
ਚੰਡੀਗੜ੍ਹ, 08 ਸਤੰਬਰ (ਹਿੰ.ਸ.)| ਸੀਨੀਅਰ ਕਾਂਗਰਸੀ ਆਗੂ ਅਤੇ ਸਾਬਕਾ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਕਾਂਗਰਸ ਭਵਨ ਵਿਖੇ ਆਮ ਆਦਮੀ ਪਾਰਟੀ ਸਰਕਾਰ ਖ਼ਿਲਾਫ਼ ਕੀਤੇ ਰੋਸ ਪ੍ਰਦਰਸ਼ਨ ਵਿੱਚ ਸ਼ਮੂਲੀਅਤ ਕਰਦਿਆਂ ਸਰਕਾਰ ਦੀ ਕਾਰਗੁਜ਼ਾਰੀ ’ਤੇ ਤਿੱਖੇ ਸਵਾਲ ਚੁੱਕੇ। ਉਨ੍ਹਾਂ ਕਿਹਾ ਕਿ ਬਦਲਾਅ ਦੀ ਉਮੀਦ ਨਾਲ ‘ਆਪ’ ਨੂੰ ਸੱਤਾ ਸੌਂਪਣ ਵਾਲੇ ਲੋਕ ਅੱਜ ਆਪਣੇ ਹੱਕਾਂ ਲਈ ਸੜਕਾਂ ’ਤੇ ਉਤਰਨ ਲਈ ਮਜਬੂਰ ਹਨ।
ਸਿੱਧੂ ਨੇ ਦਾਅਵਾ ਕੀਤਾ ਕਿ ਸਾਲ 2024 ਵਿੱਚ ਪੰਜਾਬ ਅੰਦਰ 8,973 ਐਨਡੀਪੀਐਸ ਮਾਮਲੇ ਦਰਜ ਹੋਏ ਅਤੇ ਨਸ਼ਾ ਤਸਕਰੀ ਦੇ ਮਾਮਲਿਆਂ ਵਿੱਚ ਸੂਬਾ ਦੇਸ਼ ਵਿੱਚ ਪਹਿਲੇ ਸਥਾਨ ’ਤੇ ਰਿਹਾ। ਉਨ੍ਹਾਂ ਸਵਾਲ ਕੀਤਾ ਕਿ ਨਸ਼ਾ ਮੁਕਤੀ ਦੇ ਦਾਅਵਿਆਂ ਦੇ ਬਾਵਜੂਦ ਨੌਜਵਾਨ ਨਸ਼ਿਆਂ ਦੀ ਦਲਦਲ ਵਿੱਚ ਕਿਉਂ ਫਸ ਰਹੇ ਹਨ। ਉਨ੍ਹਾਂ ਨੌਜਵਾਨਾਂ ਦੀ ਬੇਰੁਜ਼ਗਾਰੀ ਦਰ 22.3 ਫ਼ੀਸਦੀ ਹੋਣ ਦਾ ਹਵਾਲਾ ਦਿੰਦਿਆਂ ਸਰਕਾਰ ’ਤੇ ਇਸ਼ਤਿਹਾਰਾਂ ਰਾਹੀਂ ਪ੍ਰਾਪਤੀਆਂ ਦਿਖਾਉਣ ਦਾ ਦੋਸ਼ ਲਾਇਆ।
ਸਿੱਧੂ ਨੇ ਕਿਹਾ ਕਿ ‘ਆਪ’ ਸੰਸਦ ਮੈਂਬਰ ਮਾਲਵਿੰਦਰ ਸਿੰਘ ਕੰਗ ਵੱਲੋਂ ਜੀਐਮਏਡੀਏ ਨੂੰ “ਲੁੱਟ ਦਾ ਕੇਂਦਰ” ਕਹਿਣਾ ਸਰਕਾਰੀ ਪ੍ਰਬੰਧ ’ਤੇ ਗੰਭੀਰ ਸਵਾਲ ਖੜ੍ਹੇ ਕਰਦਾ ਹੈ। ਉਨ੍ਹਾਂ ਪਿਛਲੇ ਕਰੀਬ 18 ਮਹੀਨਿਆਂ ਦੌਰਾਨ ਪੁਲਿਸ ਠਿਕਾਣਿਆਂ ਨੂੰ ਨਿਸ਼ਾਨਾ ਬਣਾਉਂਦੇ ਘੱਟੋ-ਘੱਟ 10 ਗ੍ਰਨੇਡ ਧਮਾਕਿਆਂ ਦਾ ਹਵਾਲਾ ਦਿੰਦਿਆਂ ਕਿਹਾ ਕਿ ਲੋਕਾਂ ਨੂੰ ਭਾਸ਼ਣਾਂ ਨਹੀਂ, ਅਸਲ ਸੁਰੱਖਿਆ ਦੀ ਲੋੜ ਹੈ।
ਸਿੱਧੂ ਨੇ ਦਾਅਵਾ ਕੀਤਾ ਕਿ ਮਾਰਚ 2027 ਤੱਕ ਪੰਜਾਬ ਦਾ ਕਰਜ਼ਾ 4.47 ਲੱਖ ਕਰੋੜ ਰੁਪਏ ਤੱਕ ਪਹੁੰਚ ਸਕਦਾ ਹੈ ਅਤੇ ਇਸ ਸਾਲ ਲਗਭਗ 28,755 ਕਰੋੜ ਰੁਪਏ ਵਿਆਜ ਵਿੱਚ ਜਾਣ ਦਾ ਅਨੁਮਾਨ ਹੈ। ਉਨ੍ਹਾਂ ਸ਼ੇਰੋਂ ਪਿੰਡ ਵਿੱਚ ਨਸ਼ਿਆਂ ਖ਼ਿਲਾਫ਼ ਆਵਾਜ਼ ਚੁੱਕਣ ਵਾਲੇ ਨੌਜਵਾਨ ਨਾਲ ਕਥਿਤ ਬੇਰਹਿਮੀ ਦੀ ਨਿੰਦਾ ਕੀਤੀ।
ਪੰਜ ਕਰੋੜ ਰੁਪਏ ਦੀ ਕਥਿਤ ਮੰਗ ਨਾਲ ਜੁੜੇ ਮਾਮਲੇ ਬਾਰੇ ਉਨ੍ਹਾਂ ਨਿਰਪੱਖ ਜਾਂਚ ਅਤੇ ਦੋਸ਼ ਸਾਬਤ ਹੋਣ ’ਤੇ ਸਖ਼ਤ ਕਾਨੂੰਨੀ ਕਾਰਵਾਈ ਦੀ ਮੰਗ ਕੀਤੀ। ਸਿੱਧੂ ਨੇ ਕਿਹਾ ਕਿ ਕਾਂਗਰਸ ਲੋਕਾਂ ਦੇ ਹੱਕਾਂ ਅਤੇ ਸਰਕਾਰ ਦੀਆਂ ਨਾਕਾਮੀਆਂ ਖ਼ਿਲਾਫ਼ ਆਪਣੀ ਆਵਾਜ਼ ਬੁਲੰਦ ਕਰਦੀ ਰਹੇਗੀ।
ਹਿੰਦੂਸਥਾਨ ਸਮਾਚਾਰ / GURSHARAN SINGH