
ਮਾਨਸਾ, 07 ਸਤੰਬਰ (ਹਿੰ.ਸ.)| ਪੰਜਾਬ ਸਰਕਾਰ ਦੀ ‘ਨਸ਼ਿਆਂ ਖ਼ਿਲਾਫ਼ ਜੰਗ’ ਮੁਹਿੰਮ ਤਹਿਤ ਮਾਨਸਾ ਵਿੱਚ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਦੀ ਅਗਵਾਈ ਹੇਠ ਅਹਿਮ ਮੀਟਿੰਗ ਹੋਈ। ਮੀਟਿੰਗ ਵਿੱਚ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀਆਂ, ਪੁਲਿਸ ਵਿਭਾਗ, ਬਲਾਕ ਪੱਧਰੀ ਵਲੰਟੀਅਰਾਂ ਅਤੇ ਜ਼ਿਲ੍ਹੇ ਦੇ ਤਿੰਨੋਂ ਵਿਧਾਇਕਾਂ ਨੇ ਸ਼ਮੂਲੀਅਤ ਕੀਤੀ।
ਮੀਟਿੰਗ ਦੌਰਾਨ ਜ਼ਿਲ੍ਹੇ ਵਿੱਚ ਨਸ਼ਿਆਂ ਖ਼ਿਲਾਫ਼ ਚੱਲ ਰਹੀ ਕਾਰਵਾਈ ਦੀ ਸਮੀਖਿਆ ਕੀਤੀ ਗਈ ਅਤੇ ਨਸ਼ਾ ਤਸਕਰੀ ਨੂੰ ਰੋਕਣ ਲਈ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ।
ਕੈਬਨਿਟ ਮੰਤਰੀ ਖੁੱਡੀਆਂ ਨੇ ਪੁਲਿਸ ਅਧਿਕਾਰੀਆਂ, ਸਿਵਲ ਪ੍ਰਸ਼ਾਸਨ ਅਤੇ ਆਮ ਆਦਮੀ ਪਾਰਟੀ ਦੇ ਵਲੰਟੀਅਰਾਂ ਨਾਲ ਨਸ਼ਾ ਤਸਕਰੀ ਨੂੰ ਰੋਕਣ ਲਈ ਕੀਤੇ ਜਾ ਰਹੇ ਯਤਨਾਂ ਬਾਰੇ ਵਿਚਾਰ-ਵਟਾਂਦਰਾ ਕੀਤਾ।
ਮੀਟਿੰਗ ਵਿੱਚ ਹਸਪਤਾਲਾਂ ਤੋਂ ਕਾਰਡ ਦੇ ਆਧਾਰ ’ਤੇ ਮਰੀਜ਼ਾਂ ਨੂੰ ਮਿਲਣ ਵਾਲੀਆਂ ਜੀਭ ਹੇਠਾਂ ਰੱਖਣ ਵਾਲੀਆਂ ਗੋਲੀਆਂ ਦੀ ਗੈਰ-ਕਾਨੂੰਨੀ ਵਿਕਰੀ ਦਾ ਮਾਮਲਾ ਵੀ ਵਿਚਾਰ ਅਧੀਨ ਆਇਆ। ਦੱਸਿਆ ਗਿਆ ਕਿ ਕੁਝ ਲੋਕ ਇਹ ਦਵਾਈਆਂ ਹਸਪਤਾਲਾਂ ਤੋਂ ਪ੍ਰਾਪਤ ਕਰਨ ਮਗਰੋਂ ਅੱਗੇ ਵੇਚ ਦਿੰਦੇ ਹਨ। ਇਸ ’ਤੇ ਸਖ਼ਤ ਨਿਗਰਾਨੀ ਰੱਖਣ ਅਤੇ ਅਜਿਹੀਆਂ ਗਤੀਵਿਧੀਆਂ ਖ਼ਿਲਾਫ਼ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ ਗਏ।
ਮੀਟਿੰਗ ਦੌਰਾਨ ਮਾਨਸਾ ਜ਼ਿਲ੍ਹੇ ਵਿੱਚ ਡਰੱਗ ਇੰਸਪੈਕਟਰਾਂ ਦੀ ਕਮੀ ਦਾ ਮੁੱਦਾ ਵੀ ਉੱਠਿਆ। ਕੈਬਨਿਟ ਮੰਤਰੀ ਖੁੱਡੀਆਂ ਨੇ ਭਰੋਸਾ ਦਿੱਤਾ ਕਿ ਇਸ ਕਮੀ ਨੂੰ ਜਲਦ ਪੂਰਾ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਨਸ਼ਾ ਇੱਕ ਗੰਭੀਰ ਸਮਾਜਿਕ ਬੁਰਾਈ ਹੈ ਅਤੇ ਇਸ ਨੂੰ ਖ਼ਤਮ ਕਰਨ ਲਈ ਸਮਾਜ ਦੇ ਹਰ ਵਰਗ ਨੂੰ ਮਿਲ ਕੇ ਕੰਮ ਕਰਨਾ ਪਵੇਗਾ। ਉਨ੍ਹਾਂ ਕਿਹਾ ਕਿ ਨਸ਼ਾ ਤਸਕਰਾਂ ਖ਼ਿਲਾਫ਼ ਕਾਰਵਾਈ ਲਗਾਤਾਰ ਤੇਜ਼ ਕੀਤੀ ਜਾ ਰਹੀ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਹੋਰ ਸਖ਼ਤ ਕਦਮ ਚੁੱਕੇ ਜਾਣਗੇ। ਮੀਟਿੰਗ ਵਿੱਚ ਵਿਧਾਇਕ ਗੁਰਪ੍ਰੀਤ ਸਿੰਘ ਬਨਾਵਾਲਾ, ਪ੍ਰਿੰਸੀਪਲ ਬੁੱਧ ਰਾਮ ਅਤੇ ਡਾ. ਵਿਜੈ ਸਿੰਗਲਾ, ਡੀਸੀ ਨਵਜੋਤ ਕੌਰ, ਐੱਸਐੱਸਪੀ ਵੈਭਵ ਚੌਧਰੀ ਸਮੇਤ ਜ਼ਿਲ੍ਹਾ ਪ੍ਰਸ਼ਾਸਨ ਅਤੇ ਪੁਲਿਸ ਵਿਭਾਗ ਦੇ ਕਈ ਅਧਿਕਾਰੀ ਮੌਜੂਦ ਰਹੇ।
ਹਿੰਦੂਸਥਾਨ ਸਮਾਚਾਰ / GURSHARAN SINGH