ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਨੇ ਕੈਨੇਡਾ 'ਚੋਂ ਡਿਪੋਰਟ ਕੀਤੇ ਜਾ ਰਹੇ ਵਿਦਿਆਰਥੀਆਂ ਦੇ ਹੱਕ 'ਚ ਮਾਰਿਆ ਹਾਅ ਦਾ ਨਾਅਰਾ
ਮੁਹਾਲੀ, 05 ਜੂਨ (ਹਿ. ਸ.)। ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਨੇ ਕੈਨੇਡਾ 'ਚੋਂ ਡਿਪੋਰਟ ਕੀਤੇ ਜਾ ਰਹੇ 700 ਦੇ ਲਗਭਗ ਵ
ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ 


ਮੁਹਾਲੀ, 05 ਜੂਨ (ਹਿ. ਸ.)। ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਨੇ ਕੈਨੇਡਾ 'ਚੋਂ ਡਿਪੋਰਟ ਕੀਤੇ ਜਾ ਰਹੇ 700 ਦੇ ਲਗਭਗ ਵਿਦਿਆਰਥੀਆਂ ਦੇ ਹੱਕ ਵਿੱਚ ਹਾਅ ਦਾ ਨਾਅਰਾ ਮਾਰਿਆ ਹੈ। ਇਸ ਮਾਮਲੇ ਵਿੱਚ ਡਿਪਟੀ ਮੇਅਰ ਨੇ ਮੁੱਖ ਮੰਤਰੀ ਪੰਜਾਬ, ਐਨ ਆਰ ਆਈ ਮੰਤਰੀ ਪੰਜਾਬ ਤੇ ਵਿਦੇਸ਼ ਮੰਤਰੀ ਭਾਰਤ ਸਰਕਾਰ ਨੂੰ ਪੱਤਰ ਲਿਖ ਕੇ ਇਸ ਮਾਮਲੇ ਵਿਚ ਫੌਰੀ ਤੌਰ ਤੇ ਦਖਲ-ਅੰਦਾਜ਼ੀ ਕਰਨ ਅਤੇ ਵਿਦਿਆਰਥੀਆਂ ਨੂੰ ਡਿਪੋਰਟ ਹੋਣ ਤੋਂ ਬਚਾਉਣ ਲਈ ਕਾਰਵਾਈ ਕਰਨ ਦੀ ਮੰਗ ਕੀਤੀ ਹੈ।

ਜ਼ਿਕਰਯੋਗ ਹੈ ਕਿ ਇਸੇ ਸਾਲ ਮਾਰਚ ਮਹੀਨੇ ਦੇ ਅੱਧ 'ਚ ਕੈਨੇਡਾ ਤੋਂ ਇਕ ਵੱਡੀ ਖ਼ਬਰ ਸਾਹਮਣੇ ਆਈ ਸੀ ਕਿ ਕੈਨੇਡੀਅਨ ਬਾਰਡਰ ਸਕਿਓਰਿਟੀ ਏਜੰਸੀ ਨੇ 700 ਤੋਂ ਵੱਧ ਭਾਰਤੀ ਵਿਦਿਆਰਥੀਆਂ ਨੂੰ ਡਿਪੋਰਟ ਕਰਨ ਦਾ ਨੋਟਿਸ ਜਾਰੀ ਕੀਤਾ ਸੀ। ਵਿਦਿਅਕ ਅਦਾਰਿਆਂ 'ਚ ਦਾਖ਼ਲੇ ਸਬੰਧੀ ਆਫਰ ਲੈਟਰ ਫਰਜ਼ੀ ਪਾਏ ਗਏ ਸਨ। ਇਹ ਮਾਮਲਾ ਲਗਾਤਾਰ ਭਖਦਾ ਜਾ ਰਿਹਾ ਹੈ ਅਤੇ ਡਿਪੋਰਟ ਹੋਣ ਵਾਲੇ ਵਿਦਿਆਰਥੀ ਧਰਨੇ ਪ੍ਰਦਰਸ਼ਨ ਕਰ ਰਹੇ ਹਨ।

