਠਾਉਣਗੇ।
ਯੂਨੀਅਨ ਦੇ ਅਹੁਦੇਦਾਰਾਂ ਨੇ ਦੱਸਿਆ ਕਿ ਕਰਮਚਾਰੀਆਂ ਦੀਆਂ ਸਮੱਸਿਆਵਾਂ ਅਤੇ ਮੰਗਾਂ ਸਬੰਧੀ ਸਰਕਾਰ ਅਤੇ ਸਬੰਧਤ ਅਧਿਕਾਰੀਆਂ ਨੂੰ ਪਹਿਲਾਂ ਹੀ ਜਾਣੂ ਕਰਵਾਇਆ ਜਾ ਚੁੱਕਾ ਹੈ। ਇਸ ਸਬੰਧੀ ਲਿਖਤੀ ਪੱਤਰ ਵੀ ਭੇਜੇ ਗਏ ਸਨ, ਪਰ ਇਸ ਦੇ ਬਾਵਜੂਦ ਮੰਗਾਂ ਦੇ ਹੱਲ ਲਈ ਅਜੇ ਤੱਕ ਕੋਈ ਠੋਸ ਮੀਟਿੰਗ ਨਹੀਂ ਬੁਲਾਈ ਗਈ। ਇਸ ਕਾਰਨ ਕਰਮਚਾਰੀਆਂ ਵਿੱਚ ਰੋਸ ਪਾਇਆ ਜਾ ਰਿਹਾ ਹੈ।
ਯੂਨੀਅਨ ਨੇ ਕਿਹਾ ਕਿ 15 ਸਤੰਬਰ ਨੂੰ ਮੁਹਾਲੀ ਵਿਖੇ ਹੋਣ ਵਾਲੇ ਧਰਨੇ ਦੌਰਾਨ ਅੰਦੋਲਨ ਦੀ ਅਗਲੀ ਰਣਨੀਤੀ ਤੈਅ ਕੀਤੀ ਜਾਵੇਗੀ। ਜੇਕਰ ਸਰਕਾਰ ਵੱਲੋਂ ਜਲਦ ਮੰਗਾਂ ਦਾ ਹੱਲ ਨਾ ਕੀਤਾ ਗਿਆ ਤਾਂ ਆਉਣ ਵਾਲੇ ਦਿਨਾਂ ਵਿੱਚ ਇਸ ਤੋਂ ਵੀ ਵੱਡਾ ਸੰਘਰਸ਼ ਵਿੱਢਿਆ ਜਾ ਸਕਦਾ ਹੈ।
ਯੂਨੀਅਨ ਨੇ ਚਿਤਾਵਨੀ ਦਿੱਤੀ ਕਿ ਅੰਦੋਲਨ ਕਾਰਨ ਪੈਦਾ ਹੋਣ ਵਾਲੀ ਸਥਿਤੀ ਲਈ ਪੰਜਾਬ ਸਰਕਾਰ ਅਤੇ ਸਬੰਧਤ ਵਿਭਾਗ ਜ਼ਿੰਮੇਵਾਰ ਹੋਣਗੇ। ਪੰਜਾਬ ਸੇਵਾ ਕੇਂਦਰ ਕਰਮਚਾਰੀ ਯੂਨੀਅਨ ਦੇ ਸੂਬਾ ਪ੍ਰਧਾਨ ਬਲਜਿੰਦਰ ਸਿੰਘ ਮਾਝਾ ਅਤੇ ਜਨਰਲ ਸਕੱਤਰ ਗੁਰਸੇਵਕ ਸਿੰਘ ਚਾਹਲ ਨੇ ਸੂਬੇ ਭਰ ਦੇ ਕਰਮਚਾਰੀਆਂ ਨੂੰ 15 ਸਤੰਬਰ ਨੂੰ ਵੱਡੀ ਗਿਣਤੀ ਵਿੱਚ ਮੋਹਾਲੀ ਪਹੁੰਚ ਕੇ ਧਰਨੇ ਵਿੱਚ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ ਹੈ।
ਹਿੰਦੂਸਥਾਨ ਸਮਾਚਾਰ / GURSHARAN SINGH