
ਮਾਨਸਾ, 08 ਸਤੰਬਰ (ਹਿੰ.ਸ.)| ਪੰਜਾਬ ਪੁਲਿਸ ਵੱਲੋਂ ਚਲਾਏ ਜਾ ਰਹੇ ‘ਆਪਰੇਸ਼ਨ ਪ੍ਰਹਾਰ’ ਤਹਿਤ ਮਾਨਸਾ ਪੁਲਿਸ ਨੇ ਵੱਡੀ ਕਾਰਵਾਈ ਕਰਦਿਆਂ ਅਰਸ਼ ਡੱਲਾ ਗੈਂਗ ਨਾਲ ਕਥਿਤ ਤੌਰ ’ਤੇ ਜੁੜੇ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਮੁਲਜ਼ਮਾਂ ਦੇ ਕਬਜ਼ੇ ਵਿੱਚੋਂ .32 ਬੋਰ ਦੇ ਚਾਰ ਪਿਸਤੌਲ, .315 ਬੋਰ ਦਾ ਇੱਕ ਦੇਸੀ ਕੱਟਾ ਅਤੇ 13 ਜ਼ਿੰਦਾ ਕਾਰਤੂਸ ਬਰਾਮਦ ਕਰਨ ਦਾ ਦਾਅਵਾ ਕੀਤਾ ਹੈ। ਦੋਵਾਂ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
ਐਸਐਸਪੀ ਵੈਭਵ ਚੌਧਰੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸੀਆਈਏ ਸਟਾਫ਼ ਦੀ ਟੀਮ ਵੱਲੋਂ ਨਾਕਾਬੰਦੀ ਦੌਰਾਨ ਦੋ ਸ਼ੱਕੀ ਨੌਜਵਾਨਾਂ ਨੂੰ ਕਾਬੂ ਕੀਤਾ ਗਿਆ। ਪੁੱਛਗਿੱਛ ਦੌਰਾਨ ਉਨ੍ਹਾਂ ਦੀ ਪਛਾਣ ਮਾਨਸਾ ਵਾਸੀ ਅੰਮ੍ਰਿਤਪਾਲ ਸਿੰਘ ਅਤੇ ਪਿੰਡ ਮੂਸਾ ਵਾਸੀ ਕੁਲਦੀਪ ਸਿੰਘ ਵਜੋਂ ਹੋਈ। ਪੁਲਿਸ ਜਾਂਚ ਦੌਰਾਨ ਸਾਹਮਣੇ ਆਇਆ ਕਿ ਦੋਵੇਂ ਮੁਲਜ਼ਮ ਕਥਿਤ ਤੌਰ ’ਤੇ ਅਰਸ਼ ਡੱਲਾ ਗੈਂਗ ਨਾਲ ਜੁੜੇ ਹੋਏ ਹਨ।
ਪੁਲਿਸ ਮੁਤਾਬਕ ਦੋਵੇਂ ਮੁਲਜ਼ਮ ਕਿਸੇ ਵੱਡੀ ਅਪਰਾਧਿਕ ਵਾਰਦਾਤ ਨੂੰ ਅੰਜਾਮ ਦੇਣ ਦੀ ਤਿਆਰੀ ਵਿੱਚ ਸਨ। ਹਾਲਾਂਕਿ ਪੁਲਿਸ ਨੇ ਸਮੇਂ ਸਿਰ ਕਾਰਵਾਈ ਕਰਦਿਆਂ ਉਨ੍ਹਾਂ ਨੂੰ ਕਾਬੂ ਕਰ ਲਿਆ ਅਤੇ ਕਥਿਤ ਯੋਜਨਾ ਨੂੰ ਨਾਕਾਮ ਕਰ ਦਿੱਤਾ। ਤਲਾਸ਼ੀ ਦੌਰਾਨ ਮੁਲਜ਼ਮਾਂ ਕੋਲੋਂ ਵੱਡੀ ਗਿਣਤੀ ਵਿੱਚ ਨਾਜਾਇਜ਼ ਹਥਿਆਰ ਅਤੇ ਜ਼ਿੰਦਾ ਕਾਰਤੂਸ ਬਰਾਮਦ ਕੀਤੇ ਗਏ।
ਐਸਐਸਪੀ ਵੈਭਵ ਚੌਧਰੀ ਨੇ ਦੱਸਿਆ ਕਿ ਦੋਵੇਂ ਮੁਲਜ਼ਮਾਂ ਖ਼ਿਲਾਫ਼ ਪਹਿਲਾਂ ਵੀ ਨਸ਼ਾ ਤਸਕਰੀ, ਲੁੱਟ-ਖੋਹ ਅਤੇ ਆਰਮਜ਼ ਐਕਟ ਸਮੇਤ ਵੱਖ-ਵੱਖ ਧਾਰਾਵਾਂ ਤਹਿਤ ਮਾਮਲੇ ਦਰਜ ਹਨ। ਉਨ੍ਹਾਂ ਕਿਹਾ ਕਿ ਸਮਾਜ ਵਿੱਚ ਡਰ ਅਤੇ ਹਿੰਸਾ ਦਾ ਮਾਹੌਲ ਪੈਦਾ ਕਰਨ ਵਾਲੇ ਅਪਰਾਧੀਆਂ ਖ਼ਿਲਾਫ਼ ਪੁਲਿਸ ਦੀ ਸਖ਼ਤ ਕਾਰਵਾਈ ਲਗਾਤਾਰ ਜਾਰੀ ਰਹੇਗੀ। ਉਨ੍ਹਾਂ ਸਪੱਸ਼ਟ ਕੀਤਾ ਕਿ ਕਿਸੇ ਵੀ ਅਪਰਾਧੀ ਨੂੰ ਬਖ਼ਸ਼ਿਆ ਨਹੀਂ ਜਾਵੇਗਾ।
ਹਿੰਦੂਸਥਾਨ ਸਮਾਚਾਰ / GURSHARAN SINGH