ਹਿਮਾਚਲ ਪ੍ਰਦੇਸ਼ ਦੇ ਬੋਰਡਿੰਗ ਸਕੂਲ ’ਚ ਸਿੱਖ ਬੱਚੇ ਨਾਲ ਹੋਈ ਰੈਗਿੰਗ ’ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵੱਲੋਂ ਸਖ਼ਤ ਨਿੰਦਾ
ਅੰਮ੍ਰਿਤਸਰ, 08 ਸਤੰਬਰ (ਹਿੰ.ਸ.)|ਹਿਮਾਚਲ ਪ੍ਰਦੇਸ਼ ਦੇ ਸੋਲਨ ਜ਼ਿਲ੍ਹੇ ਦੇ ਇੱਕ ਬੋਰਡਿੰਗ ਸਕੂਲ ਵਿੱਚ ਸਿੱਖ ਬੱਚੇ ਨਾਲ ਰੈਗਿੰਗ ਦਾ ਮਾਮਲਾ ਸਾਹਮਣੇ ਆਉਣ ਤੋਂ ਬਾਅਦ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਘਟਨਾ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕੀਤੀ ਹੈ। ਜਥੇਦ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ


ਅੰਮ੍ਰਿਤਸਰ, 08 ਸਤੰਬਰ (ਹਿੰ.ਸ.)|ਹਿਮਾਚਲ ਪ੍ਰਦੇਸ਼ ਦੇ ਸੋਲਨ ਜ਼ਿਲ੍ਹੇ ਦੇ ਇੱਕ ਬੋਰਡਿੰਗ ਸਕੂਲ ਵਿੱਚ ਸਿੱਖ ਬੱਚੇ ਨਾਲ ਰੈਗਿੰਗ ਦਾ ਮਾਮਲਾ ਸਾਹਮਣੇ ਆਉਣ ਤੋਂ ਬਾਅਦ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਘਟਨਾ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕੀਤੀ ਹੈ। ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਇਹ ਬੇਹੱਦ ਮੰਦਭਾਗੀ ਘਟਨਾ ਹੈ ਕਿ ਸਕੂਲ ਵਿੱਚ ਪੜ੍ਹ ਰਹੇ ਇੱਕ ਸਿੱਖ ਬੱਚੇ ਨਾਲ ਉਸੇ ਸਕੂਲ ਦੇ ਹੋਰ ਬੱਚਿਆਂ ਵੱਲੋਂ ਇਸ ਤਰ੍ਹਾਂ ਦਾ ਵਿਵਹਾਰ ਕੀਤਾ ਗਿਆ। ਉਨ੍ਹਾਂ ਕਿਹਾ ਕਿ ਸਕੂਲ ਵਿੱਚ ਬੱਚਿਆਂ ਦੀ ਸੁਰੱਖਿਆ ਅਤੇ ਅਨੁਸ਼ਾਸਨ ਬਣਾਈ ਰੱਖਣ ਦੀ ਪੂਰੀ ਜ਼ਿੰਮੇਵਾਰੀ ਸਕੂਲ ਪ੍ਰਸ਼ਾਸਨ ਦੀ ਹੁੰਦੀ ਹੈ ਅਤੇ ਕਿਸੇ ਵੀ ਬੱਚੇ ਨਾਲ ਅਜਿਹਾ ਵਿਵਹਾਰ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ।

ਜਥੇਦਾਰ ਨੇ ਦੱਸਿਆ ਕਿ ਉਨ੍ਹਾਂ ਨੇ ਪੀੜਤ ਸਿੱਖ ਬੱਚੇ ਅਤੇ ਉਸ ਦੇ ਪਰਿਵਾਰ ਨਾਲ ਗੱਲਬਾਤ ਕੀਤੀ ਹੈ। ਉਨ੍ਹਾਂ ਪਰਿਵਾਰ ਨੂੰ ਚੜ੍ਹਦੀ ਕਲਾ ਵਿੱਚ ਰਹਿਣ ਦਾ ਸੰਦੇਸ਼ ਦਿੰਦਿਆਂ ਭਰੋਸਾ ਦਿੱਤਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਇਸ ਮੁਸ਼ਕਲ ਘੜੀ ਵਿੱਚ ਪਰਿਵਾਰ ਦੇ ਨਾਲ ਖੜ੍ਹਾ ਹੈ।

