
ਚੰਡੀਗੜ੍ਹ, 08 ਸਤੰਬਰ (ਹਿੰ.ਸ.)| ਪੰਜਾਬ ਸਰਕਾਰ ਵੱਲੋਂ ਬਾਲ ਭਿਖਿਆ ਵਰਗੀ ਸਮਾਜਿਕ ਬੁਰਾਈ ਨੂੰ ਜੜ੍ਹੋਂ ਖ਼ਤਮ ਕਰਨ ਅਤੇ ਬੱਚਿਆਂ ਦੇ ਬਚਪਨ ਨੂੰ ਸੁਰੱਖਿਅਤ ਬਣਾਉਣ ਲਈ ਪ੍ਰੋਜੈਕਟ ‘ਜੀਵਨਜੋਤ’ ਤਹਿਤ ਸੂਬੇ ਭਰ ਵਿੱਚ ਵਿਸ਼ੇਸ਼ ਮੁਹਿੰਮ ਨੂੰ ਹੋਰ ਤੇਜ਼ ਕੀਤਾ ਗਿਆ ਹੈ। ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਜ਼ਿਲ੍ਹਾ ਪੱਧਰੀ ਟਾਸਕ ਫੋਰਸਾਂ ਰਾਹੀਂ ਬਾਲ ਭਿਖਿਆ ਵਿੱਚ ਸ਼ਾਮਲ ਬੱਚਿਆਂ ਨੂੰ ਰੈਸਕਿਊ ਕਰਕੇ ਉਨ੍ਹਾਂ ਨੂੰ ਸੁਰੱਖਿਅਤ ਮਾਹੌਲ ਅਤੇ ਸਿੱਖਿਆ ਨਾਲ ਜੋੜਨ ਲਈ ਕਾਰਵਾਈ ਕੀਤੀ ਜਾ ਰਹੀ ਹੈ।
ਡਾ. ਬਲਜੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਉਦੇਸ਼ ਹਰ ਬੱਚੇ ਨੂੰ ਭਿਖਿਆ, ਸ਼ੋਸ਼ਣ ਅਤੇ ਅਸੁਰੱਖਿਆ ਤੋਂ ਮੁਕਤ ਕਰਕੇ ਉਸ ਨੂੰ ਸੁਰੱਖਿਆ, ਸਿੱਖਿਆ ਅਤੇ ਸਨਮਾਨ ਨਾਲ ਭਰਪੂਰ ਜੀਵਨ ਮੁਹੱਈਆ ਕਰਵਾਉਣਾ ਹੈ।
ਮੰਤਰੀ ਮੁਤਾਬਕ ਪਿਛਲੇ ਦਿਨਾਂ ਦੌਰਾਨ ਚਲਾਈ ਗਈ ਵਿਸ਼ੇਸ਼ ਮੁਹਿੰਮ ਵਿੱਚ ਦਿਨ ਅਤੇ ਸ਼ਾਮ ਦੇ ਵੱਖ-ਵੱਖ ਸਮਿਆਂ 'ਤੇ ਸੂਬੇ ਦੇ 195 ਹਾਟਸਪਾਟਾਂ 'ਤੇ 82 ਵਿਸ਼ੇਸ਼ ਰੇਡ ਕੀਤੇ ਗਏ। ਇਨ੍ਹਾਂ ਕਾਰਵਾਈਆਂ ਦੌਰਾਨ 39 ਬੱਚਿਆਂ ਨੂੰ ਬਾਲ ਭਿਖਿਆ ਵਿੱਚੋਂ ਰੈਸਕਿਊ ਕਰਕੇ ਸਬੰਧਤ ਬਾਲ ਭਲਾਈ ਕਮੇਟੀਆਂ ਦੇ ਸਾਹਮਣੇ ਪੇਸ਼ ਕੀਤਾ ਗਿਆ।
ਦਸਤਾਵੇਜ਼ਾਂ ਅਤੇ ਪਰਿਵਾਰਕ ਪਛਾਣ ਦੀ ਤਸਦੀਕ ਤੋਂ ਬਾਅਦ 27 ਬੱਚਿਆਂ ਨੂੰ ਉਨ੍ਹਾਂ ਦੇ ਮਾਪਿਆਂ ਦੇ ਹਵਾਲੇ ਕਰ ਦਿੱਤਾ ਗਿਆ। ਜਦਕਿ ਬਾਕੀ 12 ਬੱਚਿਆਂ ਨੂੰ ਫਿਲਹਾਲ ਬਾਲ ਘਰਾਂ ਵਿੱਚ ਸੁਰੱਖਿਅਤ ਰੱਖਿਆ ਗਿਆ ਹੈ। ਇਨ੍ਹਾਂ ਬੱਚਿਆਂ ਨੂੰ ਪਰਿਵਾਰ ਨਾਲ ਰਿਸ਼ਤੇ ਦੀ ਪੂਰੀ ਪੁਸ਼ਟੀ ਹੋਣ ਤੋਂ ਬਾਅਦ ਹੀ ਸੌਂਪਿਆ ਜਾਵੇਗਾ।
