
ਚੰਡੀਗੜ੍ਹ, 07 ਸਤੰਬਰ (ਹਿੰ.ਸ.)| ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਸੂਬੇ ਦੇ ਨੌਜਵਾਨਾਂ ਨੂੰ ਖੇਡਾਂ ਵਿੱਚ ਵੱਧ ਤੋਂ ਵੱਧ ਸਰਗਰਮੀ ਨਾਲ ਭਾਗ ਲੈਣ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਖੇਡਾਂ ਨੌਜਵਾਨਾਂ ਦੇ ਸਰਵਪੱਖੀ ਵਿਕਾਸ ਦੇ ਨਾਲ-ਨਾਲ ਪੰਜਾਬ ਦੀ ਅਮੀਰ ਖੇਡ ਵਿਰਾਸਤ ਨੂੰ ਮੁੜ ਸੁਰਜੀਤ ਕਰਨ ਵਿੱਚ ਅਹਿਮ ਭੂਮਿਕਾ ਨਿਭਾ ਸਕਦੀਆਂ ਹਨ।
ਸੰਧਵਾਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕਰਵਾਈ ਜਾ ਰਹੀ ‘ਖੇਡਾਂ ਵਤਨ ਪੰਜਾਬ ਦੀਆਂ’ ਸੂਬੇ ਦੀ ਖੇਡ ਪ੍ਰਤਿਭਾ ਨੂੰ ਉਭਾਰਨ ਲਈ ਮਹੱਤਵਪੂਰਨ ਮੰਚ ਹੈ। ਇਸ ਰਾਹੀਂ ਪਿੰਡਾਂ, ਕਸਬਿਆਂ ਅਤੇ ਸ਼ਹਿਰਾਂ ਵਿੱਚੋਂ ਛੁਪੀ ਹੋਈ ਖੇਡ ਪ੍ਰਤਿਭਾ ਦੀ ਪਛਾਣ ਕਰਕੇ ਉਸ ਨੂੰ ਨਿਖਾਰਨ ਦਾ ਮੌਕਾ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਇਹ ਉਪਰਾਲਾ ਨੌਜਵਾਨਾਂ ਨੂੰ ਖੇਡਾਂ ਨਾਲ ਜੋੜ ਕੇ ਉਨ੍ਹਾਂ ਨੂੰ ਕੌਮੀ ਅਤੇ ਅੰਤਰਰਾਸ਼ਟਰੀ ਪੱਧਰ ’ਤੇ ਅੱਗੇ ਵਧਣ ਲਈ ਪ੍ਰੇਰਿਤ ਕਰੇਗਾ।
ਸਪੀਕਰ ਨੇ ਕਿਹਾ ਕਿ ਖੇਡਾਂ ਸਰੀਰ ਨੂੰ ਤੰਦਰੁਸਤ ਅਤੇ ਮਨ ਨੂੰ ਚੁਸਤ ਰੱਖਣ ਦੇ ਨਾਲ ਲੰਬੀ ਤੇ ਸਿਹਤਮੰਦ ਜ਼ਿੰਦਗੀ ਲਈ ਵੀ ਜ਼ਰੂਰੀ ਹਨ। ਖੇਡਾਂ ਨੌਜਵਾਨਾਂ ਨੂੰ ਮਿਹਨਤ, ਅਨੁਸ਼ਾਸਨ, ਹੌਸਲੇ ਅਤੇ ਲਗਾਤਾਰ ਯਤਨ ਕਰਨ ਦੀ ਸਿੱਖਿਆ ਦਿੰਦੀਆਂ ਹਨ। ਉਨ੍ਹਾਂ ਕਿਹਾ ਕਿ ਖੇਡਾਂ ਸਮਾਜਿਕ ਬੁਰਾਈਆਂ, ਖਾਸ ਕਰਕੇ ਨਸ਼ਿਆਂ ਵਿਰੁੱਧ ਇੱਕ ਮਜ਼ਬੂਤ ਢਾਲ ਵਜੋਂ ਕੰਮ ਕਰਦੀਆਂ ਹਨ। ਸਰਗਰਮ ਜੀਵਨ ਸ਼ੈਲੀ ਅਪਣਾ ਕੇ ਨੌਜਵਾਨ ਨਸ਼ਿਆਂ ਤੋਂ ਦੂਰ ਰਹਿ ਸਕਦੇ ਹਨ ਅਤੇ ਸਿਹਤਮੰਦ ਤੇ ਉਦੇਸ਼ਪੂਰਨ ਜੀਵਨ ਬਤੀਤ ਕਰ ਸਕਦੇ ਹਨ। ਸੰਧਵਾਂ ਨੇ ਕਿਹਾ ਕਿ ਜੇ ਪੰਜਾਬ ਨੂੰ ਮੁੜ ਜੀਵੰਤ ਅਤੇ ‘ਰੰਗਲਾ ਪੰਜਾਬ’ ਬਣਾਉਣਾ ਹੈ ਤਾਂ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨਾ ਸਮੇਂ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਖੇਡਾਂ ਦੇ ਵਿਕਾਸ ਅਤੇ ਖਿਡਾਰੀਆਂ ਦੀ ਭਲਾਈ ਲਈ ਲਗਾਤਾਰ ਉਪਰਾਲੇ ਕਰ ਰਹੀ ਹੈ।
ਹਿੰਦੂਸਥਾਨ ਸਮਾਚਾਰ / GURSHARAN SINGH