ਕੁਲਜੀਤ ਸਿੰਘ ਬੇਦੀ ਨੇ ਕਿਹਾ ਕਿ ਡਿਪੋਰਟ ਹੋਣ ਵਾਲੇ ਵਿਦਿਆਰਥੀਆਂ ਦਾ ਇਸ ਪੂਰੇ ਮਾਮਲੇ ਵਿਚ ਕੋਈ ਕਸੂਰ ਨਹੀਂ ਹੈ। ਉਨ੍ਹਾਂ ਕਿਹਾ ਕਿ 2018 ਤੋਂ 2022 ਦਰਮਿਆਨ ਜਲੰਧਰ ਦੇ ਇਕ ਟਰੈਵਲ ਏਜੰਟ ਨੇ ਕਰੀਬ 700 ਭਾਰਤੀ ਵਿਦਿਆਰਥੀਆਂ ਨੂੰ ਕੈਨੇਡਾ ਦੇ ਇਕ ਪ੍ਰਾਈਵੇਟ ਕਾਲਜ ਦੇ ਆਫਰ ਲੈਟਰ ਦਿਵਾ ਕੇ ਉਨ੍ਹਾਂ ਦੇ ਕੈਨੇਡਾ ਦੇ ਵੀਜ਼ੇ ਲਗਵਾਏ ਦਿੱਤੇ ਤੇ ਹਰੇਕ ਵਿਦਿਆਰਥੀ ਤੋਂ ਲੱਖਾਂ ਰੁਪਏ ਵਸੂਲ ਕੀਤੇ। ਡਿਪਟੀ ਮੇਅਰ ਨੇ ਕਿਹਾ ਕਿ ਇਹਨਾਂ ਵਿੱਚੋਂ ਜ਼ਿਆਦਾਤਰ ਵਿਦਿਆਰਥੀ ਟੋਰਾਂਟੋ ’ਚ ਪੁੱਜੇ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਪ੍ਰਾਪਤ ਜਾਣਕਾਰੀ ਅਨੁਸਾਰ ਉਕਤ ਟਰੈਵਲ ਏਜੰਟ ਨੇ ਸਾਰਿਆਂ ਨਾਲ ਸੰਪਰਕ ਕਰ ਕੇ ਸਭ ਨੂੰ ਇਕੋ ਹੀ ਗੱਲ ਕਹੀ ਕਿ ਜਿਸ ਕਾਲਜ ’ਚ ਉਹ ਜਾ ਰਹੇ ਹਨ, ਉੱਥੋਂ ਦੀਆਂ ਸਾਰੀਆਂ ਸੀਟਾਂ ਫੁੱਲ ਹੋ ਚੁੱਕੀਆਂ ਹਨ ਅਤੇ ਸਭ ਨੂੰ ਅਗਲੇ ਸਮੈਸਟਰ ’ਚ ਸੀਟਾਂ ਦਿਵਾਈਆਂ ਜਾਣਗੀਆਂ। ਉਸ ਨੇ ਵਿਦਿਆਰਥੀਆਂ ਦਾ ਭਰੋਸਾ ਜਿੱਤਣ ਲਈ ਉਨ੍ਹਾਂ ਨੂੰ ਕੁੱਝ ਰਕਮ ਵੀ ਮੋੜ ਦਿੱਤੀ ਤਾਂ ਕਿ ਵਿਦਿਆਰਥੀਆਂ ਦਾ ਉਸ ’ਤੇ ਭਰੋਸਾ ਬਣਿਆ ਰਹੇ।

ਉਨ੍ਹਾਂ ਕਿਹਾ ਕਿ ਕੁੱਝ ਸਮੇਂ ਬਾਅਦ ਟਰੈਵਲ ਏਜੰਟ ਨੇ ਵਿਦਿਆਰਥੀਆਂ ਨੂੰ ਕਿਸੇ ਹੋਰ ਕਾਲਜ ’ਚ ਦਾਖ਼ਲਾ ਲੈਣ ਦੀ ਗੱਲ ਕਹੀ ਅਤੇ ਵਿਦਿਆਰਥੀਆਂ ਨੇ ਹੋਰ ਕਾਲਜਾਂ ’ਚ 2 ਸਾਲਾਂ ਦਾ ਡਿਪਲੋਮਾ ਕੋਰਸ ਕਰਨ ਦਾ ਦਾਖ਼ਲਾ ਲਿਆ। 2 ਸਾਲ ਤੱਕ ਕਾਲਜ ’ਚ ਪੂਰੀ ਪੜ੍ਹਾਈ ਕਰਨ ਤੋਂ ਬਾਅਦ ਉਨ੍ਹਾਂ ਨੇ 1 ਸਾਲ ਵਰਕ ਪਰਮਿਟ ਦੇ ਤਹਿਤ ਉੱਥੇ ਕੰਮ ਵੀ ਕੀਤਾ। ਉਨ੍ਹਾਂ ਕਿਹਾ ਕਿ ਹੁਣ ਇਨ੍ਹਾਂ ਵਿਦਿਆਰਥੀਆਂ ਦੇ ਦਸਤਾਵੇਜ ਅਪਰਾਧੀ ਦੱਸ ਕੇ ਉਨ੍ਹਾਂ ਨੂੰ ਡਿਪੋਰਟ ਕਰਨ ਦੀ ਕਾਰਵਾਈ ਕੀਤੀ ਜਾ ਰਹੀ ਹੈ।

ਉਹਨਾਂ ਭਾਰਤ ਦੇ ਵਿਦੇਸ਼ ਮੰਤਰੀ ਅਤੇ ਪੰਜਾਬ ਦੇ ਐਨ ਆਰ ਆਈ ਮੰਤਰੀ ਨੂੰ ਲਿਖੇ ਆਪਣੇ ਪੱਤਰ ਵਿਚ ਕਿਹਾ ਹੈ ਕਿ ਇਹ ਦੋਵੇਂ ਆਗੂ ਕੈਨੇਡਾ ਸਰਕਾਰ ਨਾਲ ਇਹ ਮਸਲਾ ਪੂਰਜੋਰ ਢੰਗ ਨਾਲ ਉਠਾਉਣ ਅਤੇ ਇਨ੍ਹਾਂ ਵਿਦਿਆਰਥੀਆਂ ਦੀ ਡਿਪੋਰਟੇਸ਼ਨ ਰੋਕ ਰੁਕਵਾਈ ਜਾਵੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਐਨ ਆਰ ਆਈ ਲੋਕਾਂ ਦੀ ਮੱਦਦ ਦੇ ਵੱਡੇ-ਵੱਡੇ ਦਾਅਵੇ ਕਰਦੀ ਹੈ ਇਹ ਵਿਦਿਆਰਥੀ ਵੀ ਐਨ ਆਰ ਆਈ ਹੀ ਹਨ ਜੋ ਲੱਖਾਂ ਰੁਪਏ ਖਰਚ ਕਰਕੇ ਆਪਣੀਆਂ ਜ਼ਮੀਨਾਂ ਜਾਇਦਾਦਾਂ ਵੇਚ ਕੇ ਸੁਨਹਿਰੇ ਭਵਿੱਖ ਦੀ ਤਲਾਸ਼ ਵਿਚ ਕੈਨੇਡਾ ਗਏ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਵਿਦਿਆਰਥੀਆਂ ਦੀ ਮਦਦ ਕਰਨਾ ਭਾਰਤ ਸਰਕਾਰ ਅਤੇ ਪੰਜਾਬ ਸਰਕਾਰ ਦਾ ਫਰਜ ਹੈ। ਉਹਨਾਂ ਕਿਹਾ ਕਿ ਪੰਜਾਬ ਦੇ ਐਨ ਆਰ ਆਈ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਖੁਦ ਕੈਨੇਡਾ ਜਾ ਕੇ ਵਿਦਿਆਰਥੀਆਂ ਨਾਲ ਮੁਲਾਕਾਤ ਕਰਨ ਤੇ ਉਹਨਾਂ ਦੀ ਮਦਦ ਲਈ ਕੈਨੇਡਾ ਸਰਕਾਰ ਨਾਲ ਤਾਲਮੇਲ ਕਰਨ।

ਹਿੰਦੂਸਥਾਨ ਸਮਾਚਾਰ/ਪੀ. ਐਸ. ਮਿੱਠਾ/ਸੰਜੀਵ


 rajesh pande