
ਫਾਜ਼ਿਲਕਾ, 08 ਸਤੰਬਰ (ਹਿੰ.ਸ.)| ਫਾਜ਼ਿਲਕਾ ਦੇ ਵਿਧਾਇਕ ਨਰਿੰਦਰਪਾਲ ਸਿੰਘ ਸਵਨਾ ਵੱਲੋਂ ਆਪਣੇ ਦਫ਼ਤਰ ਵਿਖੇ ਲੋਕ ਮਿਲਣੀ ਕਰਵਾਈ ਗਈ, ਜਿਸ ਦੌਰਾਨ ਹਲਕੇ ਦੇ ਵੱਖ-ਵੱਖ ਪਿੰਡਾਂ ਅਤੇ ਸ਼ਹਿਰੀ ਇਲਾਕਿਆਂ ਤੋਂ ਵੱਡੀ ਗਿਣਤੀ ਵਿੱਚ ਪਹੁੰਚੇ ਲੋਕਾਂ ਨੇ ਆਪਣੀਆਂ ਸਮੱਸਿਆਵਾਂ ਅਤੇ ਸੁਝਾਅ ਵਿਧਾਇਕ ਦੇ ਸਾਹਮਣੇ ਰੱਖੇ। ਵਿਧਾਇਕ ਨੇ ਲੋਕਾਂ ਦੀਆਂ ਮੁਸ਼ਕਲਾਂ ਨੂੰ ਧਿਆਨ ਨਾਲ ਸੁਣਦਿਆਂ ਕਈ ਮਾਮਲਿਆਂ ਦਾ ਮੌਕੇ ’ਤੇ ਹੀ ਨਿਪਟਾਰਾ ਕਰਵਾਇਆ, ਜਦਕਿ ਬਾਕੀ ਮਸਲਿਆਂ ਸਬੰਧੀ ਸਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਜਲਦ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ।ਇਸ ਮੌਕੇ ਵਿਧਾਇਕ ਨਰਿੰਦਰਪਾਲ ਸਿੰਘ ਸਵਨਾ ਨੇ ਕਿਹਾ ਕਿ ਲੋਕਾਂ ਦੀ ਸੇਵਾ ਕਰਨਾ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਸਮੇਂ ਸਿਰ ਹੱਲ ਕਰਵਾਉਣਾ ਸਰਕਾਰ ਦੀਆਂ ਮੁੱਖ ਤਰਜੀਹਾਂ ਵਿੱਚ ਸ਼ਾਮਲ ਹੈ। ਉਨ੍ਹਾਂ ਕਿਹਾ ਕਿ ਲੋਕਾਂ ਵੱਲੋਂ ਦਿੱਤੇ ਸੁਝਾਅ ਅਤੇ ਸਹਿਯੋਗ ਹਲਕੇ ਦੇ ਵਿਕਾਸ ਲਈ ਮਹੱਤਵਪੂਰਨ ਹਨ। ਉਨ੍ਹਾਂ ਭਰੋਸਾ ਦਿੱਤਾ ਕਿ ਲੋਕ ਭਲਾਈ ਅਤੇ ਵਿਕਾਸ ਨਾਲ ਜੁੜੇ ਕੰਮਾਂ ਨੂੰ ਲਗਾਤਾਰ ਅੱਗੇ ਵਧਾਇਆ ਜਾਵੇਗਾ।ਵਿਧਾਇਕ ਨੇ ਕਿਹਾ ਕਿ ਹਲਕੇ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਵਿੱਚ ਕਿਸੇ ਕਿਸਮ ਦੀ ਰੁਕਾਵਟ ਨਹੀਂ ਆਉਣ ਦਿੱਤੀ ਜਾਵੇਗੀ। ਪਿੰਡਾਂ ਦੇ ਮੁੱਖ ਮਸਲਿਆਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕਰਨ ਲਈ ਸਬੰਧਿਤ ਵਿਭਾਗਾਂ ਨਾਲ ਲਗਾਤਾਰ ਤਾਲਮੇਲ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਹਲਕੇ ਵਿੱਚ ਕਈ ਲਿੰਕ ਸੜਕਾਂ ਦੀ ਰੀ-ਕਾਰਪੇਟਿੰਗ ਦੇ ਪ੍ਰਾਜੈਕਟ ਮੁਕੰਮਲ ਹੋ ਚੁੱਕੇ ਹਨ ਅਤੇ ਬਾਕੀ ਸੜਕਾਂ ਨੂੰ ਵੀ ਬਿਹਤਰ ਬਣਾਉਣ ਲਈ ਯਤਨ ਜਾਰੀ ਹਨ।ਸਵਨਾ ਨੇ ਦੱਸਿਆ ਕਿ ਪਿੰਡਾਂ ਵਿੱਚ ਨਹਿਰੀ ਪਾਣੀ ਦੀ ਸਪਲਾਈ ਨੂੰ ਹੋਰ ਮਜ਼ਬੂਤ ਅਤੇ ਯਕੀਨੀ ਬਣਾਉਣ ਲਈ ਵੀ ਕਈ ਯੋਜਨਾਵਾਂ ’ਤੇ ਕੰਮ ਕੀਤਾ ਜਾ ਰਿਹਾ ਹੈ। ਇਸ ਦੇ ਨਾਲ ਪਿੰਡ ਪੱਧਰ ’ਤੇ ਜਿੰਮ, ਬੱਚਿਆਂ ਲਈ ਖੇਡ ਮੈਦਾਨ ਅਤੇ ਆਮ ਆਦਮੀ ਕਲੀਨਿਕ ਵਰਗੀਆਂ ਸਹੂਲਤਾਂ ਵਿਕਸਤ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਆਮ ਆਦਮੀ ਕਲੀਨਿਕਾਂ ਰਾਹੀਂ ਲੋਕਾਂ ਨੂੰ ਮੁਫ਼ਤ ਦਵਾਈਆਂ ਅਤੇ ਵੱਖ-ਵੱਖ ਮੈਡੀਕਲ ਟੈਸਟਾਂ ਦੀ ਸਹੂਲਤ ਮੁਹੱਈਆ ਕਰਵਾਈ ਜਾ ਰਹੀ ਹੈ।ਵਿਧਾਇਕ ਨੇ ਕਿਹਾ ਕਿ ਲੋਕਾਂ ਨਾਲ ਸਿੱਧਾ ਸੰਪਰਕ ਬਣਾਈ ਰੱਖਦਿਆਂ ਉਨ੍ਹਾਂ ਦੀਆਂ ਸਮੱਸਿਆਵਾਂ ਸੁਣਨ ਅਤੇ ਹੱਲ ਕਰਨ ਦੀ ਪ੍ਰਕਿਰਿਆ ਅੱਗੇ ਵੀ ਜਾਰੀ ਰਹੇਗੀ। ਉਨ੍ਹਾਂ ਭਰੋਸਾ ਦਿੱਤਾ ਕਿ ਫਾਜ਼ਿਲਕਾ ਹਲਕੇ ਦੇ ਵਿਕਾਸ ਅਤੇ ਲੋਕਾਂ ਦੀਆਂ ਬੁਨਿਆਦੀ ਸਹੂਲਤਾਂ ਨੂੰ ਪਹਿਲ ਦੇ ਆਧਾਰ ’ਤੇ ਯਕੀਨੀ ਬਣਾਉਣ ਲਈ ਲਗਾਤਾਰ ਕੰਮ ਕੀਤਾ ਜਾਵੇਗਾ।
ਹਿੰਦੂਸਥਾਨ ਸਮਾਚਾਰ / GURSHARAN SINGH