
ਚੰਡੀਗੜ੍ਹ, 08 ਸਤੰਬਰ (ਹਿੰ.ਸ.)| ਗੁਲਜ਼ਾਰ ਸਿੰਘ ਦੀ ਮੌਤ ਅਤੇ ਸੰਗਰੂਰ ਨਾਲ ਸਬੰਧਤ ਇੱਕ ਹੋਰ ਮਾਮਲੇ ਵਿੱਚ ਨਿਰਪੱਖ ਜਾਂਚ ਦੀ ਮੰਗ ਨੂੰ ਲੈ ਕੇ ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਦੀ ਅਗਵਾਈ ਹੇਠ ਪਾਰਟੀ ਦੇ ਵਫ਼ਦ ਨੇ ਮੰਗਲਵਾਰ ਨੂੰ ਪੰਜਾਬ ਦੇ ਰਾਜਪਾਲ ਨਾਲ ਮੁਲਾਕਾਤ ਕੀਤੀ। ਵਫ਼ਦ ਨੇ ਰਾਜਪਾਲ ਨੂੰ ਮੰਗ ਪੱਤਰ ਸੌਂਪਦਿਆਂ ਦੋਵਾਂ ਮਾਮਲਿਆਂ ਦੀ ਸੁਤੰਤਰ ਜਾਂਚ ਲਈ ਸੀਬੀਆਈ ਜਾਂਚ ਦੀ ਮੰਗ ਕੀਤੀ।
ਭਾਜਪਾ ਆਗੂਆਂ ਨੇ ਤੂਰ ਬੰਜਾਰਾ ਪਿੰਡ ਦੇ ਵਸਨੀਕ ਗੁਲਜ਼ਾਰ ਸਿੰਘ ਦੀ ਮੌਤ ਅਤੇ ਨਸ਼ਾ ਵਿਰੋਧੀ ਕਾਰਕੁਨ ਮੋਹਨਜੀਤ ਸਿੰਘ ਵੱਲੋਂ ਪੁਲਿਸ ਹਿਰਾਸਤ ਦੌਰਾਨ ਕਥਿਤ ਤਸ਼ੱਦਦ ਦੇ ਲਗਾਏ ਗਏ ਦੋਸ਼ਾਂ ਨੂੰ ਰਾਜਪਾਲ ਦੇ ਧਿਆਨ ਵਿੱਚ ਲਿਆਂਦਾ। ਪਾਰਟੀ ਨੇ ਦੋਸ਼ ਲਾਇਆ ਕਿ ਦੋਵਾਂ ਮਾਮਲਿਆਂ ਵਿੱਚ ਸੱਚਾਈ ਸਾਹਮਣੇ ਲਿਆਉਣ ਲਈ ਨਿਰਪੱਖ ਜਾਂਚ ਜ਼ਰੂਰੀ ਹੈ।
ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਗੁਲਜ਼ਾਰ ਸਿੰਘ ਨੇ ਵਿੱਤ ਮੰਤਰੀ ਦੀ ਲੋਕ ਮਿਲਣੀ ਦੌਰਾਨ ਆਪਣੇ ਇਲਾਕੇ ਵਿੱਚ ਕਥਿਤ ਤੌਰ ’ਤੇ ਖੁੱਲ੍ਹੇਆਮ ਵਿਕ ਰਹੇ ‘ਚਿੱਟੇ’ ਦਾ ਮੁੱਦਾ ਚੁੱਕਿਆ ਸੀ ਅਤੇ ਨਸ਼ਿਆਂ ਖ਼ਿਲਾਫ਼ ਕਾਰਵਾਈ ਦੀ ਮੰਗ ਕੀਤੀ ਸੀ। ਭਾਜਪਾ ਮੁਤਾਬਕ, ਮੌਤ ਤੋਂ ਪਹਿਲਾਂ ਬਣਾਈ ਗਈ ਇੱਕ ਵੀਡੀਓ ਵਿੱਚ ਗੁਲਜ਼ਾਰ ਸਿੰਘ ਨੇ ਕੁਝ ਵਿਅਕਤੀਆਂ ਦੇ ਨਾਮ ਲੈਂਦਿਆਂ ਉਨ੍ਹਾਂ ’ਤੇ ਆਪਣੇ ਨਾਲ ਵਾਪਰੀਆਂ ਘਟਨਾਵਾਂ ਲਈ ਜ਼ਿੰਮੇਵਾਰ ਹੋਣ ਦੇ ਦੋਸ਼ ਲਗਾਏ ਸਨ।
