
ਚੰਡੀਗੜ੍ਹ, 07 ਸਤੰਬਰ (ਹਿੰ.ਸ.)| ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੰਜਾਬ ਸਰਕਾਰ ਵੱਲੋਂ ਜਸਟਿਸ ਅਸ਼ਵਨੀ ਕੁਮਾਰ ਮਿਸ਼ਰਾ ਦੀ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਚੀਫ਼ ਜਸਟਿਸ ਵਜੋਂ ਨਿਯੁਕਤੀ ਦਾ ਵਿਰੋਧ ਕਰਨ ’ਤੇ ਤਿੱਖੀ ਪ੍ਰਤੀਕਿਰਿਆ ਦਿੱਤੀ ਹੈ। ਉਨ੍ਹਾਂ ‘ਆਪ’ ਸਰਕਾਰ ਦੇ ਇਸ ਰੁਖ਼ ਨੂੰ ਨਿੰਦਣਯੋਗ ਕਰਾਰ ਦਿੱਤਾ।
ਰਾਜਾ ਵੜਿੰਗ ਨੇ ਕਿਹਾ ਕਿ ਉਨ੍ਹਾਂ ਮੁਤਾਬਕ ਇਹ ਪਹਿਲੀ ਵਾਰ ਹੈ ਕਿ ਕਿਸੇ ਸੂਬਾ ਸਰਕਾਰ ਵੱਲੋਂ ਆਪਣੇ ਹਾਈ ਕੋਰਟ ਦੇ ਚੀਫ਼ ਜਸਟਿਸ ਦੀ ਨਿਯੁਕਤੀ ’ਤੇ ਇਤਰਾਜ਼ ਜਤਾਉਂਦਿਆਂ ਵਿਰੋਧ ਕੀਤਾ ਗਿਆ ਹੋਵੇ। ਉਨ੍ਹਾਂ ਕਿਹਾ ਕਿ ‘ਆਪ’ ਸਰਕਾਰ ਨੇ ਅਜਿਹਾ ਕਰਕੇ ਇੱਕ ਹੋਰ ਵਿਵਾਦਤ ਮਿਸਾਲ ਕਾਇਮ ਕੀਤੀ ਹੈ।
ਕਾਂਗਰਸ ਪ੍ਰਧਾਨ ਨੇ ਸਵਾਲ ਕੀਤਾ ਕਿ ਪੰਜਾਬ ਸਰਕਾਰ ਆਪਣੇ ਇਸ ਸਟੈਂਡ ਰਾਹੀਂ ਕੀ ਸੰਦੇਸ਼ ਦੇਣਾ ਚਾਹੁੰਦੀ ਹੈ। ਉਨ੍ਹਾਂ ਦੋਸ਼ ਲਾਇਆ ਕਿ ਨਿਆਂਪਾਲਿਕਾ ਦੀ ਨਿਯੁਕਤੀ ਦਾ ਵਿਰੋਧ ਕਰਨਾ ਇਸ ਦੀ ਆਜ਼ਾਦੀ ਨੂੰ ਚੁਣੌਤੀ ਦੇਣ ਅਤੇ ਕਮਜ਼ੋਰ ਕਰਨ ਦੀ ਕੋਸ਼ਿਸ਼ ਦੇ ਬਰਾਬਰ ਹੈ।
ਵੜਿੰਗ ਨੇ ਕਿਹਾ ਕਿ ਆਜ਼ਾਦ ਨਿਆਂਪਾਲਿਕਾ ਲੋਕਤੰਤਰ ਦਾ ਇੱਕ ਮਹੱਤਵਪੂਰਨ ਥੰਮ੍ਹ ਹੈ ਅਤੇ ਇਸ ਦੀ ਸੁਤੰਤਰਤਾ ਨਾਲ ਕਿਸੇ ਵੀ ਤਰ੍ਹਾਂ ਦਾ ਸਮਝੌਤਾ ਨਹੀਂ ਹੋਣਾ ਚਾਹੀਦਾ। ਉਨ੍ਹਾਂ ਦੋਸ਼ ਲਾਇਆ ਕਿ ਸੂਬਾ ਸਰਕਾਰ ਨਿਆਂਇਕ ਪ੍ਰਣਾਲੀ ਵਿੱਚ ਦਖ਼ਲ ਦੇਣ ਦੀ ਕੋਸ਼ਿਸ਼ ਕਰ ਰਹੀ ਹੈ।
ਉਨ੍ਹਾਂ ‘ਆਪ’ ਸਰਕਾਰ ਤੋਂ ਸਿੱਧਾ ਸਵਾਲ ਕੀਤਾ ਕਿ “ਕੀ ‘ਆਪ’ ਆਪਣੀ ਪਸੰਦ ਦੀ ਨਿਆਂਪਾਲਿਕਾ ਚਾਹੁੰਦੀ ਹੈ। ਵੜਿੰਗ ਨੇ ਕਿਹਾ ਕਿ ਸਿਆਸੀ ਕਾਰਜਕਾਰਨੀ ਵੱਲੋਂ ਨਿਆਂਪਾਲਿਕਾ ਦੇ ਮਾਮਲਿਆਂ ਵਿੱਚ ਅਜਿਹੇ ਦਖ਼ਲ ਤੋਂ ਬਚਣਾ ਚਾਹੀਦਾ ਹੈ। ਉਨ੍ਹਾਂ ਚਿਤਾਵਨੀ ਦਿੱਤੀ ਕਿ ਨਿਆਂਪਾਲਿਕਾ ਦੀ ਆਜ਼ਾਦੀ ਨੂੰ ਕਮਜ਼ੋਰ ਕਰਨ ਵਾਲੀ ਕਿਸੇ ਵੀ ਕੋਸ਼ਿਸ਼ ਦਾ ਵਿਰੋਧ ਕੀਤਾ ਜਾਵੇਗਾ।
ਹਿੰਦੂਸਥਾਨ ਸਮਾਚਾਰ / GURSHARAN SINGH