
ਕਿਹਾ-ਵਿਰੋਧੀ ਮੈਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕਰ ਰਹੇ, ਲੋਕਾਂ ਦਾ ਪੈਸਾ ਲੋਕਾਂ ’ਤੇ ਹੀ ਖ਼ਰਚ ਕਰ ਰਹੀ ‘ਆਪ’ ਸਰਕਾਰ
ਬਠਿੰਡਾ, 07 ਸਤੰਬਰ (ਹਿੰ.ਸ.)| ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਭਾਜਪਾ, ਅਕਾਲੀ ਦਲ ਅਤੇ ਕਾਂਗਰਸ ’ਤੇ ਤਿੱਖੇ ਹਮਲੇ ਕਰਦਿਆਂ ਕਿਹਾ ਕਿ ਵਿਰੋਧੀ ਆਗੂ ਉਨ੍ਹਾਂ ਨੂੰ ਝੂਠਾ ਬਦਨਾਮ ਕਰਕੇ ਮੁੜ ਪੰਜਾਬ ਨੂੰ ਲੁੱਟਣ ਦਾ ਮੌਕਾ ਭਾਲ ਰਹੇ ਹਨ। ਪਿੰਡ ਘੁੱਦਾ ਵਿਖੇ ਲੋਕ ਮਿਲਣੀ ਪ੍ਰੋਗਰਾਮ ਦੌਰਾਨ ਉਨ੍ਹਾਂ ਕਿਹਾ ਕਿ ਵਿਰੋਧੀ ਧਿਰ ਇਸ ਗੱਲ ਤੋਂ ਪ੍ਰੇਸ਼ਾਨ ਹੈ ਕਿ ਉਨ੍ਹਾਂ ਦੀ ਸਰਕਾਰ ਲੋਕਾਂ ਦਾ ਪੈਸਾ ਲੋਕਾਂ ਦੀ ਭਲਾਈ ਲਈ ਖ਼ਰਚ ਕਰ ਰਹੀ ਹੈ।
ਭਾਜਪਾ ਨੂੰ ਨਿਸ਼ਾਨੇ ’ਤੇ ਲੈਂਦਿਆਂ ਭਗਵੰਤ ਮਾਨ ਨੇ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ ਨੇ ਪੰਜਾਬ ਦੇ ਹਿੱਤਾਂ ਨਾਲ ਜੁੜੇ ਕਈ ਮਾਮਲਿਆਂ ਵਿੱਚ ਸੂਬੇ ਨਾਲ ਬੇਇਨਸਾਫ਼ੀ ਕੀਤੀ ਹੈ। ਉਨ੍ਹਾਂ ਪੰਜਾਬ ਯੂਨੀਵਰਸਿਟੀ, ਭਾਖੜਾ ਬਿਆਸ ਮੈਨੇਜਮੈਂਟ ਬੋਰਡ, ਐਸਵਾਈਐਲ ਨਹਿਰ, ਹਰੀਕੇ ਨਹਿਰ, ਗਣਤੰਤਰ ਦਿਵਸ ਦੀਆਂ ਝਾਕੀਆਂ, ਦਿਹਾਤੀ ਵਿਕਾਸ ਫੰਡ ਅਤੇ ਸਰਹੱਦੀ ਖੇਤਰ ਦੇ ਫੰਡਾਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਪੰਜਾਬ ਦੇ ਹੱਕਾਂ ਦੀ ਰਾਖੀ ਲਈ ਉਨ੍ਹਾਂ ਦੀ ਸਰਕਾਰ ਲਗਾਤਾਰ ਆਵਾਜ਼ ਉਠਾ ਰਹੀ ਹੈ। ਉਨ੍ਹਾਂ ਕਿਹਾ ਕਿ ਖੇਤੀ ਕਾਨੂੰਨਾਂ ਵਿਰੁੱਧ ਅੰਦੋਲਨ ਦੌਰਾਨ 700 ਤੋਂ ਵੱਧ ਕਿਸਾਨਾਂ ਦੀਆਂ ਸ਼ਹਾਦਤਾਂ ਨੂੰ ਪੰਜਾਬ ਕਦੇ ਨਹੀਂ ਭੁੱਲੇਗਾ।
ਅਕਾਲੀ ਦਲ ’ਤੇ ਵਰ੍ਹਦਿਆਂ ਮੁੱਖ ਮੰਤਰੀ ਨੇ ਦੋਸ਼ ਲਾਇਆ ਕਿ ਆਪਣੇ ਲੰਬੇ ਸ਼ਾਸਨ ਦੌਰਾਨ ਅਕਾਲੀ ਆਗੂਆਂ ਨੇ ਪੰਜਾਬ ਦੇ ਹਿੱਤਾਂ ਦੀ ਬਜਾਏ ਆਪਣੇ ਸਿਆਸੀ ਅਤੇ ਨਿੱਜੀ ਹਿੱਤਾਂ ਨੂੰ ਤਰਜੀਹ ਦਿੱਤੀ। ਉਨ੍ਹਾਂ ਬੇਅਦਬੀ ਮਾਮਲਿਆਂ, ਨਸ਼ਿਆਂ ਅਤੇ ਮਾਫੀਆ ਦਾ ਜ਼ਿਕਰ ਕਰਦਿਆਂ ਕਿਹਾ ਕਿ ਅਕਾਲੀ ਦਲ ਦੇ ਰਾਜ ਦੌਰਾਨ ਪੰਜਾਬ ਨੂੰ ਵੱਡਾ ਨੁਕਸਾਨ ਹੋਇਆ। ਉਨ੍ਹਾਂ ਕਿਹਾ ਕਿ ਹੁਣ ਅਕਾਲੀ ਦਲ ਭਾਜਪਾ ਨਾਲ ਮੁੜ ਗਠਜੋੜ ਲਈ ਕੋਸ਼ਿਸ਼ਾਂ ਕਰ ਰਿਹਾ ਹੈ, ਜਿਸ ਦਾ ਮਕਸਦ ਸਿਰਫ਼ ਸੱਤਾ ਵਿੱਚ ਵਾਪਸੀ ਕਰਨਾ ਹੈ।
ਸੁਖਬੀਰ ਸਿੰਘ ਬਾਦਲ ’ਤੇ ਤਨਜ਼ ਕੱਸਦਿਆਂ ਭਗਵੰਤ ਮਾਨ ਨੇ ਕਿਹਾ ਕਿ ਉਹ ਪੰਜਾਬ ਦੀਆਂ ਜ਼ਮੀਨੀ ਹਕੀਕਤਾਂ ਅਤੇ ਕਿਸਾਨਾਂ ਦੀਆਂ ਸਮੱਸਿਆਵਾਂ ਤੋਂ ਜਾਣੂ ਨਹੀਂ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੀ ਸਿਆਸਤ ਅਤੇ ਕਿਸਾਨੀ ਨੂੰ ਸਮਝਣ ਲਈ ਲੋਕਾਂ ਵਿੱਚ ਰਹਿਣਾ ਜ਼ਰੂਰੀ ਹੈ।
ਕਾਂਗਰਸ ਨੂੰ ਘੇਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪਾਰਟੀ ਕੋਲ ਪੰਜਾਬ ਲਈ ਕੋਈ ਸਪੱਸ਼ਟ ਏਜੰਡਾ ਨਹੀਂ ਹੈ ਅਤੇ ਇਸ ਦੇ ਆਗੂ ਸੱਤਾ ਲਈ ਆਪਸ ਵਿੱਚ ਹੀ ਲੜ ਰਹੇ ਹਨ। ਉਨ੍ਹਾਂ ਦੋਸ਼ ਲਾਇਆ ਕਿ ਕਾਂਗਰਸ ਆਪਣੇ ਕਾਰਜਕਾਲ ਦੌਰਾਨ ਨਸ਼ਿਆਂ ਅਤੇ ਬੇਅਦਬੀ ਦੇ ਮਾਮਲਿਆਂ ਨੂੰ ਹੱਲ ਕਰਨ ਵਿੱਚ ਨਾਕਾਮ ਰਹੀ। ਉਨ੍ਹਾਂ ਕਿਹਾ ਕਿ ਕਾਂਗਰਸ ਅੰਦਰਲੀ ਧੜੇਬੰਦੀ ਕਾਰਨ ਪੰਜਾਬ ਦੇ ਲੋਕਾਂ ਦਾ ਭਰੋਸਾ ਗੁਆ ਚੁੱਕੀ ਹੈ।
ਭਗਵੰਤ ਮਾਨ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਲੜਾਈ ਸਿੱਖਿਆ, ਸਿਹਤ, ਰੁਜ਼ਗਾਰ ਅਤੇ ਲੋਕਾਂ ਦੀ ਭਲਾਈ ਲਈ ਹੈ। ਉਨ੍ਹਾਂ ਦਾਅਵਾ ਕੀਤਾ ਕਿ ਸਰਕਾਰ ਨੇ 70 ਹਜ਼ਾਰ ਤੋਂ ਵੱਧ ਨੌਜਵਾਨਾਂ ਨੂੰ ਨੌਕਰੀਆਂ ਦਿੱਤੀਆਂ, 90 ਫ਼ੀਸਦੀ ਤੋਂ ਵੱਧ ਘਰਾਂ ਨੂੰ ਮੁਫ਼ਤ ਬਿਜਲੀ ਮਿਲ ਰਹੀ ਹੈ ਅਤੇ ਸੂਬੇ ਵਿੱਚ 3100 ਖੇਡ ਸਟੇਡੀਅਮ ਬਣਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਲੋਕਾਂ ਦਾ ਪੈਸਾ ਹੁਣ ਲੋਕਾਂ ’ਤੇ ਹੀ ਖ਼ਰਚ ਹੋ ਰਿਹਾ ਹੈ ਅਤੇ ਪੰਜਾਬ ਵਿੱਚ ਲੁੱਟ ਦਾ ਦੌਰ ਖ਼ਤਮ ਹੋ ਚੁੱਕਾ ਹੈ।
ਹਿੰਦੂਸਥਾਨ ਸਮਾਚਾਰ / GURSHARAN SINGH