ਹਿਮਾਚਲ ਦੇ ਬੋਰਡਿੰਗ ਸਕੂਲ ’ਚ ਸਿੱਖ ਬੱਚੇ ਨਾਲ ਰੈਗਿੰਗ ਦੀ ਘਟਨਾ ਮੰਦਭਾਗੀ: ਐਡਵੋਕੇਟ ਧਾਮੀ
ਅੰਮ੍ਰਿਤਸਰ, 08 ਸਤੰਬਰ (ਹਿੰ.ਸ.)| ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਹਿਮਾਚਲ ਪ੍ਰਦੇਸ਼ ਦੇ ਸੋਲਨ ਜ਼ਿਲ੍ਹੇ ਦੇ ਇੱਕ ਨਿੱਜੀ ਬੋਰਡਿੰਗ ਸਕੂਲ ਵਿੱਚ ਸਿੱਖ ਬੱਚੇ ਨਾਲ ਹੋਈ ਰੈਗਿੰਗ ਦੀ ਘਟਨਾ ਦੀ ਸਖ਼ਤ ਨਿੰਦਾ ਕਰਦਿਆਂ ਕਿਹਾ ਕਿ ਸਿੱਖਿਆ ਸੰਸਥਾ ਵਿੱਚ ਕਿਸੇ ਵੀ ਬ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ


ਅੰਮ੍ਰਿਤਸਰ, 08 ਸਤੰਬਰ (ਹਿੰ.ਸ.)| ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਹਿਮਾਚਲ ਪ੍ਰਦੇਸ਼ ਦੇ ਸੋਲਨ ਜ਼ਿਲ੍ਹੇ ਦੇ ਇੱਕ ਨਿੱਜੀ ਬੋਰਡਿੰਗ ਸਕੂਲ ਵਿੱਚ ਸਿੱਖ ਬੱਚੇ ਨਾਲ ਹੋਈ ਰੈਗਿੰਗ ਦੀ ਘਟਨਾ ਦੀ ਸਖ਼ਤ ਨਿੰਦਾ ਕਰਦਿਆਂ ਕਿਹਾ ਕਿ ਸਿੱਖਿਆ ਸੰਸਥਾ ਵਿੱਚ ਕਿਸੇ ਵੀ ਬੱਚੇ ਨਾਲ ਇਸ ਤਰ੍ਹਾਂ ਦਾ ਵਿਵਹਾਰ ਬੇਹੱਦ ਮੰਦਭਾਗਾ ਹੈ ਅਤੇ ਅਜਿਹੀਆਂ ਘਟਨਾਵਾਂ ਬੱਚਿਆਂ ਦੀ ਮਾਨਸਿਕ ਸਿਹਤ ਅਤੇ ਭਵਿੱਖ ਉੱਤੇ ਬੁਰਾ ਪ੍ਰਭਾਵ ਪਾ ਸਕਦੀਆਂ ਹਨ।

ਐਡਵੋਕੇਟ ਧਾਮੀ ਨੇ ਕਿਹਾ ਕਿ ਬੱਚਿਆਂ ਦੀ ਸੁਰੱਖਿਆ ਅਤੇ ਉਨ੍ਹਾਂ ਲਈ ਸੁਖਾਵਾਂ ਤੇ ਸਨਮਾਨਜਨਕ ਵਾਤਾਵਰਨ ਮੁਹੱਈਆ ਕਰਵਾਉਣਾ ਸਕੂਲ ਪ੍ਰਬੰਧਕਾਂ ਦੀ ਮੁੱਢਲੀ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਰੈਗਿੰਗ ਕਿਸੇ ਵੀ ਰੂਪ ਵਿੱਚ ਬਰਦਾਸ਼ਤ ਨਹੀਂ ਕੀਤੀ ਜਾ ਸਕਦੀ ਅਤੇ ਸਿੱਖਿਆ ਸੰਸਥਾਵਾਂ ਨੂੰ ਇਸ ਪ੍ਰਤੀ ਸੰਜੀਦਾ ਹੋਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਇਸ ਘਟਨਾ ਸਬੰਧੀ ਸਾਹਮਣੇ ਆਈ ਵੀਡੀਓ ਨੇ ਹਰ ਸੰਵੇਦਨਸ਼ੀਲ ਵਿਅਕਤੀ ਨੂੰ ਚਿੰਤਤ ਕੀਤਾ ਹੈ। ਉਨ੍ਹਾਂ ਕਿਹਾ ਕਿ ਬੱਚੇ ਦੀ ਇੱਜ਼ਤ ਅਤੇ ਭਵਿੱਖ ਨੂੰ ਧਿਆਨ ਵਿੱਚ ਰੱਖਦਿਆਂ ਸਾਰਿਆਂ ਨੂੰ ਜ਼ਿੰਮੇਵਾਰੀ ਨਾਲ ਵਿਵਹਾਰ ਕਰਨਾ ਚਾਹੀਦਾ ਹੈ।

ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਪਰਿਵਾਰ ਵੱਲੋਂ ਕੀਤੀ ਗਈ ਸ਼ਿਕਾਇਤ ਉਪਰੰਤ ਹਿਮਾਚਲ ਪ੍ਰਦੇਸ਼ ਪੁਲਿਸ ਵੱਲੋਂ ਮਾਮਲੇ ਵਿੱਚ ਕਾਰਵਾਈ ਸ਼ੁਰੂ ਕਰਨਾ ਸਵਾਗਤਯੋਗ ਹੈ, ਪਰੰਤੂ ਇਸ ਘਟਨਾ ਦੀ ਨਿਰਪੱਖ ਜਾਂਚ ਕਰਕੇ ਸਾਰੇ ਜ਼ਿੰਮੇਵਾਰ ਵਿਅਕਤੀਆਂ ਵਿਰੁੱਧ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਹੋਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਸਿਰਫ਼ ਰੈਗਿੰਗ ਕਰਨ ਵਾਲੇ ਵਿਦਿਆਰਥੀਆਂ ਦੀ ਜ਼ਿੰਮੇਵਾਰੀ ਤੈਅ ਕਰਨਾ ਹੀ ਕਾਫ਼ੀ ਨਹੀਂ, ਸਗੋਂ ਇਹ ਵੀ ਜਾਂਚਿਆ ਜਾਣਾ ਚਾਹੀਦਾ ਹੈ ਕਿ ਸਕੂਲ ਪ੍ਰਸ਼ਾਸਨ ਵੱਲੋਂ ਸਮੇਂ ਸਿਰ ਲੋੜੀਂਦੇ ਕਦਮ ਕਿਉਂ ਨਹੀਂ ਚੁੱਕੇ ਗਏ। ਉਨ੍ਹਾਂ ਕਿਹਾ ਕਿ ਇਸ ਦੇ ਨਾਲ ਹੀ ਸਕੂਲ ਪ੍ਰਿੰਸੀਪਲ ਵਿਰੁੱਧ ਵੀ ਪਰਚਾ ਦਰਜ ਹੋਣਾ ਚਾਹੀਦਾ ਹੈ।

ਉਨ੍ਹਾਂ ਸਪੱਸ਼ਟ ਸ਼ਬਦਾਂ ਵਿਚ ਆਖਿਆ ਕਿ ਕਿਸੇ ਵੀ ਵਿਦਿਆਰਥੀ ਨੂੰ ਰੈਗਿੰਗ ਵਰਗੀ ਘਟੀਆ ਹਰਕਤ ਨਾਲ ਪ੍ਰੇਸ਼ਾਨ ਕਰਨਾ ਗ਼ਲਤ ਹੈ ਅਤੇ ਖ਼ਾਸ ਕਰਕੇ ਸਿੱਖ ਬੱਚਿਆਂ ਨੂੰ ਨਿਸ਼ਾਨੇ ’ਤੇ ਲੈਣਾ ਕਿਸੇ ਤਰ੍ਹਾਂ ਪ੍ਰਵਾਨ ਨਹੀਂ ਕੀਤਾ ਜਾ ਸਕਦਾ। ਐਡਵੋਕੇਟ ਧਾਮੀ ਨੇ ਹਿਮਾਚਲ ਪ੍ਰਦੇਸ਼ ਸਰਕਾਰ ਅਤੇ ਸਕੂਲ ਪ੍ਰਬੰਧਨ ਤੋਂ ਮੰਗ ਕੀਤੀ ਕਿ ਮਾਮਲੇ ਦੀ ਨਿਰਪੱਖ ਜਾਂਚ ਕਰਵਾ ਕੇ ਦੋਸ਼ੀਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇ ਅਤੇ ਭਵਿੱਖ ਵਿੱਚ ਅਜਿਹੀਆਂ ਘਟਨਾਵਾਂ ਮੁੜ ਨਾ ਵਾਪਰਨ ਲਈ ਬੋਰਡਿੰਗ ਸਕੂਲਾਂ ਵਿੱਚ ਵਿਦਿਆਰਥੀਆਂ ਦੀ ਸੁਰੱਖਿਆ ਅਤੇ ਰੈਗਿੰਗ ਰੋਕਣ ਦੇ ਪ੍ਰਬੰਧ ਹੋਰ ਮਜ਼ਬੂਤ ਕੀਤੇ ਜਾਣ। ਉਨ੍ਹਾਂ ਸਮੂਹ ਮਾਪਿਆਂ ਨੂੰ ਅਪੀਲ ਕੀਤੀ ਕਿ ਹਰ ਸਕੂਲ ਵਿਚ ਇਹ ਗੱਲ ਦ੍ਰਿੜ੍ਹਤਾ ਨਾਲ ਰੱਖਣ ਕਿ ਬੱਚਿਆਂ ਪ੍ਰਤੀ ਅਜਿਹਾ ਵਰਤਾਰਾ ਕਦੇ ਨਾ ਵਾਪਰੇ ਅਤੇ ਸਕੂਲ ਪ੍ਰਬੰਧਕ ਆਪਣੀ ਜ਼ੁੰਮੇਵਾਰੀ ਸੁਚੇਤ ਹੋ ਕੇ ਨਿਭਾਉਣ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande