
ਸੁਲਤਾਨਪੁਰ ਲੋਧੀ, 08 ਸਤੰਬਰ (ਹਿੰ.ਸ.)| ਸੁਲਤਾਨਪੁਰ ਲੋਧੀ ਪੁਲਿਸ ਨੇ ਨਸ਼ਾ ਤਸਕਰੀ ਖ਼ਿਲਾਫ਼ ਕਾਰਵਾਈ ਕਰਦਿਆਂ ਇੱਕ ਨੌਜਵਾਨ ਨੂੰ ਕਾਬੂ ਕਰਕੇ ਉਸ ਦੇ ਕਬਜ਼ੇ ਵਿੱਚੋਂ 30.12 ਗ੍ਰਾਮ ਹੈਰੋਇਨ, 35 ਨਸ਼ੀਲੀਆਂ ਗੋਲੀਆਂ ਅਤੇ 1700 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ। ਪੁਲਿਸ ਨੇ ਮੁਲਜ਼ਮ ਖ਼ਿਲਾਫ਼ ਐਨ.ਡੀ.ਪੀ.ਐਸ. ਐਕਟ ਤਹਿਤ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਥਾਣਾ ਇੰਚਾਰਜ ਦਵਿੰਦਰਪਾਲ ਨੇ ਦੱਸਿਆ ਕਿ ਐਸ.ਆਈ. ਬਲਵਿੰਦਰ ਸਿੰਘ ਪੁਲਿਸ ਟੀਮ ਸਮੇਤ ਸੋਮਵਾਰ ਨੂੰ ਇਲਾਕੇ ਵਿੱਚ ਗਸ਼ਤ ਕਰ ਰਹੇ ਸਨ। ਇਸ ਦੌਰਾਨ ਪੁਲਿਸ ਟੀਮ ਨਸ਼ਾ ਤਸਕਰਾਂ ਦੀ ਭਾਲ ਵਿੱਚ ਸੀ। ਗਸ਼ਤ ਦੌਰਾਨ ਇੱਕ ਨੌਜਵਾਨ ਪੁਲਿਸ ਪਾਰਟੀ ਨੂੰ ਦੇਖ ਕੇ ਘਬਰਾ ਗਿਆ ਅਤੇ ਅਚਾਨਕ ਪਿੱਛੇ ਮੁੜ ਕੇ ਤੇਜ਼ੀ ਨਾਲ ਭੱਜਣ ਦੀ ਕੋਸ਼ਿਸ਼ ਕਰਨ ਲੱਗਾ।
ਪੁਲਿਸ ਮੁਲਾਜ਼ਮਾਂ ਨੇ ਉਸ ਦੀਆਂ ਸ਼ੱਕੀ ਹਰਕਤਾਂ ਨੂੰ ਦੇਖਦਿਆਂ ਪਿੱਛਾ ਕਰਕੇ ਉਸ ਨੂੰ ਕਾਬੂ ਕਰ ਲਿਆ। ਮੁੱਢਲੀ ਪੁੱਛਗਿੱਛ ਦੌਰਾਨ ਨੌਜਵਾਨ ਦੀ ਪਛਾਣ ਲਵਪ੍ਰੀਤ ਸਿੰਘ ਉਰਫ਼ ਬਿੱਲਾ ਵਾਸੀ ਪਿੰਡ ਸੈਚਾ ਵਜੋਂ ਹੋਈ।
ਪੁਲਿਸ ਟੀਮ ਵੱਲੋਂ ਮੁਲਜ਼ਮ ਦੀ ਤਲਾਸ਼ੀ ਲੈਣ ’ਤੇ ਉਸ ਦੇ ਕਬਜ਼ੇ ਵਿੱਚੋਂ 30.12 ਗ੍ਰਾਮ ਹੈਰੋਇਨ, 35 ਨਸ਼ੀਲੀਆਂ ਗੋਲੀਆਂ ਅਤੇ 1700 ਰੁਪਏ ਦੀ ਡਰੱਗ ਮਨੀ ਬਰਾਮਦ ਹੋਈ। ਇਸ ਤੋਂ ਬਾਅਦ ਪੁਲਿਸ ਨੇ ਨਸ਼ੀਲੇ ਪਦਾਰਥ ਆਪਣੇ ਕਬਜ਼ੇ ਵਿੱਚ ਲੈ ਕੇ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ।
ਪੁਲਿਸ ਅਨੁਸਾਰ ਲਵਪ੍ਰੀਤ ਸਿੰਘ ਖ਼ਿਲਾਫ਼ ਐਨ.ਡੀ.ਪੀ.ਐਸ. ਐਕਟ ਤਹਿਤ ਕੇਸ ਦਰਜ ਕੀਤਾ ਗਿਆ ਹੈ। ਮੁਲਜ਼ਮ ਤੋਂ ਪੁੱਛਗਿੱਛ ਜਾਰੀ ਹੈ। ਜਾਂਚ ਦੌਰਾਨ ਇਹ ਪਤਾ ਲਗਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਕਿ ਉਹ ਹੈਰੋਇਨ ਅਤੇ ਨਸ਼ੀਲੀਆਂ ਗੋਲੀਆਂ ਕਿੱਥੋਂ ਲੈ ਕੇ ਆਇਆ ਸੀ ਅਤੇ ਇਨ੍ਹਾਂ ਦੀ ਅੱਗੇ ਕਿਨ੍ਹਾਂ ਵਿਅਕਤੀਆਂ ਨੂੰ ਸਪਲਾਈ ਕੀਤੀ ਜਾਣੀ ਸੀ। ਪੁਲਿਸ ਅਧਿਕਾਰੀਆਂ ਨੇ ਕਿਹਾ ਕਿ ਨਸ਼ਿਆਂ ਦੀ ਤਸਕਰੀ ਕਰਨ ਵਾਲੇ ਵਿਅਕਤੀਆਂ ਖ਼ਿਲਾਫ਼ ਕਾਰਵਾਈ ਲਗਾਤਾਰ ਜਾਰੀ ਰਹੇਗੀ।
ਹਿੰਦੂਸਥਾਨ ਸਮਾਚਾਰ / GURSHARAN SINGH