ਵਿਸ਼ੇਸ਼ ਐਂਟੀ-ਗੈਂਗਸਟਰ ਮੁਹਿੰਮ ਤਹਿਤ ਮੋਹਾਲੀ ਪੁਲਿਸ ਵੱਲੋਂ ਨਾਜਾਇਜ਼ ਹਥਿਆਰ ਸਮੇਤ ਇੱਕ ਕਾਬੂ
ਮੋਹਾਲੀ, 07 ਸਤੰਬਰ (ਹਿੰ.ਸ.)| ਨਾਜਾਇਜ਼ ਹਥਿਆਰਾਂ ਦੀ ਤਸਕਰੀ ਅਤੇ ਗੈਂਗਸਟਰ ਗਤੀਵਿਧੀਆਂ ’ਤੇ ਨਕੇਲ ਕੱਸਣ ਲਈ ਚਲਾਈ ਜਾ ਰਹੀ ਵਿਸ਼ੇਸ਼ ਐਂਟੀ-ਗੈਂਗਸਟਰ ਮੁਹਿੰਮ ਤਹਿਤ ਐੱਸ.ਏ.ਐੱਸ. ਨਗਰ ਪੁਲਿਸ ਨੇ ਇੱਕ ਵਿਅਕਤੀ ਨੂੰ ਨਾਜਾਇਜ਼ ਹਥਿਆਰ ਸਮੇਤ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਮੁਲਜ਼ਮ ਕੋਲੋਂ .315 ਬੋਰ ਦੇਸੀ
ਪੁਲਿਸ ਹਿਰਾਸਤ ’ਚ ਮੁਲਜ਼ਮ।


ਮੋਹਾਲੀ, 07 ਸਤੰਬਰ (ਹਿੰ.ਸ.)| ਨਾਜਾਇਜ਼ ਹਥਿਆਰਾਂ ਦੀ ਤਸਕਰੀ ਅਤੇ ਗੈਂਗਸਟਰ ਗਤੀਵਿਧੀਆਂ ’ਤੇ ਨਕੇਲ ਕੱਸਣ ਲਈ ਚਲਾਈ ਜਾ ਰਹੀ ਵਿਸ਼ੇਸ਼ ਐਂਟੀ-ਗੈਂਗਸਟਰ ਮੁਹਿੰਮ ਤਹਿਤ ਐੱਸ.ਏ.ਐੱਸ. ਨਗਰ ਪੁਲਿਸ ਨੇ ਇੱਕ ਵਿਅਕਤੀ ਨੂੰ ਨਾਜਾਇਜ਼ ਹਥਿਆਰ ਸਮੇਤ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਮੁਲਜ਼ਮ ਕੋਲੋਂ .315 ਬੋਰ ਦੇਸੀ ਕੱਟਾ ਅਤੇ ਇੱਕ ਜ਼ਿੰਦਾ ਕਾਰਤੂਸ ਬਰਾਮਦ ਕੀਤਾ ਹੈ।

ਪੁਲਿਸ ਮੁਤਾਬਕ ਇਹ ਕਾਰਵਾਈ ਐੱਸ.ਏ.ਐੱਸ. ਨਗਰ ਦੇ ਐੱਸਐੱਸਪੀ ਵਰੁਣ ਸ਼ਰਮਾ, ਆਈ.ਪੀ.ਐੱਸ. ਦੇ ਦਿਸ਼ਾ-ਨਿਰਦੇਸ਼ਾਂ ਅਤੇ ਕਪਤਾਨ ਪੁਲਿਸ (ਸਿਟੀ) ਦਿਲਪ੍ਰੀਤ ਸਿੰਘ, ਆਈ.ਪੀ.ਐੱਸ. ਦੀ ਨਿਗਰਾਨੀ ਹੇਠ ਕੀਤੀ ਗਈ। ਮੀਡੀਆ ਨੂੰ ਜਾਣਕਾਰੀ ਦਿੰਦਿਆਂ ਡੀਐੱਸਪੀ (ਸਿਟੀ-1) ਗੁਰਚਰਨ ਸਿੰਘ ਨੇ ਦੱਸਿਆ ਕਿ ਥਾਣਾ ਫੇਜ਼-1 ਮੋਹਾਲੀ ਦੀ ਪੁਲਿਸ ਟੀਮ ਨੇ ਐੱਸਐੱਚਓ ਇੰਸਪੈਕਟਰ ਸੁਖਬੀਰ ਸਿੰਘ ਦੀ ਅਗਵਾਈ ਹੇਠ ਭਰੋਸੇਯੋਗ ਸੂਚਨਾ ਦੇ ਆਧਾਰ ’ਤੇ ਕਾਰਵਾਈ ਕਰਦਿਆਂ ਮੁਲਜ਼ਮ ਨੂੰ ਕਾਬੂ ਕੀਤਾ।

