
ਮੋਹਾਲੀ, 06 ਸਤੰਬਰ (ਹਿੰ.ਸ.)| ਜ਼ੀਰਕਪੁਰ ਵਿੱਚ ਪਟਿਆਲਾ ਰੋਡ ਸਥਿਤ ਇੱਕ ਹੋਟਲ ਅਤੇ ਪੀਜੀ ਵਿੱਚ ਪੁਲਿਸ ਵੱਲੋਂ ਛਾਪੇਮਾਰੀ ਕਰਕੇ ਤਿੰਨ ਲੜਕੀਆਂ ਨੂੰ ਰੈਸਕਿਊ ਕੀਤਾ ਗਿਆ ਹੈ। ਪੁਲਿਸ ਨੂੰ ਮੌਕੇ ਤੋਂ ਨਸ਼ੇ ਨਾਲ ਸਬੰਧਤ ਕੁਝ ਸਮੱਗਰੀ ਵੀ ਮਿਲਣ ਦੀ ਜਾਣਕਾਰੀ ਹੈ। ਪੁਲਿਸ ਵੱਲੋਂ ਰੈਸਕਿਊ ਕੀਤੀਆਂ ਲੜਕੀਆਂ ਦੇ ਡੋਪ ਟੈਸਟ ਕਰਵਾਉਣ ਦੀ ਤਿਆਰੀ ਕੀਤੀ ਜਾ ਰਹੀ ਹੈ। ਮਾਮਲੇ ਵਿੱਚ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
ਮੋਹਾਲੀ ਪੁਲਿਸ ਵੱਲੋਂ ਆਪਣੇ ਇੰਸਟਾਗ੍ਰਾਮ ਅਕਾਊਂਟ ’ਤੇ ਇੱਕ ਵੀਡੀਓ ਜਾਰੀ ਕਰਕੇ ਇਸ ਕਾਰਵਾਈ ਦੀ ਜਾਣਕਾਰੀ ਦਿੱਤੀ ਗਈ ਹੈ। ਪੁਲਿਸ ਅਧਿਕਾਰੀਆਂ ਮੁਤਾਬਕ ਮਾਮਲੇ ਦੀ ਵਿਸਥਾਰ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਹੋਟਲ ਤੇ ਪੀਜੀ ਵਿੱਚ ਚੱਲ ਰਹੀਆਂ ਕਥਿਤ ਗਤੀਵਿਧੀਆਂ ਸਬੰਧੀ ਤੱਥ ਇਕੱਠੇ ਕੀਤੇ ਜਾ ਰਹੇ ਹਨ। ਇਹ ਕਾਰਵਾਈ ਐੱਸਪੀ ਗਜਲਪ੍ਰੀਤ ਕੌਰ ਦੀ ਅਗਵਾਈ ਹੇਠ ਕੀਤੀ ਗਈ। ਪੁਲਿਸ ਨੂੰ ਸ਼ਿਕਾਇਤ ਮਿਲੀ ਸੀ ਕਿ ਹੋਟਲ ਅਤੇ ਪੀਜੀ ਦੀ ਆੜ ਵਿੱਚ ਕਥਿਤ ਤੌਰ ’ਤੇ ਗਲਤ ਗਤੀਵਿਧੀਆਂ ਚੱਲ ਰਹੀਆਂ ਹਨ। ਸ਼ਿਕਾਇਤ ਮਿਲਣ ਤੋਂ ਬਾਅਦ ਪੁਲਿਸ ਟੀਮ ਨੇ ਮੌਕੇ ’ਤੇ ਪਹੁੰਚ ਕੇ ਛਾਪੇਮਾਰੀ ਕੀਤੀ। ਇਸ ਦੌਰਾਨ ਤਿੰਨ ਲੜਕੀਆਂ ਮਿਲੀਆਂ, ਜਿਨ੍ਹਾਂ ਨੂੰ ਪੁਲਿਸ ਨੇ ਆਪਣੇ ਨਾਲ ਲੈ ਕੇ ਰੈਸਕਿਊ ਕੀਤਾ।
ਪੁਲਿਸ ਹੁਣ ਇਹ ਪਤਾ ਲਗਾਉਣ ਵਿੱਚ ਜੁਟੀ ਹੋਈ ਹੈ ਕਿ ਇਹ ਲੜਕੀਆਂ ਕਥਿਤ ਗਤੀਵਿਧੀਆਂ ਨਾਲ ਕਦੋਂ ਤੋਂ ਜੁੜੀਆਂ ਹੋਈਆਂ ਸਨ ਅਤੇ ਇਸ ਪਿੱਛੇ ਕਿਹੜੇ ਲੋਕ ਸਰਗਰਮ ਹਨ। ਇਸ ਤੋਂ ਇਲਾਵਾ ਪੁਲਿਸ ਮੌਕੇ ਤੋਂ ਮਿਲੀ ਨਸ਼ੇ ਨਾਲ ਸਬੰਧਤ ਸਮੱਗਰੀ ਦੀ ਵੀ ਜਾਂਚ ਕਰ ਰਹੀ ਹੈ। ਐੱਸਪੀ ਗਜਲਪ੍ਰੀਤ ਕੌਰ ਨੇ ਦੱਸਿਆ ਕਿ ਪੁਲਿਸ ਵੱਲੋਂ ਹੁਣ ਤੱਕ ਅਜਿਹੇ ਮਾਮਲਿਆਂ ਸਬੰਧੀ 16 ਐੱਫਆਈਆਰ ਦਰਜ ਕੀਤੀਆਂ ਜਾ ਚੁੱਕੀਆਂ ਹਨ। ਕਰੀਬ 100 ਲੜਕੀਆਂ ਨੂੰ ਰੈਸਕਿਊ ਕੀਤਾ ਗਿਆ ਹੈ, ਜਦਕਿ 25 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ। ਉਨ੍ਹਾਂ ਕਿਹਾ ਕਿ ਹੋਟਲਾਂ ਦੀ ਆੜ ਵਿੱਚ ਚੱਲ ਰਹੀਆਂ ਅਜਿਹੀਆਂ ਗਤੀਵਿਧੀਆਂ ਵਿਰੁੱਧ ਪੁਲਿਸ ਵੱਲੋਂ ਸਖ਼ਤ ਕਾਰਵਾਈ ਜਾਰੀ ਰਹੇਗੀ। ਐੱਸਪੀ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਉਨ੍ਹਾਂ ਨੂੰ ਅਜਿਹੀਆਂ ਗਤੀਵਿਧੀਆਂ ਬਾਰੇ ਕੋਈ ਜਾਣਕਾਰੀ ਮਿਲਦੀ ਹੈ ਤਾਂ ਉਹ ਤੁਰੰਤ ਪੁਲਿਸ ਨੂੰ ਸੂਚਿਤ ਕਰਨ ਅਤੇ ਕਾਰਵਾਈ ਵਿੱਚ ਸਹਿਯੋਗ ਦੇਣ।
ਹਿੰਦੂਸਥਾਨ ਸਮਾਚਾਰ / GURSHARAN SINGH