
ਲਾਵਾਰਿਸ ਕਹਿ ਕੇ ਸਾੜੇ ਨੌਜੁਆਨਾਂ ਨੂੰ ਇਨਸਾਫ਼ ਦਿਵਾਉਂਦਿਆਂ ਭਾਈ ਖਾਲੜਾ ਨੇ ਦਿੱਤੀ ਸ਼ਹਾਦਤ : ਗੜਗੱਜ
ਅੰਮ੍ਰਿਤਸਰ, 06 ਸਤੰਬਰ (ਹਿੰ.ਸ.)| ਮਨੁੱਖੀ ਅਧਿਕਾਰਾਂ ਲਈ ਸੰਘਰਸ਼ ਕਰਦਿਆਂ ਸ਼ਹਾਦਤ ਪ੍ਰਾਪਤ ਕਰਨ ਵਾਲੇ ਕੌਮੀ ਸ਼ਹੀਦ ਭਾਈ ਜਸਵੰਤ ਸਿੰਘ ਖਾਲੜਾ ਦੀ ਯਾਦ ਵਿਚ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਪ੍ਰਸਤੀ ਹੇਠ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਿੱਖ ਜਥੇਬੰਦੀਆਂ ਅਤੇ ਸੰਗਤਾਂ ਦੇ ਸਹਿਯੋਗ ਨਾਲ ਗੁਰਦੁਆਰਾ ਸ਼ਹੀਦ ਬਾਬਾ ਗੁਰਬਖ਼ਸ਼ ਸਿੰਘ ਜੀ ਵਿਖੇ ਯਾਦਗਾਰੀ ਸਮਾਗਮ ਕਰਵਾਇਆ ਗਿਆ। ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਹਜ਼ੂਰੀ ਰਾਗੀ ਭਾਈ ਸਤਨਾਮ ਸਿੰਘ ਦੇ ਜਥੇ ਵੱਲੋਂ ਗੁਰਬਾਣੀ ਕੀਰਤਨ ਕੀਤਾ ਗਿਆ। ਅਰਦਾਸ ਭਾਈ ਪ੍ਰੇਮ ਸਿੰਘ ਨੇ ਕੀਤੀ, ਜਦਕਿ ਪਾਵਨ ਹੁਕਮਨਾਮਾ ਗਿਆਨੀ ਰਾਜਦੀਪ ਸਿੰਘ ਨੇ ਸਰਵਣ ਕਰਵਾਇਆ।
ਸੰਗਤ ਨੂੰ ਸੰਬੋਧਨ ਕਰਦਿਆਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ 1982 ਤੋਂ 1994 ਦੇ ਦੌਰਾਨ ਪੰਜਾਬ ਵਿਚ ਸਰਕਾਰੀ ਜਬਰ ਕਾਰਨ ਹਜ਼ਾਰਾਂ ਸਿੱਖ ਨੌਜੁਆਨਾਂ, ਬੀਬੀਆਂ, ਬਜ਼ੁਰਗਾਂ ਅਤੇ ਬੱਚਿਆਂ ਨੂੰ ਸ਼ਹੀਦ ਕੀਤਾ ਗਿਆ। ਉਨ੍ਹਾਂ ਕਿਹਾ ਕਿ ਕਈ ਸ਼ਹੀਦਾਂ ਦੀਆਂ ਲਾਸ਼ਾਂ ਨੂੰ ਲਾਵਾਰਿਸ ਕਰਾਰ ਦੇ ਕੇ ਸਾੜ ਦਿੱਤਾ ਗਿਆ ਜਾਂ ਦਰਿਆਵਾਂ ਵਿਚ ਰੋੜ੍ਹ ਦਿੱਤਾ ਗਿਆ। ਭਾਈ ਜਸਵੰਤ ਸਿੰਘ ਖਾਲੜਾ ਨੇ ਇਨ੍ਹਾਂ ਲਾਸ਼ਾਂ ਦੇ ਵੇਰਵੇ ਇਕੱਠੇ ਕਰਕੇ ਪੀੜਤ ਪਰਿਵਾਰਾਂ ਨੂੰ ਇਨਸਾਫ਼ ਦਿਵਾਉਣ ਲਈ ਸੰਘਰਸ਼ ਕੀਤਾ ਅਤੇ ਇਸੇ ਸੰਘਰਸ਼ ਦੌਰਾਨ ਉਨ੍ਹਾਂ ਨੂੰ ਵੀ ਸ਼ਹੀਦ ਕਰ ਦਿੱਤਾ ਗਿਆ।
ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਭਾਈ ਖਾਲੜਾ ਨੇ ਗੁਰਮੁਖ ਅਤੇ ਸ਼ਹੀਦ ਦੀ ਪਦਵੀ ਹਾਸਲ ਕੀਤੀ। ਉਨ੍ਹਾਂ ਸ੍ਰੀ ਗੁਰੂ ਤੇਗ਼ ਬਹਾਦਰ ਪਾਤਸ਼ਾਹ ਜੀ ਦੇ ਸਿਧਾਂਤਾਂ ਨੂੰ ਆਪਣੇ ਜੀਵਨ ਵਿਚ ਅਮਲ ਵਿਚ ਲਿਆਂਦਾ ਅਤੇ ਕਿਸੇ ਦਾ ਭੈਅ ਨਾ ਮੰਨਦਿਆਂ ਸੱਚ ਤੇ ਇਨਸਾਫ਼ ਲਈ ਆਵਾਜ਼ ਬੁਲੰਦ ਕੀਤੀ। ਉਨ੍ਹਾਂ ਐਲਾਨ ਕੀਤਾ ਕਿ ਹਰੀਕੇ ਵਿਖੇ ਸ਼ਹੀਦੀ ਯਾਦਗਾਰ ਸਥਾਪਤ ਕਰਨ ਅਤੇ 1982 ਤੋਂ 1994 ਦੇ ਸਮੇਂ ਦੌਰਾਨ ਸ਼ਹੀਦ ਹੋਏ ਲੋਕਾਂ ਦੇ ਵੇਰਵੇ ਇਕੱਠੇ ਕਰਨ ਦਾ ਕਾਰਜ ਜਲਦ ਸ਼ੁਰੂ ਕੀਤਾ ਜਾਵੇਗਾ।
ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਭਾਈ ਖਾਲੜਾ ਨੂੰ ਮਨੁੱਖੀ ਅਧਿਕਾਰਾਂ, ਹੱਕ, ਸੱਚ ਅਤੇ ਇਨਸਾਫ਼ ਲਈ ਲੜਨ ਵਾਲੀ ਮਹਾਨ ਕੌਮੀ ਸ਼ਖ਼ਸੀਅਤ ਕਰਾਰ ਦਿੱਤਾ। ਉਨ੍ਹਾਂ ਕਿਹਾ ਕਿ ਭਾਈ ਖਾਲੜਾ ਨੇ ਲਾਵਾਰਿਸ ਕਹਿ ਕੇ ਸਾੜੇ ਗਏ ਨੌਜੁਆਨਾਂ ਨੂੰ ਇਨਸਾਫ਼ ਦਿਵਾਉਣ ਲਈ ਆਪਣੀ ਜ਼ਿੰਦਗੀ ਕੁਰਬਾਨ ਕਰ ਦਿੱਤੀ। ਉਨ੍ਹਾਂ ਦੱਸਿਆ ਕਿ ਹਰੀਕੇ ਵਿਖੇ ਯਾਦਗਾਰ ਸਥਾਪਤ ਕਰਨ ਲਈ ਸ਼੍ਰੋਮਣੀ ਕਮੇਟੀ ਵੱਲੋਂ ਸਬ-ਕਮੇਟੀ ਬਣਾਈ ਗਈ ਹੈ ਅਤੇ ਢੁੱਕਵੀਂ ਜਗ੍ਹਾ ਮਿਲਣ ਉਪਰੰਤ ਯਾਦਗਾਰ ਦੀ ਉਸਾਰੀ ਦਾ ਕਾਰਜ ਸ਼ੁਰੂ ਕੀਤਾ ਜਾਵੇਗਾ।
ਸਮਾਗਮ ਦੌਰਾਨ ਭਾਈ ਜਸਵੰਤ ਸਿੰਘ ਖਾਲੜਾ ਦੀ ਭੈਣ ਬੀਬੀ ਬਲਬੀਰ ਕੌਰ ਅਤੇ ਭਾਈ ਕੁਲਦੀਪ ਸਿੰਘ ਬਚੜੇ ਦੀ ਸੁਪਤਨੀ ਬੀਬੀ ਕਵਲਜੀਤ ਕੌਰ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਅਹੁਦੇਦਾਰਾਂ, ਮੈਂਬਰਾਂ ਅਤੇ ਵੱਡੀ ਗਿਣਤੀ ਵਿਚ ਸੰਗਤ ਨੇ ਹਾਜ਼ਰੀ ਭਰੀ।
ਹਿੰਦੂਸਥਾਨ ਸਮਾਚਾਰ / GURSHARAN SINGH