ਗ੍ਰਿਫ਼ਤਾਰ ਮੁਲਜ਼ਮ ਦੀ ਪਛਾਣ ਰਾਜੀਵ ਉਰਫ਼ ਬਾਦਲ (25) ਵਜੋਂ ਹੋਈ ਹੈ। ਉਹ ਉੱਤਰ ਪ੍ਰਦੇਸ਼ ਦੇ ਮੁਰਾਦਾਬਾਦ ਜ਼ਿਲ੍ਹੇ ਦਾ ਰਹਿਣ ਵਾਲਾ ਹੈ ਅਤੇ ਮੌਜੂਦਾ ਸਮੇਂ ਬਲੌਂਗੀ ਦੇ ਆਜ਼ਾਦ ਨਗਰ ਇਲਾਕੇ ਵਿੱਚ ਪੀਜੀ ਵਿੱਚ ਰਹਿ ਰਿਹਾ ਸੀ। ਇਸ ਮਾਮਲੇ ਸਬੰਧੀ ਥਾਣਾ ਫੇਜ਼-1 ਮੋਹਾਲੀ ਵਿੱਚ ਮਾਮਲਾ ਦਰਜ ਕੀਤਾ ਗਿਆ ਹੈ।

ਮੁਲਜ਼ਮ ਨੂੰ ਅਦਾਲਤ ਵਿੱਚ ਪੇਸ਼ ਕੀਤਾ ਗਿਆ, ਜਿੱਥੋਂ ਪੁਲਿਸ ਨੇ ਹੋਰ ਜਾਂਚ ਲਈ ਉਸ ਦਾ ਦੋ ਦਿਨ ਦਾ ਪੁਲਿਸ ਰਿਮਾਂਡ ਹਾਸਲ ਕੀਤਾ ਹੈ। ਮੁੱਢਲੀ ਪੁੱਛਗਿੱਛ ਦੌਰਾਨ ਪੁਲਿਸ ਨੂੰ ਪਤਾ ਲੱਗਾ ਕਿ ਕਥਿਤ ਤੌਰ ’ਤੇ ਇਹ ਨਾਜਾਇਜ਼ ਹਥਿਆਰ ਉੱਤਰ ਪ੍ਰਦੇਸ਼ ਤੋਂ ਲਿਆਂਦਾ ਗਿਆ ਸੀ।

ਪੁਲਿਸ ਮੁਤਾਬਕ ਮੁਲਜ਼ਮ ਸਥਾਨਕ ਪੱਧਰ ’ਤੇ ਆਪਣਾ ਪ੍ਰਭਾਵ ਬਣਾਉਣ ਦੀ ਕੋਸ਼ਿਸ਼ ਕਰ ਰਿਹਾ ਸੀ। ਹੁਣ ਪੁਲਿਸ ਹਥਿਆਰ ਦੇ ਸਰੋਤ ਅਤੇ ਮੁਲਜ਼ਮ ਦੇ ਨਾਜਾਇਜ਼ ਹਥਿਆਰਾਂ ਜਾਂ ਗੈਂਗਸਟਰ ਗਤੀਵਿਧੀਆਂ ਨਾਲ ਜੁੜੇ ਹੋਰ ਵਿਅਕਤੀਆਂ ਨਾਲ ਸੰਭਾਵਿਤ ਸਬੰਧਾਂ ਦੀ ਜਾਂਚ ਕਰ ਰਹੀ ਹੈ। ਪੁਲਿਸ ਅਨੁਸਾਰ ਹੁਣ ਤੱਕ ਮੁਲਜ਼ਮ ਦਾ ਕੋਈ ਪਿਛਲਾ ਅਪਰਾਧਿਕ ਰਿਕਾਰਡ ਸਾਹਮਣੇ ਨਹੀਂ ਆਇਆ ਹੈ। ਜਾਂਚ ਦੌਰਾਨ ਹੋਰ ਖੁਲਾਸੇ ਹੋਣ ਦੀ ਉਮੀਦ ਹੈ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande