
ਸੁਲਤਾਨਪੁਰ ਲੋਧੀ, 08 ਸਤੰਬਰ (ਹਿੰ.ਸ.)| ਪਰਿਵਾਰ ਦੇ ਸੁਨਹਿਰੀ ਭਵਿੱਖ ਦੀ ਆਸ ਵਿੱਚ ਵਿਦੇਸ਼ ਜਾ ਕੇ ਮਿਹਨਤ-ਮਜ਼ਦੂਰੀ ਕਰਨ ਵਾਲੇ ਤਲਵੰਡੀ ਚੌਧਰੀਆਂ ਦੇ ਇੱਕ ਵਿਅਕਤੀ ਦੀ ਆਬੂਧਾਬੀ ਵਿੱਚ ਮੌਤ ਹੋਣ ਦਾ ਦੁਖਦਾਈ ਸਮਾਚਾਰ ਪ੍ਰਾਪਤ ਹੋਇਆ ਹੈ। ਮ੍ਰਿਤਕ ਦੀ ਪਛਾਣ ਸੁੱਖਾ ਪੁੱਤਰ ਬਾਵਾ, ਉਮਰ ਕਰੀਬ 55 ਸਾਲ ਵਜੋਂ ਹੋਈ ਹੈ। ਉਹ ਲਗਭਗ 14 ਮਹੀਨੇ ਪਹਿਲਾਂ ਰੋਜ਼ੀ-ਰੋਟੀ ਕਮਾਉਣ ਲਈ ਆਬੂਧਾਬੀ ਗਿਆ ਸੀ।
ਪਰਿਵਾਰਕ ਮੈਂਬਰਾਂ ਅਨੁਸਾਰ ਬੀਤੀ ਰਾਤ ਸੁੱਖਾ ਰੋਜ਼ਾਨਾ ਦੀ ਤਰ੍ਹਾਂ ਕੰਮ ਤੋਂ ਵਾਪਸ ਆਪਣੇ ਕਮਰੇ ਵਿੱਚ ਆਇਆ ਅਤੇ ਖਾਣਾ ਖਾਣ ਤੋਂ ਬਾਅਦ ਬੈੱਡ ’ਤੇ ਲੇਟ ਗਿਆ। ਇਸ ਦੌਰਾਨ ਉਸ ਨੇ ਆਪਣੇ ਕੁਝ ਭੈਣ-ਭਰਾਵਾਂ ਨਾਲ ਫੋਨ ’ਤੇ ਗੱਲਬਾਤ ਵੀ ਕੀਤੀ। ਇਸ ਤੋਂ ਕੁਝ ਸਮੇਂ ਬਾਅਦ ਉਸ ਦੀ ਤਬੀਅਤ ਅਚਾਨਕ ਵਿਗੜ ਗਈ ਅਤੇ ਉਹ ਬੇਹੋਸ਼ ਜਿਹਾ ਹੋ ਗਿਆ।
ਕਮਰੇ ਵਿੱਚ ਉਸ ਦੇ ਨਾਲ ਰਹਿੰਦੇ ਵਿਅਕਤੀਆਂ ਨੇ ਤੁਰੰਤ ਐਂਬੂਲੈਂਸ ਬੁਲਾਈ ਅਤੇ ਉਸ ਨੂੰ ਨੇੜਲੇ ਹਸਪਤਾਲ ਪਹੁੰਚਾਇਆ ਗਿਆ। ਹਾਲਾਂਕਿ ਡਾਕਟਰਾਂ ਵੱਲੋਂ ਇਲਾਜ ਦੀਆਂ ਕੋਸ਼ਿਸ਼ਾਂ ਦੇ ਬਾਵਜੂਦ ਉਸ ਦੀ ਮੌਤ ਹੋ ਗਈ। ਮੌਤ ਦੇ ਕਾਰਨਾਂ ਬਾਰੇ ਫਿਲਹਾਲ ਕੋਈ ਅਧਿਕਾਰਤ ਜਾਣਕਾਰੀ ਸਾਹਮਣੇ ਨਹੀਂ ਆਈ ਹੈ। ਸੁੱਖਾ ਦੀ ਮ੍ਰਿਤਕ ਦੇਹ ਨੂੰ ਆਬੂਧਾਬੀ ਦੀ ਮੋਰਚਰੀ ਵਿੱਚ ਰੱਖਿਆ ਗਿਆ ਹੈ।
ਸੁੱਖਾ ਦੇ ਪਿਤਾ ਬਾਵਾ ਅਤੇ ਪਤਨੀ ਮਨਜੀਤ ਕੌਰ ਨੇ ਦੱਸਿਆ ਕਿ ਉਹ ਪਰਿਵਾਰ ਦੀ ਰੋਜ਼ੀ-ਰੋਟੀ ਚਲਾਉਣ ਲਈ ਵਿਦੇਸ਼ ਗਿਆ ਸੀ। ਪਰਿਵਾਰ ਦੀ ਆਰਥਿਕ ਹਾਲਤ ਕਮਜ਼ੋਰ ਹੋਣ ਕਾਰਨ ਉਸ ਨੇ ਆਪਣੇ ਪਰਿਵਾਰ ਦੀਆਂ ਜ਼ਰੂਰਤਾਂ ਪੂਰੀਆਂ ਕਰਨ ਲਈ ਆਬੂਧਾਬੀ ਵਿੱਚ ਮਿਹਨਤ-ਮਜ਼ਦੂਰੀ ਕਰਨ ਦਾ ਫੈਸਲਾ ਕੀਤਾ ਸੀ। ਹੁਣ ਉਸ ਦੀ ਮੌਤ ਦੀ ਖ਼ਬਰ ਮਿਲਣ ਤੋਂ ਬਾਅਦ ਪਰਿਵਾਰ ’ਤੇ ਦੁੱਖਾਂ ਦਾ ਪਹਾੜ ਟੁੱਟ ਪਿਆ ਹੈ।
ਪਰਿਵਾਰ ਵੱਲੋਂ ਉਮੀਦ ਜਤਾਈ ਜਾ ਰਹੀ ਹੈ ਕਿ ਸਰਕਾਰ ਅਤੇ ਪ੍ਰਸ਼ਾਸਨ ਵੱਲੋਂ ਮ੍ਰਿਤਕ ਦੀ ਦੇਹ ਨੂੰ ਜਲਦ ਤੋਂ ਜਲਦ ਪਿੰਡ ਲਿਆਉਣ ਲਈ ਹਰ ਸੰਭਵ ਸਹਾਇਤਾ ਮੁਹੱਈਆ ਕਰਵਾਈ ਜਾਵੇਗੀ, ਤਾਂ ਜੋ ਪਰਿਵਾਰ ਆਪਣੇ ਪੁੱਤਰ ਦਾ ਅੰਤਿਮ ਸੰਸਕਾਰ ਆਪਣੇ ਪਿੰਡ ਵਿੱਚ ਕਰ ਸਕੇ।
ਹਿੰਦੂਸਥਾਨ ਸਮਾਚਾਰ / GURSHARAN SINGH