
ਪਟਿਆਲਾ, 08 ਸਤੰਬਰ (ਹਿੰ.ਸ.)| ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ 10 ਦਿਨਾਂ ਦੇ ‘ਮਿਸ਼ਨ ਕਲੀਨ ਪੰਜਾਬ’ ਤਹਿਤ ਪਟਿਆਲਾ ਸ਼ਹਿਰ ਵਿੱਚ ਸਫਾਈ ਅਤੇ ਲੋਕ ਜਾਗਰੂਕਤਾ ਮੁਹਿੰਮ ਨੂੰ ਤੇਜ਼ ਕੀਤਾ ਗਿਆ ਹੈ। ਇਸ ਦੌਰਾਨ ਵਿਧਾਇਕ ਅਜੀਤਪਾਲ ਸਿੰਘ ਕੋਹਲੀ, ਨਗਰ ਨਿਗਮ ਦੇ ਮੇਅਰ ਕੁੰਦਨ ਗੋਗੀਆ ਅਤੇ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੀ ਚੇਅਰਪਰਸਨ ਰੀਨਾ ਗੁਪਤਾ ਨੇ ਲੋਕਾਂ ਨੂੰ ਸ਼ਹਿਰ ਦੀ ਸਫਾਈ ਬਣਾਈ ਰੱਖਣ ਲਈ ਪ੍ਰਸ਼ਾਸਨ ਨਾਲ ਸਹਿਯੋਗ ਕਰਨ ਦੀ ਅਪੀਲ ਕੀਤੀ।
ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਕਿਹਾ ਕਿ ਸਾਫ਼-ਸੁਥਰਾ ਸ਼ਹਿਰ ਬਣਾਉਣਾ ਕੇਵਲ ਸਰਕਾਰੀ ਵਿਭਾਗਾਂ ਦੀ ਜ਼ਿੰਮੇਵਾਰੀ ਨਹੀਂ ਹੈ, ਬਲਕਿ ਇਸ ਵਿੱਚ ਹਰੇਕ ਨਾਗਰਿਕ ਦੀ ਬਰਾਬਰ ਦੀ ਭੂਮਿਕਾ ਹੈ। ਉਨ੍ਹਾਂ ਕਿਹਾ ਕਿ ਜੇਕਰ ਲੋਕ ਆਪਣੇ ਘਰਾਂ ਅਤੇ ਆਲੇ-ਦੁਆਲੇ ਦੀ ਸਫਾਈ ਦੇ ਨਾਲ-ਨਾਲ ਕੂੜੇ ਨੂੰ ਸਹੀ ਥਾਂ ’ਤੇ ਸੁੱਟਣ ਦੀ ਆਦਤ ਬਣਾਉਣ ਤਾਂ ਸ਼ਹਿਰ ਨੂੰ ਸਾਫ਼ ਰੱਖਣ ਦੇ ਯਤਨਾਂ ਨੂੰ ਹੋਰ ਮਜ਼ਬੂਤੀ ਮਿਲ ਸਕਦੀ ਹੈ।
ਮੇਅਰ ਕੁੰਦਨ ਗੋਗੀਆ ਨੇ ਦੱਸਿਆ ਕਿ ਨਗਰ ਨਿਗਮ ਵੱਲੋਂ ਸ਼ਹਿਰ ਵਿੱਚ ਕੂੜਾ ਇਕੱਠਾ ਕਰਨ ਲਈ ਵੱਖ-ਵੱਖ ਨਿਰਧਾਰਤ ਪੁਆਇੰਟ ਬਣਾਏ ਗਏ ਹਨ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਸੜਕਾਂ, ਗਲੀਆਂ ਜਾਂ ਜਨਤਕ ਥਾਵਾਂ ’ਤੇ ਕੂੜਾ ਸੁੱਟਣ ਦੀ ਬਜਾਏ ਇਨ੍ਹਾਂ ਨਿਰਧਾਰਤ ਸਥਾਨਾਂ ਦੀ ਵਰਤੋਂ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਚਲਾਈ ਜਾ ਰਹੀ ਮੁਹਿੰਮ ਦਾ ਮਕਸਦ ਲੋਕਾਂ ਨੂੰ ਸਫਾਈ ਨਾਲ ਜੋੜ ਕੇ ਇਸ ਨੂੰ ਰੋਜ਼ਾਨਾ ਜੀਵਨ ਦਾ ਹਿੱਸਾ ਬਣਾਉਣਾ ਹੈ।
ਪੀਪੀਸੀਬੀ ਦੀ ਚੇਅਰਪਰਸਨ ਰੀਨਾ ਗੁਪਤਾ ਨੇ ਕਿਹਾ ਕਿ ਵਾਤਾਵਰਣ ਦੀ ਸੁਰੱਖਿਆ ਅਤੇ ਸ਼ਹਿਰ ਦੀ ਸਫਾਈ ਲਈ ਨਿਯਮਾਂ ਦੀ ਪਾਲਣਾ ਕਰਨਾ ਜ਼ਰੂਰੀ ਹੈ। ਉਨ੍ਹਾਂ ਚਿਤਾਵਨੀ ਦਿੱਤੀ ਕਿ ਪਲਾਸਟਿਕ ਦੀ ਦੁਰਵਰਤੋਂ ਕਰਨ ਅਤੇ ਸਫਾਈ ਸਬੰਧੀ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਕਾਰਵਾਈ ਕੀਤੀ ਜਾਵੇਗੀ। ਨਿਯਮਾਂ ਦੀ ਉਲੰਘਣਾ ਕਰਨ ਵਾਲੇ ਰੇਹੜੀ-ਫੜ੍ਹੀ ਵਾਲਿਆਂ ਦੇ ਚਲਾਨ ਵੀ ਕੀਤੇ ਜਾਣਗੇ।
ਇਸ ਮੌਕੇ ਵਧੀਕ ਕਮਿਸ਼ਨਰ ਸਿਮਰਪ੍ਰੀਤ ਕੌਰ, ਐਮਸੀ ਹਰਮਨ ਸੰਧੂ, ਜਗਤਾਰ ਜੱਗੀ, ਸੋਨੀਆ ਦਾਸ, ਸਟੇਟ ਜੁਆਇੰਟ ਸੈਕਟਰੀ ਵੂਮੈਨ ਵਿੰਗ ਮੋਨਿਕਾ ਸ਼ਰਮਾ, ਰਜਿੰਦਰ ਮੋਹਨ, ਵਾਰਡ ਨੰਬਰ 58 ਤੋਂ ਬਲਵਿੰਦਰ ਸਿੰਘ ਸਿੱਧੂ, ਵਾਰਡ ਨੰਬਰ 59 ਦੇ ਇੰਚਾਰਜ ਘੁੰਮਣ ਸਿੰਘ ਫੌਜੀ ਅਤੇ ਵਾਰਡ ਨੰਬਰ 60 ਦੇ ਇੰਚਾਰਜ ਰੁਪਿੰਦਰ ਸਿੰਘ ਕੋਚ ਸਮੇਤ ਹੋਰ ਪਤਵੰਤੇ ਮੌਜੂਦ ਰਹੇ।
ਹਿੰਦੂਸਥਾਨ ਸਮਾਚਾਰ / GURSHARAN SINGH