ਬਠਿੰਡਾ ਤੋਂ ‘ਖੇਡਾਂ ਵਤਨ ਪੰਜਾਬ ਦੀਆਂ-2026’ ਦੇ ਚੌਥੇ ਸੀਜ਼ਨ ਦਾ ਆਗਾਜ਼
ਬਠਿੰਡਾ, 06 ਸਤੰਬਰ (ਹਿੰ.ਸ.)| ਪੰਜਾਬ ਵਿੱਚ ਖੇਡ ਸੱਭਿਆਚਾਰ ਨੂੰ ਹੋਰ ਮਜ਼ਬੂਤ ਕਰਨ ਅਤੇ ਪਿੰਡਾਂ ਤੇ ਸ਼ਹਿਰਾਂ ਦੀ ਖੇਡ ਪ੍ਰਤਿਭਾ ਨੂੰ ਮੰਚ ਦੇਣ ਦੇ ਉਦੇਸ਼ ਨਾਲ ‘ਖੇਡਾਂ ਵਤਨ ਪੰਜਾਬ ਦੀਆਂ-2026’ ਦੇ ਚੌਥੇ ਸੀਜ਼ਨ ਦਾ ਸ਼ਨੀਵਾਰ ਦੇਰ ਸ਼ਮਾ ਨੂੰ ਬਠਿੰਡਾ ਦੇ ਸ਼ਹੀਦ ਭਗਤ ਸਿੰਘ ਸਟੇਡੀਅਮ ਤੋਂ ਸ਼ਾਨਦਾਰ ਆਗਾਜ਼
ਰਾਸ਼ਟਰਮੰਡਲ ਖੇਡਾਂ-2026 ਦੇ ਚਾਂਦੀ ਦੇ ਤਗਮਾ ਜੇਤੂ ਹਰਜਿੰਦਰ ਕੌਰ ਅਤੇ ਲਵਪ੍ਰੀਤ ਸਿੰਘ ਨੂੰ ਇਨਾਮ ਰਾਸ਼ੀ ਦਿੰਦੇ ਹੋਏ ਮੁੱਖ ਮੰਤਰੀ ਮਾਨ ਤੇ ਪੰਜਾਬੀ ਗਾਇਕ ਗੁਰਦਾਸ ਮਾਨ।


ਖੇਡਾਂ ਵਤਨ ਪੰਜਾਬ ਦੀਆਂ ਦੇ ਆਗਾਜ਼ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ


ਬਠਿੰਡਾ, 06 ਸਤੰਬਰ (ਹਿੰ.ਸ.)| ਪੰਜਾਬ ਵਿੱਚ ਖੇਡ ਸੱਭਿਆਚਾਰ ਨੂੰ ਹੋਰ ਮਜ਼ਬੂਤ ਕਰਨ ਅਤੇ ਪਿੰਡਾਂ ਤੇ ਸ਼ਹਿਰਾਂ ਦੀ ਖੇਡ ਪ੍ਰਤਿਭਾ ਨੂੰ ਮੰਚ ਦੇਣ ਦੇ ਉਦੇਸ਼ ਨਾਲ ‘ਖੇਡਾਂ ਵਤਨ ਪੰਜਾਬ ਦੀਆਂ-2026’ ਦੇ ਚੌਥੇ ਸੀਜ਼ਨ ਦਾ ਸ਼ਨੀਵਾਰ ਦੇਰ ਸ਼ਮਾ ਨੂੰ ਬਠਿੰਡਾ ਦੇ ਸ਼ਹੀਦ ਭਗਤ ਸਿੰਘ ਸਟੇਡੀਅਮ ਤੋਂ ਸ਼ਾਨਦਾਰ ਆਗਾਜ਼ ਹੋਇਆ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਖੇਡਾਂ ਦਾ ਰਸਮੀ ਉਦਘਾਟਨ ਕੀਤਾ। ਇਹ ਖੇਡਾਂ 29 ਨਵੰਬਰ ਨੂੰ ਪਟਿਆਲਾ ਵਿਖੇ ਸਮਾਪਤ ਹੋਣਗੀਆਂ।

ਮੁੱਖ ਮੰਤਰੀ ਨੇ ਦੱਸਿਆ ਕਿ ਇਸ ਵਾਰ ਸੂਬੇ ਭਰ ਵਿੱਚ 14 ਸਾਲ ਤੋਂ ਲੈ ਕੇ 70 ਸਾਲ ਤੋਂ ਵੱਧ ਉਮਰ ਦੇ ਲਗਭਗ 10 ਲੱਖ ਖਿਡਾਰੀ ਇਨ੍ਹਾਂ ਖੇਡਾਂ ਵਿੱਚ ਹਿੱਸਾ ਲੈਣਗੇ। ਕੁੱਲ 39 ਖੇਡਾਂ ਦੇ ਮੁਕਾਬਲੇ ਕਰਵਾਏ ਜਾਣਗੇ, ਜਦਕਿ ਚਾਰ ਪੈਰਾ ਖੇਡਾਂ-ਐਥਲੈਟਿਕਸ, ਪਾਵਰਲਿਫਟਿੰਗ, ਬੈਡਮਿੰਟਨ ਅਤੇ ਵ੍ਹੀਲਚੇਅਰ ਬਾਸਕਟਬਾਲ-ਵੀ ਸ਼ਾਮਲ ਕੀਤੀਆਂ ਗਈਆਂ ਹਨ। ਪਹਿਲੀ ਵਾਰ ਮੁੰਡਿਆਂ ਅਤੇ ਕੁੜੀਆਂ ਲਈ ਟੈਨਿਸ-ਬਾਲ ਕ੍ਰਿਕਟ ਨੂੰ ਪ੍ਰਦਰਸ਼ਨੀ ਖੇਡ ਵਜੋਂ ਸ਼ਾਮਲ ਕੀਤਾ ਗਿਆ ਹੈ।

ਇਸ ਮੌਕੇ ਰਾਸ਼ਟਰਮੰਡਲ ਖੇਡਾਂ-2026 ਦੇ ਚਾਂਦੀ ਦੇ ਤਗਮਾ ਜੇਤੂ ਹਰਜਿੰਦਰ ਕੌਰ ਅਤੇ ਲਵਪ੍ਰੀਤ ਸਿੰਘ ਨੂੰ 50-50 ਲੱਖ ਰੁਪਏ ਦੀ ਇਨਾਮੀ ਰਾਸ਼ੀ ਨਾਲ ਸਨਮਾਨਿਤ ਕੀਤਾ ਗਿਆ। ਮੁੱਖ ਮੰਤਰੀ ਨੇ ਕਿਹਾ ਕਿ ਖੇਡਾਂ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਅਤੇ ਉਨ੍ਹਾਂ ਦੀ ਊਰਜਾ ਨੂੰ ਉਸਾਰੂ ਦਿਸ਼ਾ ਦੇਣ ਦਾ ਸਭ ਤੋਂ ਪ੍ਰਭਾਵਸ਼ਾਲੀ ਸਾਧਨ ਹਨ।

‘ਖੇਡਾਂ ਵਤਨ ਪੰਜਾਬ ਦੀਆਂ’ ਦੇ ਇਸ ਸੀਜ਼ਨ ਵਿੱਚ ਜੇਤੂਆਂ ਲਈ 12.50 ਕਰੋੜ ਰੁਪਏ ਦੀ ਇਨਾਮੀ ਰਾਸ਼ੀ ਰੱਖੀ ਗਈ ਹੈ। ਪਹਿਲੀ ਵਾਰ ਵੈਟਰਨ ਖਿਡਾਰੀਆਂ ਨੂੰ ਵੀ ਨਕਦ ਇਨਾਮ ਦਿੱਤੇ ਜਾਣਗੇ। ਸੂਬਾ ਪੱਧਰ ’ਤੇ ਸੋਨੇ ਦਾ ਤਗਮਾ ਜਿੱਤਣ ਵਾਲੇ ਨੂੰ 10 ਹਜ਼ਾਰ, ਚਾਂਦੀ ਦੇ ਤਗਮਾ ਜੇਤੂ ਨੂੰ 7 ਹਜ਼ਾਰ ਅਤੇ ਕਾਂਸੀ ਦਾ ਤਗਮਾ ਜਿੱਤਣ ਵਾਲੇ ਨੂੰ 5 ਹਜ਼ਾਰ ਰੁਪਏ ਮਿਲਣਗੇ। 40 ਸਾਲ ਤੱਕ ਦੇ ਤਗਮਾ ਜੇਤੂ ਖਿਡਾਰੀਆਂ ਨੂੰ ਗ੍ਰੇਡੇਸ਼ਨ ਸਰਟੀਫਿਕੇਟ ਵੀ ਦਿੱਤੇ ਜਾਣਗੇ।

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਖੇਡਾਂ ਲਈ 1,744 ਕਰੋੜ ਰੁਪਏ ਦਾ ਬਜਟ ਰੱਖਿਆ ਹੈ। ਸੂਬੇ ਵਿੱਚ 3,148 ਪੇਂਡੂ ਖੇਡ ਮੈਦਾਨ ਤਿਆਰ ਕੀਤੇ ਜਾ ਰਹੇ ਹਨ, ਜਿਨ੍ਹਾਂ ਵਿੱਚੋਂ 750 ਦਾ ਉਦਘਾਟਨ ਹੋ ਚੁੱਕਾ ਹੈ। ਇਸ ਤੋਂ ਇਲਾਵਾ 6,000 ਜਿੰਮ ਸਥਾਪਤ ਕਰਨ ਦੀ ਯੋਜਨਾ ਹੈ।

ਉਨ੍ਹਾਂ ਕਿਹਾ ਕਿ ਪਿਛਲੇ ਤਿੰਨ ਸੀਜ਼ਨਾਂ ਵਿੱਚ 25.51 ਕਰੋੜ ਰੁਪਏ ਦੀ ਇਨਾਮੀ ਰਾਸ਼ੀ ਵੰਡੀ ਜਾ ਚੁੱਕੀ ਹੈ। 2022 ਵਿੱਚ ਪਹਿਲੇ ਸੀਜ਼ਨ ਦੌਰਾਨ 3.50 ਲੱਖ, 2023 ਵਿੱਚ 4 ਲੱਖ ਅਤੇ 2024 ਵਿੱਚ 4.35 ਲੱਖ ਦੇ ਕਰੀਬ ਖਿਡਾਰੀਆਂ ਨੇ ਹਿੱਸਾ ਲਿਆ ਸੀ। 2025 ਵਿੱਚ ਹੜ੍ਹਾਂ ਕਾਰਨ ਇਹ ਖੇਡਾਂ ਨਹੀਂ ਕਰਵਾਈਆਂ ਜਾ ਸਕੀਆਂ ਸਨ।

ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰ ਦਾ ਟੀਚਾ ਪੰਜਾਬ ਦੇ ਪਿੰਡਾਂ ਵਿੱਚੋਂ ਖੇਡ ਪ੍ਰਤਿਭਾ ਨੂੰ ਖੋਜ ਕੇ ਰਾਸ਼ਟਰੀ ਅਤੇ ਕੌਮਾਂਤਰੀ ਪੱਧਰ ਤੱਕ ਪਹੁੰਚਾਉਣਾ ਹੈ। ਉਨ੍ਹਾਂ ਭਰੋਸਾ ਜਤਾਇਆ ਕਿ 2036 ਦੀਆਂ ਓਲੰਪਿਕ ਖੇਡਾਂ ਵਿੱਚ ਪੰਜਾਬ ਦੇ ਖਿਡਾਰੀ ਭਾਰਤ ਲਈ 10 ਤੋਂ ਵੱਧ ਤਗਮੇ ਜਿੱਤਣਗੇ।

ਉਦਘਾਟਨੀ ਸਮਾਰੋਹ ਦੌਰਾਨ ਭੰਗੜੇ ਅਤੇ ਗਿੱਧੇ ਸਮੇਤ ਰੰਗਾਰੰਗ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤੇ ਗਏ। ਪੰਜਾਬੀ ਗਾਇਕ ਗੁਰਦਾਸ ਮਾਨ ਅਤੇ ਕੁਲਵਿੰਦਰ ਬਿੱਲਾ ਨੇ ਵੀ ਆਪਣੀ ਗਾਇਕੀ ਨਾਲ ਸਮਾਰੋਹ ਵਿੱਚ ਰੰਗ ਬੰਨ੍ਹਿਆ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਗੁਰਦਾਸ ਮਾਨ ਨੇ ਸਾਂਝੇ ਤੌਰ ’ਤੇ ਰੰਗ-ਬਿਰੰਗੇ ਗੁਬਾਰੇ ਛੱਡ ਕੇ ਖੇਡਾਂ ਦੇ ਚੌਥੇ ਸੀਜ਼ਨ ਦੀ ਰਸਮੀ ਸ਼ੁਰੂਆਤ ਕੀਤੀ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande