
ਫਾਜ਼ਿਲਕਾ, 08 ਸਤੰਬਰ (ਹਿੰ.ਸ.)| ਫਾਜ਼ਿਲਕਾ ਵਿੱਚ ‘ਸਖੀ ਸਨਮਾਨ ਸਮਾਰੋਹ’ ਉਤਸ਼ਾਹ ਅਤੇ ਧੂਮ-ਧਾਮ ਨਾਲ ਕਰਵਾਇਆ ਗਿਆ। ਸਮਾਗਮ ਵਿੱਚ ਹਲਕਾ ਫਾਜ਼ਿਲਕਾ ਤੋਂ ਵੱਡੀ ਗਿਣਤੀ ਵਿੱਚ ਮਹਿਲਾਵਾਂ ਨੇ ਸ਼ਮੂਲੀਅਤ ਕੀਤੀ। ਇਹ ਸਮਾਗਮ ਫਾਜ਼ਿਲਕਾ ਦੇ ਵਿਧਾਇਕ ਨਰਿੰਦਰਪਾਲ ਸਿੰਘ ਸਵਨਾ ਅਤੇ ਉਨ੍ਹਾਂ ਦੀ ਧਰਮਪਤਨੀ ਖੁਸ਼ਬੂ ਸਾਵਨਸੁੱਖਾ ਸਵਨਾ ਦੀ ਅਗਵਾਈ ਹੇਠ ਆਯੋਜਿਤ ਕੀਤਾ ਗਿਆ।
ਸਮਾਗਮ ਦੌਰਾਨ ‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਲਈ ਰਜਿਸਟ੍ਰੇਸ਼ਨ ਪ੍ਰਕਿਰਿਆ ਵਿੱਚ ਸਹਿਯੋਗ ਕਰਨ ਵਾਲੀਆਂ ਸਖੀਆਂ ਨੂੰ ਸਨਮਾਨਿਤ ਕੀਤਾ ਗਿਆ। ਇਸ ਮੌਕੇ ਬੁਲਾਰਿਆਂ ਨੇ ਮਹਿਲਾਵਾਂ ਦੇ ਸਮਾਜਿਕ ਅਤੇ ਆਰਥਿਕ ਸਸ਼ਕਤੀਕਰਨ ਦੀ ਲੋੜ ’ਤੇ ਜ਼ੋਰ ਦਿੱਤਾ ਅਤੇ ਕਿਹਾ ਕਿ ਮਹਿਲਾਵਾਂ ਨੂੰ ਉਨ੍ਹਾਂ ਦੇ ਹੱਕਾਂ ਅਤੇ ਸਰਕਾਰੀ ਯੋਜਨਾਵਾਂ ਬਾਰੇ ਜਾਗਰੂਕ ਕਰਨਾ ਸਮੇਂ ਦੀ ਲੋੜ ਹੈ।
ਵਿਧਾਇਕ ਨਰਿੰਦਰਪਾਲ ਸਿੰਘ ਸਵਨਾ ਨੇ ਕਿਹਾ ਕਿ ਔਰਤਾਂ ਸਮਾਜ ਦੀ ਮਜ਼ਬੂਤ ਨੀਂਹ ਹਨ ਅਤੇ ਉਨ੍ਹਾਂ ਦੇ ਸਨਮਾਨ ਤੇ ਤਰੱਕੀ ਤੋਂ ਬਿਨਾਂ ਸਮਾਜ ਦਾ ਸੰਪੂਰਨ ਵਿਕਾਸ ਸੰਭਵ ਨਹੀਂ। ਉਨ੍ਹਾਂ ਸਰਕਾਰ ਵੱਲੋਂ ਮਹਿਲਾਵਾਂ ਦੀ ਭਲਾਈ ਲਈ ਚਲਾਈ ਜਾ ਰਹੀ ‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਦਾ ਜ਼ਿਕਰ ਕਰਦਿਆਂ ਕਿਹਾ ਕਿ ਇਸ ਤਹਿਤ ਜਨਰਲ ਵਰਗ ਦੀਆਂ ਮਹਿਲਾਵਾਂ ਨੂੰ 1000 ਰੁਪਏ ਅਤੇ ਐਸਸੀ ਵਰਗ ਦੀਆਂ ਮਹਿਲਾਵਾਂ ਨੂੰ 1500 ਰੁਪਏ ਪ੍ਰਤੀ ਮਹੀਨਾ ਦਿੱਤੇ ਜਾਣ ਦੀ ਵਿਵਸਥਾ ਹੈ।
ਇਸ ਮੌਕੇ ਖੁਸ਼ਬੂ ਸਾਵਨਸੁੱਖਾ ਸਵਨਾ ਨੇ ਸਮਾਗਮ ਵਿੱਚ ਪਹੁੰਚੀਆਂ ਸਾਰੀਆਂ ਮਹਿਲਾਵਾਂ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਅੱਜ ਦੀ ਮਹਿਲਾ ਹਰ ਖੇਤਰ ਵਿੱਚ ਮਰਦਾਂ ਦੇ ਬਰਾਬਰ ਮੋਢੇ ਨਾਲ ਮੋਢਾ ਜੋੜ ਕੇ ਅੱਗੇ ਵੱਧ ਰਹੀ ਹੈ। ਉਨ੍ਹਾਂ ਮਹਿਲਾਵਾਂ ਨੂੰ ਆਪਣੇ ਹੱਕਾਂ ਪ੍ਰਤੀ ਜਾਗਰੂਕ ਹੋਣ ਅਤੇ ਸਰਕਾਰੀ ਯੋਜਨਾਵਾਂ ਦਾ ਲਾਭ ਲੈਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਪੰਜਾਬ ਵਿੱਚ ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਸ਼ੁਰੂ ਕਰਕੇ ਮਹਿਲਾਵਾਂ ਦੇ ਸਨਮਾਨ ਅਤੇ ਭਲਾਈ ਵੱਲ ਕਦਮ ਚੁੱਕਿਆ ਗਿਆ ਹੈ। ਸਮਾਗਮ ਵਿੱਚ ਇਲਾਕੇ ਦੀਆਂ ਪਤਵੰਤੀਆਂ ਸ਼ਖ਼ਸੀਅਤਾਂ, ਪਾਰਟੀ ਵਰਕਰਾਂ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਮਹਿਲਾ ਵਿੰਗ ਦੀਆਂ ਆਗੂਆਂ ਅਤੇ ਵਰਕਰਾਂ ਨੇ ਸ਼ਮੂਲੀਅਤ ਕੀਤੀ।
ਹਿੰਦੂਸਥਾਨ ਸਮਾਚਾਰ / GURSHARAN SINGH