ਰੈਸਕਿਊ ਕੀਤੇ ਬੱਚਿਆਂ ਨੂੰ ਮੁੜ ਸਮਾਜ ਦੀ ਮੁੱਖ ਧਾਰਾ ਨਾਲ ਜੋੜਨ ਲਈ ਵੀ ਤੁਰੰਤ ਕਦਮ ਚੁੱਕੇ ਗਏ ਹਨ। 6 ਬੱਚਿਆਂ ਦੇ ਸਕੂਲਾਂ ਵਿੱਚ ਦਾਖਲੇ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਗਈ ਹੈ, ਜਦਕਿ ਹੋਰ 6 ਬੱਚਿਆਂ ਨੂੰ ਆਂਗਣਵਾੜੀ ਕੇਂਦਰਾਂ ਨਾਲ ਜੋੜਨ ਲਈ ਕਾਰਵਾਈ ਜਾਰੀ ਹੈ। ਇਸ ਰਾਹੀਂ ਬੱਚਿਆਂ ਨੂੰ ਪੋਸ਼ਣ, ਮੁੱਢਲੀ ਸਿੱਖਿਆ ਅਤੇ ਸਰਵਪੱਖੀ ਵਿਕਾਸ ਦੇ ਮੌਕੇ ਮਿਲਣਗੇ।
ਮੁਹਿੰਮ ਦੌਰਾਨ ਸਭ ਤੋਂ ਵੱਧ 10 ਬੱਚੇ ਤਰਨ ਤਾਰਨ, 9 ਅੰਮ੍ਰਿਤਸਰ, 7 ਲੁਧਿਆਣਾ ਅਤੇ 5 ਐਸ.ਏ.ਐਸ. ਨਗਰ ਤੋਂ ਰੈਸਕਿਊ ਕੀਤੇ ਗਏ।
ਡਾ. ਬਲਜੀਤ ਕੌਰ ਨੇ ਕਿਹਾ ਕਿ ਕਿਸੇ ਵੀ ਬੱਚੇ ਦਾ ਸਥਾਨ ਸੜਕ 'ਤੇ ਨਹੀਂ, ਸਗੋਂ ਸਕੂਲ, ਆਂਗਣਵਾੜੀ ਅਤੇ ਪਰਿਵਾਰ ਦੇ ਸੁਰੱਖਿਅਤ ਮਾਹੌਲ ਵਿੱਚ ਹੈ। ਉਨ੍ਹਾਂ ਕਿਹਾ ਕਿ ਬਾਲ ਭਿਖਿਆ ਨੂੰ ਖ਼ਤਮ ਕਰਨ ਲਈ ਅਜਿਹੀਆਂ ਮੁਹਿੰਮਾਂ ਭਵਿੱਖ ਵਿੱਚ ਵੀ ਲਗਾਤਾਰ ਜਾਰੀ ਰਹਿਣਗੀਆਂ।
ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਕੋਈ ਬੱਚਾ ਭਿਖਿਆ ਮੰਗਦਾ ਜਾਂ ਕਿਸੇ ਅਸੁਰੱਖਿਅਤ ਸਥਿਤੀ ਵਿੱਚ ਨਜ਼ਰ ਆਵੇ ਤਾਂ ਤੁਰੰਤ ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ, ਬਾਲ ਭਲਾਈ ਕਮੇਟੀ ਜਾਂ ਚਾਈਲਡ ਹੈਲਪਲਾਈਨ 1098 'ਤੇ ਸੂਚਨਾ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਲੋਕਾਂ ਦੀ ਇੱਕ ਸੂਚਨਾ ਕਿਸੇ ਬੱਚੇ ਦਾ ਬਚਪਨ ਬਚਾਉਣ ਦੇ ਨਾਲ ਉਸ ਦੇ ਭਵਿੱਖ ਨੂੰ ਨਵੀਂ ਦਿਸ਼ਾ ਦੇ ਸਕਦੀ ਹੈ।
ਹਿੰਦੂਸਥਾਨ ਸਮਾਚਾਰ / GURSHARAN SINGH