ਭਾਜਪਾ ਨੇ ਮੰਗ ਕੀਤੀ ਕਿ ਗੁਲਜ਼ਾਰ ਸਿੰਘ ਦੀ ਮੌਤ ਨੂੰ ਸਿਰਫ਼ ਖੁਦਕੁਸ਼ੀ ਦਾ ਮਾਮਲਾ ਮੰਨ ਕੇ ਜਾਂਚ ਸੀਮਤ ਨਾ ਕੀਤੀ ਜਾਵੇ, ਸਗੋਂ ਉਸ ਵੱਲੋਂ ਲਗਾਏ ਗਏ ਦੋਸ਼ਾਂ ਦੀ ਵੀ ਕਾਨੂੰਨ ਅਨੁਸਾਰ ਜਾਂਚ ਕੀਤੀ ਜਾਵੇ। ਪਾਰਟੀ ਨੇ ਵੀਡੀਓ ਰਿਕਾਰਡਿੰਗ, ਸੰਬੰਧਿਤ ਸੰਚਾਰ ਅਤੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਸਮੇਤ ਸਾਰੇ ਸਬੂਤ ਸੁਰੱਖਿਅਤ ਰੱਖਣ ਦੀ ਮੰਗ ਕੀਤੀ।
ਮੋਹਨਜੀਤ ਸਿੰਘ ਦੇ ਮਾਮਲੇ ਵਿੱਚ ਭਾਜਪਾ ਨੇ ਦੋਸ਼ ਲਗਾਇਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਸੰਗਰੂਰ ਫੇਰੀ ਦੌਰਾਨ ਨਸ਼ਿਆਂ ਦੇ ਮੁੱਦੇ ’ਤੇ ਪ੍ਰਦਰਸ਼ਨ ਤੋਂ ਬਾਅਦ ਉਸ ਨੂੰ ਹਿਰਾਸਤ ਵਿੱਚ ਲਿਆ ਗਿਆ ਸੀ। ਪਾਰਟੀ ਮੁਤਾਬਕ, ਬਾਅਦ ਵਿੱਚ ਮੋਹਨਜੀਤ ਸਿੰਘ ਨੇ ਪੁਲਿਸ ਹਿਰਾਸਤ ਦੌਰਾਨ ਸਰੀਰਕ ਦੁਰਵਿਵਹਾਰ ਅਤੇ ਕਥਿਤ ਤਸ਼ੱਦਦ ਦੇ ਦੋਸ਼ ਲਗਾਏ ਸਨ।
ਵਫ਼ਦ ਨੇ ਮਾਮਲੇ ਵਿੱਚ ਮੈਡੀਕਲ ਰਿਕਾਰਡ, ਸੀਸੀਟੀਵੀ ਫੁਟੇਜ, ਥਾਣਾ ਰਿਕਾਰਡ, ਡਿਊਟੀ ਰੋਸਟਰ ਅਤੇ ਪੁਲਿਸ ਅਧਿਕਾਰੀਆਂ ਵਿਚਕਾਰ ਹੋਏ ਸੰਚਾਰ ਸਮੇਤ ਸਾਰੇ ਸਬੰਧਤ ਰਿਕਾਰਡ ਤੁਰੰਤ ਸੁਰੱਖਿਅਤ ਕਰਨ ਦੀ ਮੰਗ ਕੀਤੀ।
ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਇਹ ਦੋਵੇਂ ਮਾਮਲੇ ਪੁਲਿਸ ਦੀ ਜਵਾਬਦੇਹੀ, ਸੰਵਿਧਾਨਕ ਅਧਿਕਾਰਾਂ ਅਤੇ ਕਾਨੂੰਨ ਦੇ ਰਾਜ ਨਾਲ ਜੁੜੇ ਗੰਭੀਰ ਸਵਾਲ ਖੜ੍ਹੇ ਕਰਦੇ ਹਨ। ਉਨ੍ਹਾਂ ਰਾਜਪਾਲ ਨੂੰ ਅਪੀਲ ਕੀਤੀ ਕਿ ਨਿਆਂ ਅਤੇ ਨਿਰਪੱਖਤਾ ਯਕੀਨੀ ਬਣਾਉਣ ਲਈ ਦੋਵਾਂ ਮਾਮਲਿਆਂ ਦੀ ਸੀਬੀਆਈ ਜਾਂਚ ਕਰਵਾਈ ਜਾਵੇ। ਭਾਜਪਾ ਨੇ ਐਲਾਨ ਕੀਤਾ ਕਿ ਇਨ੍ਹਾਂ ਮਾਮਲਿਆਂ ਨੂੰ ਲੈ ਕੇ ਬੁੱਧਵਾਰ ਨੂੰ ਪੰਜਾਬ ਭਰ ਵਿੱਚ ਸੜਕਾਂ ’ਤੇ ਉਤਰ ਕੇ ਪ੍ਰਦਰਸ਼ਨ ਕੀਤੇ ਜਾਣਗੇ।
ਹਿੰਦੂਸਥਾਨ ਸਮਾਚਾਰ / GURSHARAN SINGH