ਸੋਸ਼ਲ ਮੀਡੀਆ ’ਤੇ ਸਾਹਮਣੇ ਆਈ ਘਟਨਾ ਦੀ ਵੀਡੀਓ ਸਬੰਧੀ ਜਥੇਦਾਰ ਨੇ ਮੀਡੀਆ ਅਤੇ ਵੈੱਬ ਚੈਨਲਾਂ ਨੂੰ ਅਪੀਲ ਕੀਤੀ ਕਿ ਪਰਿਵਾਰ ਦੀਆਂ ਭਾਵਨਾਵਾਂ ਨੂੰ ਧਿਆਨ ਵਿੱਚ ਰੱਖਦਿਆਂ ਵੀਡੀਓ ਨੂੰ ਆਪਣੇ ਚੈਨਲਾਂ ’ਤੇ ਪ੍ਰਸਾਰਿਤ ਨਾ ਕੀਤਾ ਜਾਵੇ ਅਤੇ ਪੀੜਤ ਬੱਚੇ ਦੀ ਪਛਾਣ ਵੀ ਜਨਤਕ ਨਾ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਮਾਮਲਾ ਬੱਚੇ ਦੇ ਭਵਿੱਖ ਨਾਲ ਜੁੜਿਆ ਹੋਇਆ ਹੈ, ਇਸ ਲਈ ਉਸ ਦੀ ਪਛਾਣ ਦੀ ਗੁਪਤਤਾ ਕਾਇਮ ਰੱਖਣਾ ਬੇਹੱਦ ਜ਼ਰੂਰੀ ਹੈ।

ਜਥੇਦਾਰ ਨੇ ਦੱਸਿਆ ਕਿ ਪੀੜਤ ਬੱਚੇ ਦੇ ਪਰਿਵਾਰ ਵੱਲੋਂ ਕੀਤੀ ਗਈ ਸ਼ਿਕਾਇਤ ਤੋਂ ਬਾਅਦ ਹਿਮਾਚਲ ਪ੍ਰਦੇਸ਼ ਪੁਲਿਸ ਨੇ ਰੈਗਿੰਗ ਕਰਨ ਵਾਲੇ ਮੁਲਜ਼ਮਾਂ ਖ਼ਿਲਾਫ਼ ਸਖ਼ਤ ਧਾਰਾਵਾਂ ਤਹਿਤ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸਕੂਲ ਪ੍ਰਸ਼ਾਸਨ ਅਤੇ ਪ੍ਰਿੰਸੀਪਲ ਦੀ ਭੂਮਿਕਾ ’ਤੇ ਵੀ ਸਵਾਲ ਖੜ੍ਹੇ ਕੀਤੇ। ਉਨ੍ਹਾਂ ਮੁਤਾਬਕ ਬੱਚਿਆਂ ਦੇ ਮਾਪਿਆਂ ਵੱਲੋਂ ਸਕੂਲ ਪ੍ਰਿੰਸੀਪਲ ਖ਼ਿਲਾਫ਼ ਸ਼ਿਕਾਇਤਾਂ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਜਿਹੜਾ ਪ੍ਰਿੰਸੀਪਲ ਸਕੂਲ ਵਿੱਚ ਬੱਚਿਆਂ ਵਿਚਕਾਰ ਅਨੁਸ਼ਾਸਨ ਕਾਇਮ ਰੱਖਣ ਵਿੱਚ ਅਸਮਰੱਥ ਹੈ, ਉਸ ਦਾ ਅਹੁਦੇ ’ਤੇ ਬਣੇ ਰਹਿਣਾ ਠੀਕ ਨਹੀਂ ਹੈ।

ਇਸ ਮਾਮਲੇ ਨੂੰ ਲੈ ਕੇ ਜਥੇਦਾਰ ਨੇ ਸਕੂਲ ਪ੍ਰਸ਼ਾਸਨ ਨਾਲ ਗੱਲਬਾਤ ਕਰਦਿਆਂ ਪ੍ਰਿੰਸੀਪਲ ਨੂੰ ਤੁਰੰਤ ਬਦਲਣ ਲਈ ਕਿਹਾ ਹੈ। ਜਥੇਦਾਰ ਮੁਤਾਬਕ ਸਕੂਲ ਪ੍ਰਸ਼ਾਸਨ ਨੇ ਉਨ੍ਹਾਂ ਨੂੰ ਭਰੋਸਾ ਦਿੱਤਾ ਹੈ ਕਿ ਇੱਕ ਹਫ਼ਤੇ ਦੇ ਅੰਦਰ ਪ੍ਰਿੰਸੀਪਲ ਨੂੰ ਬਦਲ ਦਿੱਤਾ ਜਾਵੇਗਾ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande