ਮੋਗਾ ਸਦਰ ਥਾਣੇ ’ਤੇ ਗ੍ਰਨੇਡ ਹਮਲੇ ਮਾਮਲੇ ’ਚ ਇੱਕ ਹੋਰ ਗ੍ਰਿਫ਼ਤਾਰੀ
ਮੋਗਾ, 06 ਸਤੰਬਰ (ਹਿੰ.ਸ.)| ਮੋਗਾ ਦੇ ਸਦਰ ਪੁਲਿਸ ਥਾਣੇ ’ਤੇ ਹੋਏ ਗ੍ਰਨੇਡ ਹਮਲੇ ਦੀ ਜਾਂਚ ਦੌਰਾਨ ਪੁਲਿਸ ਨੂੰ ਇੱਕ ਹੋਰ ਅਹਿਮ ਸਫਲਤਾ ਮਿਲੀ ਹੈ। ਪੁਲਿਸ ਨੇ ਮਾਮਲੇ ਵਿੱਚ ਇੱਕ ਹੋਰ ਸ਼ੱਕੀ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਗ੍ਰਿਫ਼ਤਾਰੀ ਨਾਲ ਇਸ ਮਾਮਲੇ ਵਿੱਚ ਹੁਣ ਤੱਕ ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ
ਮੋਗਾ ਸਦਰ ਥਾਣੇ ’ਤੇ ਗ੍ਰਨੇਡ ਹਮਲੇ ਮਾਮਲੇ ’ਚ ਇੱਕ ਹੋਰ ਗ੍ਰਿਫ਼ਤਾਰੀ


ਮੋਗਾ, 06 ਸਤੰਬਰ (ਹਿੰ.ਸ.)| ਮੋਗਾ ਦੇ ਸਦਰ ਪੁਲਿਸ ਥਾਣੇ ’ਤੇ ਹੋਏ ਗ੍ਰਨੇਡ ਹਮਲੇ ਦੀ ਜਾਂਚ ਦੌਰਾਨ ਪੁਲਿਸ ਨੂੰ ਇੱਕ ਹੋਰ ਅਹਿਮ ਸਫਲਤਾ ਮਿਲੀ ਹੈ। ਪੁਲਿਸ ਨੇ ਮਾਮਲੇ ਵਿੱਚ ਇੱਕ ਹੋਰ ਸ਼ੱਕੀ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਗ੍ਰਿਫ਼ਤਾਰੀ ਨਾਲ ਇਸ ਮਾਮਲੇ ਵਿੱਚ ਹੁਣ ਤੱਕ ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਗਿਣਤੀ 18 ਹੋ ਗਈ ਹੈ।

ਪੁਲਿਸ ਅਨੁਸਾਰ 8 ਜੁਲਾਈ ਦੀ ਸਵੇਰ ਕਰੀਬ 3:15 ਵਜੇ ਸਦਰ ਮੋਗਾ ਥਾਣੇ ਦੇ ਕੰਪਲੈਕਸ ਵਿੱਚ ਘੱਟ ਤੀਬਰਤਾ ਵਾਲਾ ਗ੍ਰਨੇਡ ਹਮਲਾ ਕੀਤਾ ਗਿਆ ਸੀ। ਘਟਨਾ ਤੋਂ ਬਾਅਦ ਪੁਲਿਸ ਨੇ ਜਾਂਚ ਤੇਜ਼ ਕਰਦਿਆਂ ਹਮਲੇ ਨੂੰ ਅੰਜਾਮ ਦੇਣ ਦੇ ਕਥਿਤ ਦੋਸ਼ ਹੇਠ ਤਿੰਨ ਮੁੱਖ ਮੁਲਜ਼ਮਾਂ ਗਗਨ ਉਰਫ਼ ਕਾਲੀ, ਰਾਜੇਸ਼ ਉਰਫ਼ ਖੰਨਾ ਅਤੇ ਸ਼ੁਭਮ ਉਰਫ਼ ਭਿੰਡਰ ਨੂੰ ਗ੍ਰਿਫ਼ਤਾਰ ਕੀਤਾ ਸੀ। ਪੁਲਿਸ ਮੁਤਾਬਕ ਤਿੰਨੇ ਫਿਰੋਜ਼ਪੁਰ ਜ਼ਿਲ੍ਹੇ ਨਾਲ ਸਬੰਧਤ ਹਨ।

ਪੁਲਿਸ ਦਾ ਦਾਅਵਾ ਹੈ ਕਿ ਇਸ ਪੂਰੇ ਮਾਡਿਊਲ ਨੂੰ ਵਿਦੇਸ਼ ਵਿੱਚ ਬੈਠੇ ਹੈਂਡਲਰਾਂ ਵੱਲੋਂ ਚਲਾਇਆ ਜਾ ਰਿਹਾ ਸੀ। ਜਾਂਚ ਦੌਰਾਨ ਬ੍ਰਿਟੇਨ ਵਿੱਚ ਰਹਿ ਰਹੇ ਇਕਬਾਲ ਸਿੰਘ ਉਰਫ਼ ਰਵੀ ਧਾਲੀਵਾਲ ਦਾ ਨਾਮ ਸਾਹਮਣੇ ਆਇਆ ਹੈ। ਪੁਲਿਸ ਮੁਤਾਬਕ ਉਸ ’ਤੇ ਸਾਜ਼ਿਸ਼ ਦਾ ਕਥਿਤ ਮਾਸਟਰਮਾਈਂਡ ਹੋਣ ਦੇ ਨਾਲ-ਨਾਲ ਸਥਾਨਕ ਪੱਧਰ ’ਤੇ ਨੌਜਵਾਨਾਂ ਦੀ ਭਰਤੀ ਕਰਨ ਅਤੇ ਉਨ੍ਹਾਂ ਨੂੰ ਹਦਾਇਤਾਂ ਦੇਣ ਦੇ ਦੋਸ਼ ਹਨ।

ਜਾਂਚ ਵਿੱਚ ਪੁਲਿਸ ਨੇ ਦਾਅਵਾ ਕੀਤਾ ਕਿ ਕੁਲਜੀਤ ਕੌਰ, ਲੱਜਰ ਉਰਫ਼ ਅਮਨ ਅਤੇ ਉਸ ਦੀ ਪਤਨੀ ਪਰਵੀਨ ਕੌਰ ਸਮੇਤ ਕਈ ਵਿਅਕਤੀਆਂ ਵੱਲੋਂ ਕਥਿਤ ਤੌਰ ’ਤੇ ਮਾਡਿਊਲ ਨੂੰ ਆਰਥਿਕ ਮਦਦ, ਠਿਕਾਣੇ ਅਤੇ ਹੋਰ ਲੌਜਿਸਟਿਕ ਸਹਾਇਤਾ ਮੁਹੱਈਆ ਕਰਵਾਈ ਗਈ। ਇਸ ਤੋਂ ਇਲਾਵਾ ਸਵਰਨ, ਗੋਬਿੰਦ, ਸਾਗਰ ਅਤੇ ਜੌਨ ਨੂੰ ਵੀ ਕਥਿਤ ਤੌਰ ’ਤੇ ਮਾਡਿਊਲ ਦੇ ਮੈਂਬਰਾਂ ਨੂੰ ਪਨਾਹ ਦੇਣ ਅਤੇ ਮਦਦ ਕਰਨ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਗਿਆ ਹੈ।

ਪੁਲਿਸ ਨੇ ਦੱਸਿਆ ਕਿ ਲੱਜਰ ਉਰਫ਼ ਅਮਨ ਤੋਂ ਪੁੱਛਗਿੱਛ ਤੋਂ ਬਾਅਦ ਇਲੈਕਟ੍ਰਾਨਿਕ ਡੈਟੋਨੇਟਰ ਨਾਲ ਲੈਸ ਇੱਕ ਜ਼ਿੰਦਾ ਆਈਈਡੀ, 9 ਐਮਐਮ ਗਲੌਕ ਪਿਸਤੌਲ, ਮੈਗਜ਼ੀਨ ਅਤੇ ਕਥਿਤ ਤੌਰ ’ਤੇ ਹਮਲੇ ਵਿੱਚ ਵਰਤੀ ਗਈ ਹੀਰੋ ਸਪਲੈਂਡਰ ਮੋਟਰਸਾਈਕਲ ਬਰਾਮਦ ਕੀਤੀ ਗਈ ਹੈ।

ਪੁਲਿਸ ਦਾ ਦਾਅਵਾ ਹੈ ਕਿ ਬਰਾਮਦ ਕੀਤੀ ਗਈ ਆਈਈਡੀ ਦੀ ਵਰਤੋਂ ਫਿਰੋਜ਼ਪੁਰ-ਜੰਮੂ ਰੂਟ ’ਤੇ ਚੱਲਦੀ ਰੇਲਗੱਡੀ ਨੂੰ ਨਿਸ਼ਾਨਾ ਬਣਾਉਣ ਦੀ ਕਥਿਤ ਸਾਜ਼ਿਸ਼ ਵਿੱਚ ਕੀਤੀ ਜਾਣੀ ਸੀ। ਅਧਿਕਾਰੀਆਂ ਮੁਤਾਬਕ ਮਾਮਲੇ ਵਿੱਚ ਯੂਏਪੀਏ, ਵਿਸਫੋਟਕ ਪਦਾਰਥ ਐਕਟ ਅਤੇ ਭਾਰਤੀ ਨਿਆਂ ਸੰਹਿਤਾ ਦੀਆਂ ਸਬੰਧਤ ਧਾਰਾਵਾਂ ਤਹਿਤ ਕੇਸ ਦਰਜ ਕੀਤੇ ਗਏ ਹਨ। ਪੁਲਿਸ ਵੱਲੋਂ ਮਾਮਲੇ ਦੀ ਅਗਲੀ ਜਾਂਚ ਜਾਰੀ ਹੈ ਅਤੇ ਕਥਿਤ ਮਾਡਿਊਲ ਨਾਲ ਜੁੜੇ ਹੋਰ ਵਿਅਕਤੀਆਂ ਦੀ ਭੂਮਿਕਾ ਦੀ ਵੀ ਜਾਂਚ ਕੀਤੀ ਜਾ ਰਹੀ ਹੈ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande